ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲਾਮਿਸਾਲ ਢੰਗ ਨਾਲ ਮਨਾਇਆ ਜਾਵੇਗਾ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ*

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲਾਮਿਸਾਲ ਢੰਗ ਨਾਲ ਮਨਾਇਆ ਜਾਵੇਗਾ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ*

– ਕਿਹਾ, ਪੰਜਾਬ ਸਰਕਾਰ ਨੇ 100 ਕਰੋੜ ਰੁਪਏ ਦਾ ਰੱਖਿਆ ਬਜਟ

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਕਰਵਾਇਆ ਵਿਸ਼ੇਸ਼ ਸੈਮੀਨਾਰ

ਸੰਤ ਨਿਰਮਲ ਦਾਸ ਜੀ, ਸੰਤ ਪ੍ਰਦੀਪ ਦਾਸ ਜੀ ਅਤੇ ਭੈਣ ਸੰਤੋਸ਼ ਕੁਮਾਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਮਾਜਿਕ ਬਰਾਬਰੀ ਵਾਲੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਆ

 

ਜਲੰਧਰ, 22 ਅਗਸਤ/ Sunil Kumar

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

 

ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲਾਮਿਸਾਲ ਢੰਗ ਨਾਲ ਮਨਾਇਆ ਜਾਵੇਗਾ, ਜਿਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ 650 ਏਕੜ ਜ਼ਮੀਨ ਉਤੇ ਗੁਰੂ ਜੀ ਦੇ ਨਾਂ ’ਤੇ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਬੂਟੇ ਲਗਾਉਣ ਦੀ ਵੱਡੀ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਤਹਿਤ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਏ ਜਾ ਰਹੇ ਹਨ।

 

ਇਸ ਮੌਕੇ ਚਾਂਸਲਰ ਸੰਤ ਮਨਮੋਹਨ ਸਿੰਘ ਜੀ, ਸੰਤ ਸਰਵਣ ਸਿੰਘ ਜੀ, ਸੰਤ ਨਿਰਮਲ ਦਾਸ ਜੀ, ਸੰਤ ਪ੍ਰਦੀਪ ਦਾਸ ਜੀ, ਭੈਣ ਸੰਤੋਸ਼ ਕੁਮਾਰੀ, ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਪਲਵਿੰਦਰ ਸਿੰਘ ਅਤੇ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਸ਼੍ਰੀ ਪਵਨ ਟੀਨੂੰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

 

ਡਾ. ਰਵਜੋਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਡੇਰਾ ਸੱਚਖੰਡ ਬੱਲਾਂ ਨੇੜੇ ਨੌਗਜ਼ਾ/ਫਰੀਦਪੁਰਾ ਵਿਖੇ 10.4 ਏਕੜ ਰਕਬੇ ਵਿੱਚ 37 ਕਰੋੜ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 650ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਤਹਿਤ ਸੂਬਾ ਸਰਕਾਰ ਵੱਲੋਂ ਜਿਥੇ ਵਿੱਦਿਅਕ ਸੰਸਥਾਵਾਂ ਵਿੱਚ ਸੈਮੀਨਾਰ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ, ਉਥੇ ਵੱਖ-ਵੱਖ ਥਾਵਾਂ ’ਤੇ ਕੀਰਤਨ ਦਰਬਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਮੋਬਾਇਲ ਵੈਨਾਂ ਰਾਹੀਂ ਸੂਬੇ ਦੇ 13 ਹਜ਼ਾਰ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ ਵੀ ਦਿਖਾਈ ਜਾ ਰਹੀ ਹੈ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ 92 ਡਰੋਨ ਸ਼ੋਅ ਕਰਵਾਏ ਜਾਣਗੇ, ਜੋ ਇਨ੍ਹਾਂ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਣਗੇ। ਉਨ੍ਹਾਂ ਦੱਸਿਆ ਕਿ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਵੀ ਕੱਢੀਆਂ ਜਾਣਗੀਆਂ, ਜਿਨ੍ਹਾਂ ਵਿੱਚ ਵਾਰਾਣਸੀ ਤੋਂ ਖੁਰਾਲਗੜ੍ਹ, ਫਰੀਦਕੋਟ ਤੋਂ ਖੁਰਾਲਗੜ੍ਹ, ਬਠਿੰਡਾ ਤੋਂ ਖੁਰਾਲਗੜ੍ਹ ਅਤੇ ਜੰਮੂ ਤੋਂ ਖੁਰਾਲਗੜ੍ਹ ਦੀ ਸ਼ੋਭਾ ਯਾਤਰਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਸ਼ੋਭਾ ਯਾਤਰਾਵਾਂ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਣ ਤੋਂ ਪਹਿਲਾਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਅਤੇ ਸਿੱਖਿਆਵਾਂ ਦੇ ਵੱਧ ਤੋਂ ਵੱਧ ਪਾਸਾਰ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੇ ਹਿੱਸੇ ਵਜੋਂ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ।

