80ਵਾਂ ਆਜ਼ਾਦੀ ਦਿਹਾੜਾ : ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

80ਵਾਂ ਆਜ਼ਾਦੀ ਦਿਹਾੜਾ : ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਡਿਪਟੀ ਕਮਿਸ਼ਨਰ ਨੇ ਲਹਿਰਾਇਆ ਰਾਸ਼ਟਰੀ ਝੰਡਾ 

15 ਅਗਸਤ ਨੂੰ ਕੈਬਨਿਟ ਮੰਤਰੀ ਮੋਹਿੰਦਰ ਭਗਤ ਲਹਿਰਾਉਣਗੇ ਤਿਰੰਗਾ

ਜਲੰਧਰ, 13 ਅਗਸਤ/ Sunil Kumar

80ਵੇਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਹੋਈ, ਜਿਸ ਵਿੱਚ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ।

 

ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਸੀ.ਪੀ ਪਰਮਿੰਦਰ ਸਿੰਘ ਹੀਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੀ ਮੌਜੂਦ ਸਨ।

 

ਪਰੇਡ ਦੇ ਨਿਰੀਖਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਪਰੇਡ ਕਮਾਂਡਰ ਆਤਿਸ਼ ਭਾਟੀਆ ਦੀ ਅਗਵਾਈ ਵਿੱਚ ਕੱਢੇ ਗਏ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਮਾਰਚ ਪਾਸਟ ਵਿੱਚ ਇੰਡੋ-ਤਿਬਤੀਅਨ ਬਾਰਡਰ ਪੁਲਿਸ, ਪੰਜਾਬ ਪੁਲਿਸ (ਪੁਰਸ਼), ਪੰਜਾਬ ਪੁਲਿਸ ਮਹਿਲਾ ਵਿੰਗ, ਪੀ.ਆਰ.ਟੀ.ਸੀ.ਜਹਾਨ ਖੇਲਾਂ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਲੜਕੇ, ਐਨ.ਸੀ.ਸੀ. ਲੜਕੀਆਂ, ਲਾਇਲਪੁਰ ਖਾਲਸਾ ਸਕੂਲ ਲੜਕੇ, ਡੀ.ਐਸ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਸੋਡਲ ਰੋਡ ਦੇ ਸਕਾਊਟ, ਲਾਇਲਪੁਰ ਖਾਲਸਾ ਸਕੂਲ ਗਰਲਜ਼ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦੀਆਂ ਗਰਲ ਗਾਈਡਜ਼ ਅਤੇ ਸੀ.ਆਰ.ਪੀ.ਐਫ. ਦਾ ਬੈਂਡ ਸ਼ਾਮਿਲ ਸੀ।

 

ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਮਾਸ ਪੀ.ਟੀ.ਸ਼ੋਅ ਅਤੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਦਿੱਤੀ ਗਈ।

 

ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਰਾਸ਼ਟਰੀ ਝੰਡਾ ਲਹਿਰਾਉਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪ੍ਰਬੰਧਾਂ ਸਬੰਧੀ ਲੋੜੀਂਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮਹੱਤਵਪੂਰਣ ਸਮਾਗਮ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

 

ਉਨ੍ਹਾਂ ਅਧਿਕਾਰੀਆਂ ਸੌਂਪੀ ਗਈ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਦੌਰਾਨ ਲੋਕਾਂ ਅਤੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਆਮਦ ਨੂੰ ਮੁੱਖ ਰੱਖਦਿਆਂ ਸੁਖਾਲੀ ਐਂਟਰੀ, ਬੈਠਣ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਆਦਿ ਦੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਪੁਲਿਸ ਵਿਭਾਗ ਨੂੰ ਪੁਖ਼ਤਾ ਸੁਰੱਖਿਆ ਪ੍ਰਬੰਧ, ਸੁਚਾਰੂ ਆਵਾਜਾਈ ਅਤੇ ਪਾਰਕਿੰਗ ਲਈ ਢੁੱਕਵੀਂ ਵਿਵਸਥਾ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।

 

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਹਸਤੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਤੰਤਰਤਾ ਦਿਵਸ ਸਮਾਗਮ ਦੇਸ਼ ਭਗਤੀ ਦੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਜਲੰਧਰ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਵੀ ਦਿੱਤਾ।

 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਐਸ.ਡੀ.ਐਮ. ਜਲੰਧਰ-1 ਸ਼ੁਭੀ ਆਂਗਰਾ, ਐਸ.ਡੀ.ਐਮ. ਜਲੰਧਰ-2 ਸ਼ਾਇਰੀ ਮਲਹੋਤਰਾ, ਏ.ਡੀ.ਸੀ.ਪੀ. ਸੁਖਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਵਰੁਣ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਿੱਖਿਆ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

Leave a Reply

Your email address will not be published. Required fields are marked *