ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ 11 ਤੇ 12 ਜੁਲਾਈ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ
ਬੀ.ਐਲ.ਓਜ਼ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹਿਣਗੇ ਮੌਜੂਦ
ਵੋਟਰਾਂ ਨੂੰ ਡ੍ਰਾਫਟ ਵੋਟਰ ਸੂਚੀ ’ਚ ਨਾਮ ਸ਼ਾਮਲ ਕਰਵਾਉਣ ਲਈ ਗਣਨਾ ਫਾਰਮ ਭਰਨ ਤੇ ਜਮ੍ਹਾ ਕਰਵਾਉਣ ਦੀ ਕੀਤੀ ਅਪੀਲ

ਜਲੰਧਰ, 10 ਜੁਲਾਈ / Sunil Kumar
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਤਹਿਤ ਗਣਨਾ ਫਾਰਮਾਂ ਦੀ ਭਰਵਾਈ, ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਵਿੱਚ ਤੇਜ਼ੀ ਲਿਆਉਣ ਲਈ 11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਭਰ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਸ਼੍ਰੀ ਵਾਲੀਆ ਨੇ ਦੱਸਿਆ ਕਿ ਇਹ ਕੈਂਪ ਸ਼ਨੀਵਾਰ ਤੇ ਐਤਵਾਰ ਦੋਵੇਂ ਦਿਨ ਸਵੇਰੇ 8 ਤੋਂ ਦੁਪਹਿਰ 3 ਵਜੇ ਤੱਕ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪਣੇ-ਆਪਣੇ ਬੂਥਾਂ ’ਤੇ ਮੌਜੂਦ ਰਹਿਣਗੇ ਤਾਂ ਜੋ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾ ਕਰਵਾਉਣ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਐਸ.ਆਈ.ਆਰ.-2026 ਤਹਿਤ ਚੱਲ ਰਹੇ ਘਰ-ਘਰ ਗਣਨਾ ਪੜਾਅ ਦਾ ਹਿੱਸਾ ਹਨ, ਜੋ ਕਿ 25 ਜੂਨ ਤੋਂ ਸ਼ੁਰੂ ਹੋਇਆ ਸੀ ਅਤੇ 24 ਜੁਲਾਈ 2026 ਤੱਕ ਜਾਰੀ ਰਹੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਬੂਥਾਂ ‘ਤੇ ਫਾਰਮ ਪ੍ਰਾਪਤੀ ਤੇ ਡਿਜੀਟਾਈਜ਼ੇਸ਼ਨ ਦਾ ਕੰਮ ਅਜੇ ਬਾਕੀ ਹੈ, ਉਥੇ ਫਾਰਮ ਇਕੱਤਰ ਕਰਨ ਅਤੇ ਡਿਜੀਟਾਈਜ਼ੇਸ਼ਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇ ਅਤੇ ਜਿਨ੍ਹਾਂ ਬੀ.ਐਲ.ਓਜ਼ ਨੇ ਡਿਜੀਟਾਈਜ਼ੇਸ਼ਨ ਵਿੱਚ ਪਹਿਲਾਂ ਹੀ ਮਹੱਤਵਪੂਰਣ ਪ੍ਰਗਤੀ ਹਾਸਲ ਕਰ ਲਈ ਹੈ, ਉਹ ਬਾਕੀ ਰਹਿੰਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ਅਤੇ ਜੇਕਰ ਕੋਈ ਤਰੁੱਟੀਆਂ ਹਨ ਤਾਂ ਉਨ੍ਹਾਂ ਨੂੰ ਦੂਰ ਕਰਨ ਵੱਲ ਵਿਸ਼ੇਸ਼ ਧਿਆਨ ਦੇਣਗੇ।
ਉਨ੍ਹਾਂ ਕਿਹਾ ਕਿ ਇਹ ਕੈਂਪ ਗਣਨਾ ਫਾਰਮਾਂ ਨੂੰ ਇਕੱਤਰ, ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਲਗਾਏ ਜਾ ਰਹੇ ਹਨ ਕਿ ਕੋਈ ਵੀ ਯੋਗ ਵੋਟਰ, ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹਿ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਬਾਰੇ ਵੋਟਰਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਯੋਗ ਵੋਟਰ ਇਨ੍ਹਾਂ ਕੈਂਪਾਂ ਦਾ ਲਾਭ ਲੈ ਸਕਣ। ਇਸ ਤੋਂ ਇਲਾਵਾ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਕੈਂਪਾਂ ਬਾਰੇ ਸੂਚਿਤ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਦੇ ਬੂਥ ਪੱਧਰੀ ਏਜੰਟ (ਬੀ.ਐਲ.ਏ.) ਵੋਟਰਾਂ ਨੂੰ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਸਕਣ।ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣੇ ਫਾਰਮ ਨਹੀਂ ਭਰੇ, ਉਹ 11 ਅਤੇ 12 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚਣ ਅਤੇ ਐਸ.ਆਈ.ਆਰ. ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ
