ਡਿਪਟੀ ਕਮਿਸ਼ਨਰ ਵੱਲੋਂ ਐਸ ਆਈ ਆਰ 2026 ਲਈ ਸਿਆਸੀ ਪਾਰਟੀਆਂ ਤੋਂ ਸਹਿਯੋਗ ਦੀ ਮੰਗ

ਕਪੂਰਥਲਾ/19 ਜੂਨ/ ਰੋਜਾਨਾ ਰਿਪੋਰਟਰ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਬੂਥ ਲੈਵਲ ਏਜੰਟਾਂ ਨਾਲ ਮੀਟਿੰਗ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੇ ਗਏ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨੂੰ ਲਾਗੂ ਕਰਨ ਲਈ ਪੂਰਨ ਸਹਿਯੋਗ ਦੀ ਮੰਗ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਸਹੀ ਅਤੇ ਤਰੁੱਟੀ-ਰਹਿਤ ਵੋਟਰ ਸੂਚੀ ਤਿਆਰ ਕਰਨ ਨੂੰ ਯਕੀਨੀ ਬਣਾਉਣ ਲਈ ਇਸ ਸੋਧ ਮੁਹਿੰਮ ਦਾ ਸਰਗਰਮੀ ਨਾਲ ਸਮਰਥਨ ਕਰਨ। ਉਨ੍ਹਾਂ ਦੱਸਿਆ ਕਿ ਸਹਾਇਕ ਰਿਟਰਨਿੰਗ ਅਫ਼ਸਰ 20 ਅਤੇ 21 ਜੂਨ ਨੂੰ ਸਾਰੇ ਸਬ-ਡਿਵੀਜ਼ਨ ਹੈੱਡਕੁਆਰਟਰਾਂ ਵਿੱਚ ਬੂਥ ਲੈਵਲ ਏਜੰਟਾਂ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਉਣਗੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗਾਂ 23 ਅਤੇ 24 ਜੂਨ ਨੂੰ ਕਰਵਾਈਆਂ ਜਾਣਗੀਆਂ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਇਹ ਵੀ ਅਪੀਲ ਕੀਤੀ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੀਐਲਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਵੰਡਣ ਦੇ ਕੰਮ ਦੌਰਾਨ ਪੂਰਾ ਸਹਿਯੋਗ ਦੇਣ।
ਇਸ ਮੌਕੇ ਹਾਜ਼ਰ ਨੁਮਾਇੰਦਿਆਂ ਵਿੱਚ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ, ਪਰਵਿੰਦਰ ਸਿੰਘ , ਗੁਰਪਾਲ ਸਿੰਘ (ਆਮ ਆਦਮੀ ਪਾਰਟੀ), ਹਰਜੀਤ ਵਾਲੀਆ ਅਤੇ ਅਜੈ ਬਬਲਾ (ਸ਼੍ਰੋਮਣੀ ਅਕਾਲੀ ਦਲ), ਮਨੂ ਧੀਰ (ਭਾਜਪਾ), ਰਾਕੇਸ਼ ਕੁਮਾਰ ਦਾਤਾਰਪੁਰੀ (ਬਸਪਾ) ਸਮੇਤ ਹੋਰ ਸਿਆਸੀ ਨੁਮਾਇੰਦੇ ਸ਼ਾਮਲ ਸਨ।
