ਸੀ.ਐਮ. ਦੀ ਯੋਗਸ਼ਾਲਾ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ’ਚ ਨਿਭਾਅ ਰਹੀ ਅਹਿਮ ਭੂਮਿਕਾ
ਜ਼ਿਲ੍ਹੇ ’ਚ ਰੋਜ਼ਾਨਾ ਲੱਗ ਰਹੀਆਂ 485 ਯੋਗ ਕਲਾਸਾਂ, ਵੱਡੀ ਗਿਣਤੀ ਜ਼ਿਲ੍ਹਾ ਵਾਸੀ ਲੈ ਰਹੇ ਲਾਹਾ

ਜਲੰਧਰ, 3 ਜੁਲਾਈ / ਡੇਵਿਡ
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀਆਂ ਦੀ ਨਰੋਈ ਸਿਹਤ ਲਈ ਸ਼ੁਰੂ ਕੀਤੀ ਲੋਕਪੱਖੀ ਪਹਿਲਕਦਮੀ ‘ਸੀ.ਐਮ. ਦੀ ਯੋਗਸ਼ਾਲਾ’ ਜ਼ਿਲ੍ਹੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ।
ਸੀ.ਐਮ.ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਚੰਦਨ ਕੁਮਾਰ ਸਤਿਆਰਥੀ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਕਮਿਊਨਿਟੀ ਥਾਵਾਂ ’ਤੇ ਨਿਯਮਿਤ ਢੰਗ ਨਾਲ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਮੌਜੂਦਾ ਸਮੇਂ ਜ਼ਿਲ੍ਹੇ ਵਿੱਚ ਕੁੱਲ 485 ਯੋਗ ਕਲਾਸਾਂ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਮਹਿਲਾਵਾਂ, ਨੌਜਵਾਨ, ਬਜ਼ੁਰਗ ਅਤੇ ਵਿਦਿਆਰਥੀ ਹਿੱਸਾ ਲੈ ਕੇ ਯੋਗ ਆਸਣ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਅੱਜ ਹਜ਼ਾਰਾਂ ਲੋਕਾਂ ਨੂੰ ਯੋਗ ਨਾਲ ਜੋੜ ਕੇ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੇ ਨਿਰਮਾਣ ਦੀ ਦਿਸ਼ਾ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਨਾਗਰਿਕਾਂ ਦੀ ਵਧਦੀ ਭਾਗੀਦਾਰੀ ਇਹ ਦਰਸਾਉਂਦੀ ਹੈ ਕਿ ਲੋਕ ਯੋਗ ਪ੍ਰਤੀ ਜਾਗਰੂਕ ਹੋ ਰਹੇ ਹਨ।
ਸਿਖ਼ਲਾਈ ਪ੍ਰਾਪਤ ਯੋਗ ਇੰਸਟਰਕਟਰਾਂ ਵੱਲੋਂ ਯੋਗ ਕਲਾਸਾਂ ਵਿੱਚ ਯੋਗ ਦੇ ਨਾਲ-ਨਾਲ ਸਿਹਤਮੰਦ ਜੀਵਨਸ਼ੈਲੀ, ਤਣਾਅ ਪ੍ਰਬੰਧਨ ਅਤੇ ਰੋਜ਼ਾਨਾ ਸਿਹਤ ਬਾਰੇ ਜ਼ਰੂਰੀ ਜਾਣਕਾਰੀ ਵੀ ਸਾਂਝੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਨਿਯਮਿਤ ਯੋਗ ਅਭਿਆਸ ਨਾਲ ਜਿਥੇ ਮਾਨਸਿਕ ਤਣਾਅ ਘੱਟ ਹੁੰਦਾ ਹੈ ਉਥੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਵੀ ਬਿਹਤਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਯੋਗ ਦੇ ਸਰੀਰ ਨੂੰ ਅਣਗਿਣਤ ਲਾਭ ਹਨ, ਜੋ ਕਿਸੇ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਕਾਰਾਤਮਕ ਤੌਰ ’ਤੇ ਪ੍ਰਭਾਵਿਤ ਕਰਦੇ ਹਨ। ਉਨ੍ਹਾਂ ਨਾਗਰਿਕਾਂ ਨੂੰ ਆਪਣੇ ਨਜ਼ਦੀਕੀ ਯੋਗ ਕੇਂਦਰ ਨਾਲ ਜੁੜ ਕੇ ਨਿਯਮਿਤ ਯੋਗ ਕਰਨ ਅਤੇ ਸਿਹਤਮੰਦ ਤੇ ਰੰਗਲਾ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
