ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਉੱਦਮ ਕੀਤਾ : ਵਿਧਾਇਕ ਬਲਕਾਰ ਸਿੰਘ

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਉੱਦਮ ਕੀਤਾ : ਵਿਧਾਇਕ ਬਲਕਾਰ ਸਿੰਘ

 

ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਮਾਨਤਾ, ਸਰਬ ਸਾਂਝੀਵਾਲਤਾ, ਭਾਈਚਾਰੇ ਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ’ਚ ਅਪਣਾਉਣ ਦਾ ਦਿੱਤਾ ਸੱਦਾ 

ਜ਼ਿਲ੍ਹੇ ਦੇ ਪਿੰਡਾਂ ’ਚ ਦਿਖਾਈ ਗਈ ਵਿਸ਼ੇਸ਼ ਦਸਤਾਵੇਜ਼ੀ ਫਿਲਮ

ਜਲੰਧਰ, 10 ਜੁਲਾਈ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਪ੍ਰੋਗਰਾਮ ਤਹਿਤ ਵੀਰਵਾਰ ਸ਼ਾਮ ਜ਼ਿਲ੍ਹੇ ਦੇ ਪਿੰਡ ਬੁਲੰਦਪੁਰ, ਰੰਧਾਵਾ ਮਸੰਦਾ, ਭੋਡੀਪੁਰ, ਰਾਏਵਾਲ, ਰਾਮਨਗਰ ਅਤੇ ਸੱਤੋਵਾਲੀ ਵਿਖੇ ਗੁਰੂ ਜੀ ਦੇ ਜੀਵਨ, ਫ਼ਲਸਫੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ।

ਪਿੰਡ ਬੁਲੰਦਪੁਰ ਤੇ ਰੰਧਾਵਾ ਮਸੰਦਾ ਵਿਖੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਉੱਦਮ ਕੀਤਾ ਗਿਆ ਹੈ।

ਸ਼੍ਰੀ ਬਲਕਾਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਵੈਨਾਂ ’ਤੇ ਐਲ.ਈ.ਡੀ. ਸਕਰੀਨਾਂ ਰਾਹੀਂ ਸੂਬੇ ਭਰ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ ਤੇ ਫ਼ਲਸਫੇ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦਸਤਾਵੇਜ਼ੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ, ਸਮਾਜਿਕ ਬਰਾਬਰੀ, ਸਦਭਾਵਨਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਲਈ ਅਜਿਹੀਆਂ 3 ਵੈਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਹਰੇਕ ਵੈਨ ਰਾਹੀਂ ਰੋਜ਼ਾਨਾ ਦੋ ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰਤਾਰਪੁਰ ਇਲਾਕੇ ਵਿੱਚ ਵੀ ਰੋਜ਼ਾਨਾ ਦੋ ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਵਿਧਾਇਕ ਬਲਕਾਰ ਸਿੰਘ ਨੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਦਸਤਾਵੇਜ਼ੀ ਫਿਲਮ ਦੇ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਮਾਨਤਾ, ਸਰਬ ਸਾਂਝੀਵਾਲਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ।

ਇਸੇ ਤਰ੍ਹਾਂ ਸਬ ਡਵੀਜ਼ਨ ਨਕੋਦਰ ਦੇ ਪਿੰਡ ਭੋਡੀਪੁਰ, ਰਾਏਵਾਲ ਅਤੇ ਸਬ ਡਵੀਜ਼ਨ ਆਦਮਪੁਰ ਦੇ ਪਿੰਡ ਰਾਮਨਗਰ ਅਤੇ ਸੱਤੋਵਾਲੀ ਵਿਖੇ ਵੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ, ਜਿਸ ਵਿੱਚ ਵਸਨੀਕਾਂ ਨੇ ਵੱਡੀ ਗਿਣਤੀ

ਵਿੱਚ ਹਿੱਸਾ ਲਿਆ।

Leave a Reply

Your email address will not be published. Required fields are marked *