
ਡਿਪਟੀ ਕਮਿਸ਼ਨਰ ਨੇ ਵੋਟ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ‘ਤੇ ਚੋਣ ਅਮਲੇ ਦੀ ਕੀਤੀ ਸ਼ਲਾਘਾ, ਵੋਟਰਾਂ ਦਾ ਪ੍ਰਗਟਾਇਆ ਧੰਨਵਾਦ
ਕਿਹਾ, 29 ਮਈ ਨੂੰ ਹੋਵੇਗੀ ਗਿਣਤੀ, ਪ੍ਰਬੰਧ ਮੁਕੰਮਲ
ਜਲੰਧਰ/26 ਮਈ/ਸੁਨੀਲ ਕੁਮਾਰ
ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ 99 ਵਾਰਡਾਂ ਲਈ ਅੱਜ ਸ਼ਾਂਤੀਪੂਰਨ ਤਰੀਕੇ ਨਾਲ ਪੋਲਿੰਗ ਹੋਈ। ਵੋਟਿੰਗ ਲਈ ਕੁੱਲ 133 ਪੋਲਿੰਗ ਬੂਥ ਬਣਾਏ ਗਏ ਸਨ।ਸ਼ਾਂਤੀਪੂਰਵਕ ਵੋਟ ਪ੍ਰਕਿਰਿਆ ਨੇਪਰੇ ਚਾੜ੍ਹਨ ‘ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਸ਼੍ਰੀ ਵਰਜੀਤ ਵਾਲੀਆ ਨੇ ਚੋਣ ਅਮਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਚੋਣ ਸਟਾਫ਼ ਵੱਲੋਂ ਮਿਹਨਤ ਅਤੇ ਤਨਦੇਹੀ ਨਾਲ ਨਿਭਾਈ ਡਿਊਟੀ ਸਦਕਾ ਜ਼ਿਲ੍ਹੇ ਵਿਚ ਪਾਰਦਰਸ਼ੀ ਅਤੇ ਨਿਰਪੱਖ ਪੋਲਿੰਗ ਮੁਕੰਮਲ ਹੋਈ।
ਉਨ੍ਹਾਂ ਵੋਟਰਾਂ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਜ਼ਿਲ੍ਹੇ ਦੇ ਸੂਝਵਾਨ ਵੋਟਰਾਂ ਦੀ ਬਦੌਲਤ ਵੋਟ ਪ੍ਰਕਿਰਿਆ ਅਮਨ-ਅਮਾਨ ਨਾਲ ਸਿਰੇ ਚੜ੍ਹੀ ਹੈ।
ਸ਼੍ਰੀ ਵਾਲੀਆ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ, ਜਿਸ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ 99 ਵਾਰਡਾਂ ਲਈ 341 ਉਮੀਦਵਾਰ ਚੋਣਾਂ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਆਦਮਪੁਰ ਦੇ 13 ਵਾਰਡਾਂ ਲਈ 44, ਨਗਰ ਕੌਂਸਲ ਕਰਤਾਰਪੁਰ ਦੇ 15 ਵਾਰਡਾਂ ਲਈ 50, ਨਕੋਦਰ ਦੇ 17 ਵਾਰਡਾਂ ਲਈ 55, ਨੂਰਮਹਿਲ ਦੇ 13 ਵਾਰਡਾਂ ਲਈ 41, ਫਿਲੌਰ ਦੇ 15 ਵਾਰਡਾਂ ਲਈ 57, ਨਗਰ ਪੰਚਾਇਤ ਮਹਿਤਪੁਰ ਤੇ ਲੋਹੀਆਂ ਖਾਸ ਦੇ 13-13 ਵਾਰਡਾਂ ਲਈ 47-47 ਉਮੀਦਵਾਰਾਂ ਲਈ ਅੱਜ ਵੋਟਾਂ ਪਈਆਂ ਹਨ।
ਸ਼੍ਰੀ ਵਾਲੀਆ ਨੇ ਕਿਹਾ ਕਿ ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਜਿੱਥੇ ਰਿਜ਼ਰਵ ਸਟਾਫ ਸਮੇਤ 800 ਚੋਣ ਅਮਲਾ ਤਾਇਨਾਤ ਕੀਤਾ ਗਿਆ ਸੀ, ਉੱਥੇ ਐਸ.ਐਸ.ਪੀ. ਜਲੰਧਰ (ਦਿਹਾਤੀ) ਸ਼੍ਰੀ ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਵਿੱਚ ਕਰੀਬ 1200 ਪੁਲਿਸ ਅਧਿਕਾਰੀ/ਕਰਮਚਾਰੀ ਤਾਇਨਾਤ ਸਨ।
