ਪੰਜਾਬ ਪੁਲਿਸ ਅਧਿਕਾਰੀ15000 ਰਿਸ਼ਵਤ ਲੈਂਦਾ ਚੜਿਆ ਵਿਜੀਲੈਂਸ ਦੇ ਹੱਥੇ

ਚੰਡੀਗੜ/ਰੋਜ਼ਾਨਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਮੋਹਾਲੀ ਦੇ ਥਾਣਾ ਸਦਰ, ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਸੈਕਟਰ 127, ਮੋਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

 

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸੁਮਨ ਲਤਾ ਵਿਰੁੱਧ ਥਾਣਾ ਖਰੜ ਵਿੱਚ ਕੁੱਟਮਾਰ ਸਬੰਧੀ ਮਾਮਲਾ ਦਰਜ ਕਰਵਾਇਆ ਸੀ ਅਤੇ ਇਸ ਕੇਸ ਵਿੱਚ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਸਵੀਰ ਸਿੰਘ ਸੀ। ਜਦੋਂ ਸ਼ਿਕਾਇਤਕਰਤਾ ਨੇ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਤਾਂ ਦੋਸ਼ੀ ਏਐਸਆਈ ਨੇ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ।

 

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

 

ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ

Leave a Reply

Your email address will not be published. Required fields are marked *