ਦੇਸ਼ ਵਿੱਚ 23 ਮਾਰਚ ਨੂੰ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਇਆ ਜਾਵੇਗਾ ,ਸੰਯੁਕਤ ਕਿਸਾਨ ਮੋਰਚਾ ਭਾਰਤ

ਬਰਨਾਲਾ/15 ਮਾਰਚ 2026/ ਰੋਜ਼ਾਨਾਂ ਰਿਪੋਰਟਰ

ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਸਾਰੇ ਦੇਸ਼ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 23 ਮਾਰਚ ਨੂੰ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਇਆ ਜਾ ਰਿਹਾ ਹੈ।ਇਸੇ ਕੜੀ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਮਨਜੀਤ ਧਨੇਰ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (ਬੁੱਟਰ) ਵੱਲੋਂ ਸਾਂਝੇ ਤੌਰ ਤੇ ਬਰਨਾਲਾ ਵਿਖੇ ਸੂਬਾ ਪੱਧਰੀ “ਸਾਮਰਾਜ ਵਿਰੋਧੀ ਕਾਨਫਰੰਸ” ਕੀਤੀ ਜਾਵੇਗੀ।ਇਹ ਫੈਸਲਾ 14 ਮਾਰਚ ਨੂੰ ਬਰਨਾਲਾ ਦੇ ਤਰਕਸ਼ੀਲ ਭਵਨ ਵਿੱਚ ਇਨ੍ਹਾਂ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ ਅਤੇ ਹਰਭਜਨ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਕੀਤਾ ਗਿਆ।ਮੀਟਿੰਗ ਵਿੱਚ ਕਿਸਾਨ ਆਗੂਆਂ ਤੋਂ ਇਲਾਵਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਲਖਵੀਰ ਸਿੰਘ ਲੌਗੋਵਾਲ , ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜੋਰਾ ਸਿੰਘ ਨਸਰਾਲੀ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਸੁਖਪੁਰਾ, ਸਰਕਾਰੀ ਆਈ ਟੀ ਆਈ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਜਸਵਿੰਦਰ ਸਿੰਘ ਅਤੇ ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਦੇ ਰਾਜੀਵ ਕੁਮਾਰ ਮੌਜੂਦ ਸਨ।ਇਨ੍ਹਾਂ ਮਜ਼ਦੂਰ , ਮੁਲਾਜ਼ਮ ਜਥੇਬੰਦੀਆਂ ਵੱਲੋਂ ਵੀ ਇਸ ਕਾਨਫਰੰਸ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਆਖਿਆ ਕਿ ਕੌਮੀ ਮੁਕਤੀ ਲਹਿਰ ਦੇ ਸ਼ਹੀਦਾਂ ਵੱਲੋਂ ਦੇਸ਼ ਦੇ ਵਿੱਚੋਂ ਸਾਮਰਾਜੀ ਲੁੱਟ ਤੇ ਦਾਬੇ ਸਮੇਤ ਹਰ ਕਿਸਮ ਦੇ ਲੁੱਟ ਜਬਰ ਤੋਂ ਮੁਕਤ ਨਿਜ਼ਾਮ ਸਿਰਜਣ ਦੇ ਲਈ ਆਪਣੀਆਂ ਜਾਨਾਂ ਦੀ ਅਹੂਤੀ ਦਿੱਤੀ ਗਈ ਸੀ ਪਰ ਸ਼ਹੀਦਾਂ ਦਾ ਇਹ ਕਾਰਜ ਹੁਣ ਤੱਕ ਅਧੂਰਾ ਹੈ। ਇਸ ਦੀ ਪੁਸ਼ਟੀ ਮੌਜੂਦਾ ਸਮੇਂ ਚੱਲ ਰਹੇ ਰਾਜਨੀਤਿਕ ਘਟਨਾ ਕ੍ਰਮ ਤੋਂ ਬਾਖ਼ੂਬੀ ਹੋ ਜਾਂਦੀ ਹੈ।ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਅਮਰੀਕਾ ਵੱਲੋਂ ਭਾਰਤ ਨੂੰ ਰੋਜ਼ਾਨਾ ਹਦਾਇਤਾਂ ਕੀਤੀਆਂ ਜਾਂਦੀਆਂ ਹਨ ਕਿ ਉਸਨੇ ਕਿਸ ਦੇਸ਼ ਤੋਂ ਤੇਲ ਖ੍ਰੀਦਣਾ ਹੈ ਤੇ ਕਿਸ ਦੇਸ਼ ਤੋਂ ਨਹੀਂ। ਇਸ ਤੋਂ ਇਲਾਵਾ ਸਾਮਰਾਜੀ ਦੇਸ਼ਾਂ ਦੀਆਂ ਹਦਾਇਤਾਂ ਅਨੁਸਾਰ ਮੁਕਤ ਵਪਾਰ ਸਮਝੌਤਾ ਕੀਤਾ ਜਾ ਰਿਹਾ ਹੈ ਜਿਸ ਨੇ ਖੇਤੀ ਖੇਤਰ ਨੂੰ ਤਬਾਹ ਕਰ ਦੇਣਾ ਹੈ।ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਰਾਹੀਂ ਭਾਰਤੀ ਲੋਕਾਂ ਦੀ ਦੇਸੀ-ਬਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਲੁੱਟ ਕਰਨ ਦੀ ਖੁੱਲ੍ਹ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਮਜ਼ਦੂਰਾਂ ਦੇ ਹੱਕਾਂ ਲਈ ਬਣੇ ਹੋਏ ਨਿਗੂਣੇ ਕਾਨੂੰਨ ਰੱਦ ਕਰਕੇ ਸਿਰਫ਼ ਚਾਰ ਲੇਬਰ ਕੋਡ ਬਣਾਉਣੇ ਅਤੇ ਮਗਨਰੇਗਾ ਕਾਨੂੰਨ ਰੱਦ ਕਰਕੇ ਕਾਰਪੋਰੇਟ ਘਰਾਣਿਆਂ ਦੇ ਕਾਰਖਾਨਿਆਂ ਲਈ ਸਸਤੀ ਮਜ਼ਦੂਰੀ ਦਾ ਪ੍ਰਬੰਧ ਕਰਨ ਦੀਆਂ ਗੋਂਦਾਂ ਗੁੰਦੀਆਂ ਜਾ ਰਹੀਆਂ ਹਨ।ਇਸ ਲਈ 23 ਮਾਰਚ ਨੂੰ ਬਰਨਾਲਾ ਦੀ ਧਰਤੀ ‘ਤੇ ਇਸ ਸਾਮਰਾਜ ਵਿਰੋਧੀ ਕਾਨਫਰੰਸ ਵਿੱਚ ਦੇਸੀ- ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀ ਇਸ ਲੁੱਟ ਅਤੇ ਉਨ੍ਹਾਂ ਦੇ ਪਿਤਾਮਾ ਸਾਮਰਾਜ ਖ਼ਿਲਾਫ਼ ਘੋਲ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਜਾਏਗਾ।

Leave a Reply

Your email address will not be published. Required fields are marked *