ਭਾਜਪਾ ਪੰਜਾਬ ਪ੍ਰਧਾਨ ਬਣੇ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਸੰਭਾਲਿਆ ਅਹੁਦਾ

ਪੰਜਾਬ (ਬਿਊਰੋ)ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਸਹੁੰ ਚੁੱਕ ਸਮਾਗਮ ਭਾਜਪਾ ਦੇ ਸੂਬਾ ਹੈੱਡਕੁਆਰਟਰ, ਸੈਕਟਰ 37-ਏ, ਚੰਡੀਗੜ੍ਹ, ਕਾਨੂੰਨ ਭਵਨ ਨੇੜੇ ਹੋਇਆ। ਸਮਾਗਮ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ, ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀਨਿਵਾਸਲੂ ਸਮੇਤ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਦੌਰਾਨ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀ ਦਲ ਨਾਲ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਜਾਖੜ ਨੇ ਕਿਹਾ ਕਿ, ਸਾਨੂੰ ਛੋਟਾ ਭਰਾ ਸਿੰਡ੍ਰੋਮ ਛੱਡਣਾ ਹੋਵੇਗਾ। ਜਾਖੜ ਨੇ ਕਿਹਾ ਕਿ, ਨਜ਼ਰ ਬਦਲੋ, ਨਜ਼ਾਰੇ ਬਦਲ ਜਾਣਗੇ। ਉਨ੍ਹਾਂ ਕਿਹਾ ਕਿ, ਸਾਨੂੰ ਖੁਦ ਮੁਖਤਿਆਰ ਹੋਣ ਦੀ ਲੋੜ ਹੈ। ਜਨਾਰਦਨ ਸ਼ਰਮਾ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ‘ਤੇ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਂਡ ਦੇ ਫੈਸਲੇ ਦਾ ਸਵਾਗਤ ਹੈ| ਸੁਨੀਲ ਜਾਖੜ ਦੇ ਪ੍ਰਧਾਨ ਬਣਨ ਨਾਲ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਜ਼ਮੀਨ ਨਾਲ ਜੁੜੇ ਅਤੇ ਸੁਲਝੇ ਹੋਏ ਆਗੂ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸੁਨੀਲ ਜਾਖੜ ਦੀ ਕੁਸ਼ਲ ਅਗਵਾਈ ਅਤੇ ਪੰਜਾਬ ਪ੍ਰਤੀ ਡੂੰਘੀ ਸੋਚ ਸਦਕਾ ਸੂਬਾ ਭਾਜਪਾ ਨਵੀਆਂ ਬੁਲੰਦੀਆਂ ਨੂੰ ਛੂਹ ਲਵੇਗੀ।
