ਅੰਮ੍ਰਿਤਸਰ/ ਰੋਜਾਨਾ ਰਿਪੋਰਟਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਗਿਆ। 9 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 8 ਗੈਰ-ਕਾਨੂੰਨੀ ਪਿਸਤੌਲ, 8.536 ਕਿਲੋਗ੍ਰਾਮ ਹੈਰੋਇਨ, 12.95 ਲੱਖ ਰੁਪਏ ਦੀ ਡਰੱਗ ਮਨੀ ਅਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ।ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਅਤੇ ਨਸ਼ੇ ਦੇ ਮਾਮਲਿਆਂ ਵਿੱਚ ਸ਼ਾਮਲ ਦੋਸ਼ੀ ਵਿਦੇਸ਼ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅੱਗੇ ਹੋਰ ਅਪਰਾਧੀ ਅਨਸਰਾਂ ਨੂੰ ਗੈਰ-ਕਾਨੂੰਨੀ ਹਥਿਆਰ ਅਤੇ ਹੈਰੋਇਨ ਦੀਆਂ ਖੇਪਾਂ ਸਪਲਾਈ ਕਰਦੇ ਸਨ।ਇਸ ਸਬੰਧੀ ਥਾਣਾ ਕੈਂਟ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ 3 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਪੂਰੇ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸ਼ਾਮਲ ਵਿਅਕਤੀਆਂ ਦੀ ਸ਼ਨਾਖਤ ਕਰਨ ਅਤੇ ਨਸ਼ਾ ਤਸਕਰੀ ਅਤੇ ਹਥਿਆਰਾਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਸਰਹੱਦ ਪਾਰ ਤੋਂ ਚੱਲ ਰਹੇ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਇੱਕ ਸੁਰੱਖਿਅਤ, ਸ਼ਾਂਤਮਈ ਤੇ ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