 

ਸੰਤ ਨਿਰਮਲ ਦਾਸ ਜੀ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਔਖੇ ਸਮੇਂ ਵਿੱਚ ‘ਵਿਦਿਆ’ ਹੀ ਮਨੁੱਖ ਦੀ ਸਭ ਤੋਂ ਵੱਡੀ ਸਾਥੀ ਹੁੰਦੀ ਹੈ। ਪੜ੍ਹਾਈ ਵਿੱਚ ਇਕਾਗਰਤਾ ਅਤੇ ਮਿਹਨਤ ਬਹੁਤ ਜ਼ਰੂਰੀ ਹੈ। ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਬੁਰਾਈਆਂ ਦਾ ਤਿਆਗ ਕਰਕੇ ਸਿਰਫ਼ ਗੁਣਾਂ ਅਤੇ ਗਿਆਨ ਨੂੰ ਗ੍ਰਹਿਣ ਕਰਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮਾਜਿਕ ਬਰਾਬਰਤਾ ਦੀ ਸਿੱਖਿਆ ਦਿੰਦੀ ਹੈ ਅਤੇ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਘਰ ਘਰ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।

 

ਸੰਤ ਪ੍ਰਦੀਪ ਦਾਸ ਜੀ ਨੇ ਕਿਹਾ ਕਿ ਜਦੋਂ ਸਮਾਜ ਵਿੱਚ ਸਿੱਖਿਆ ਆਵੇਗੀ, ਉਦੋਂ ਹੀ ਅਸੀਂ ਆਤਮਿਕ ਅਤੇ ਸਮਾਜਿਕ ਤੌਰ ‘ਤੇ ਅੱਗੇ ਵਧਾਂਗੇ। ਭੈਣ ਸੰਤੋਸ਼ ਕੁਮਾਰੀ ਨੇ ਗੁਰੂ ਰਵਿਦਾਸ ਜੀ ਦੁਆਰਾ ਦਰਸਾਏ ‘ਬੇਗਮਪੁਰਾ’ ਦੇ ਸੰਕਲਪ ਨੂੰ ਭਾਰਤੀ ਸੰਵਿਧਾਨ ਨਾਲ ਜੋੜਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਊਚ-ਨੀਚ ਅਤੇ ਸਮਾਜਿਕ ਵਿਤਕਰੇ ਨੂੰ ਖ਼ਤਮ ਕਰਨ ਦਾ ਸੁਨੇਹਾ ਦਿੱਤਾ ਹੈ। ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਪਲਵਿੰਦਰ ਸਿੰਘ ਜੀ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਸਮਾਗਮ ਦੇ ਮੁੱਖ ਬੁਲਾਰੇ ਪ੍ਰੋ. ਹਰਬੰਸ ਸਿੰਘ ਬੋਲੀਨਾ ਨੇ ਆਪਣੇ ਭਾਸ਼ਣ ਦੌਰਾਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੇ ਅੰਤ ਵਿੱਚ ਯੂਨੀਵਰਸਿਟੀ ਦੇ ਰਜਿਸਟਰਾਰ ਰਾਜਿੰਦਰ ਕੁਮਾਰ ਨੇ ਧੰਨਵਾਦੀ ਸ਼ਬਦ ਪ੍ਰਗਟਾਏ। ਇਸ ਮੌਕੇ ਐਸ. ਡੀ.ਐਮ. ਲਾਲ ਵਿਸ਼ਵਾਸ਼ ਬੈਂਸ, ਸੰਤ-ਮਹਾਂਪੁਰਸ਼, ਪ੍ਰਮੁੱਖ ਰਾਜਨੀਤਿਕ ਸ਼ਖ਼ਸੀਅਤਾਂ, ਯੂਨੀਵਰਸਿਟੀ ਮੈਨੇਜਮੈਂਟ, ਅਧਿਆਪਕ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ ਸ਼ਾਮਲ ਹੋਏ।

Leave a Reply

Your email address will not be published. Required fields are marked *