ਅਮ੍ਰਿਤਸਰ 10 ਫਰਵਰੀ / ਰੋਜ਼ਾਨਾ ਰਿਪੋਰਟਰ ਨਿਊਜ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ ਮੁਲਜ਼ਮ ਨੂੰ ਆਰਡੀਐਕਸ ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸਮੇਤ ਗ੍ਰਿਫਤਾਰ ਕਰਕੇ ਪਾਕਿਸਤਾਨ ਦੀ ਆਈਐਸਆਈ -ਸਮਰਥਿਤ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਹੁਲ ਕੁਮਾਰ ਉਰਫ਼ ਗੱਜੂ ਵਾਸੀ ਚਮਰੰਗ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਉਹ ਅੰਮ੍ਰਿਤਸਰ ਦੇ ਇੱਕ ਸੈਲੂਨ ਵਿੱਚ ਸਹਾਇਕ ਵਜੋਂ ਕੰਮ ਕਰਦਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਨ ਵਾਲੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਰਾਹੁਲ ਨੇ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਸ਼ਹਿਰ ਦੇ ਬਾਹਰਵਾਰ ਇੱਕ ਨਿਰਧਾਰਤ ਸਥਾਨ ਤੋਂ ਖੇਪ ਪ੍ਰਾਪਤ ਕੀਤੀ ਸੀ।
ਉਨ੍ਹਾਂ ਅੱਗੇ ਕਿਹਾ ਕਿ ਡਿਵਾਈਸ ਨੂੰ ਪੀਵੀਸੀ ਪਾਈਪ ਕੇਸਿੰਗ ਵਿੱਚ ਛੁਪਾਇਆ ਗਿਆ ਸੀ ਤਾਂ ਜੋ ਇਸ ਦਾ ਪਤਾ ਨਾ ਲੱਗ ਸਕੇ। ਡੀਜੀਪੀ ਨੇ ਕਿਹਾ ਕਿ ਆਈਈਡੀ ਦੀ ਡਿਲੀਵਰੀ ਦੇ ਸਰੋਤ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਾਕਿਸਤਾਨ ਤੋਂ ਆਈਈਡੀ ਵਾਲੀ ਖੇਪ ਭੇਜਣ ਬਾਰੇ ਮਿਲੀ ਭਰੋਸੇਯੋਗ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇੱਕ ਆਪਰੇਸ਼ਨ ਚਲਾਇਆ ਅਤੇ ਸ਼ੱਕੀ ਰਾਹੁਲ ਉਰਫ਼ ਗੱਜੂ ਨੂੰ ਆਈਈਡੀ ਸਮੇਤ ਗ੍ਰਿਫ਼ਤਾਰ ਕਰ ਲਿਆ।
ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ 2022 ਵਿੱਚ ਆਪਣੇ ਵਿਦੇਸ਼ੀ ਹੈਂਡਲਰ ਦੇ ਪੰਜਾਬ ਦੌਰੇ ਦੌਰਾਨ ਉਸ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਹ ਏਨਕ੍ਰਿਪਟਡ ਮੋਬਾਈਲ ਐਪਸ ਰਾਹੀਂ ਇੱਕ ਦੂਜੇ ਨਾਲ ਸੰਪਰਕ ਕਰਦੇ ਸਨ। ਉਨ੍ਹਾਂ ਕਿਹਾ ਕਿ ਵਿਦੇਸ਼ੀ ਹੈਂਡਲਰ ਨੇ ਸ਼ੁਰੂ ਵਿੱਚ ਰਾਹੁਲ ਨੂੰ ਕੰਮ ਸੌਂਪਣ ਤੋਂ ਪਹਿਲਾਂ ਉਸਦੇ ਖਰਚਿਆਂ ਲਈ ਛੋਟੀਆਂ-ਛੋਟੀਆਂ ਰਕਮਾਂ ਦੇ ਕੇ ਉਸ ਨੂੰ ਜਾਲ ਵਿੱਚ ਫਸਾਇਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ, ਐਫਆਈਆਰ ਨੰਬਰ 08 ਮਿਤੀ 09.02.2026 ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ 61 (2) ਤਹਿਤ ਦਰਜ ਕੀਤੀ ਗਈ ਹੈ।
