ਅੰਮ੍ਰਿਤਸਰ / ਰੋਜਾਨਾ ਰਿਪੋਰਟਰ

ਬਾਬਾ ਰਾਮ ਰਹੀਮ ਡੇਰੇ ਸਿਰਸੇ ਵਾਲਾ ਜੋ ਕਿ ਕਾਫੀ ਸੰਗੀਨ ਮਾਮਲਿਆਂ ਵਿੱਚ ਸਜ਼ਾ ਕੱਟ ਰਿਹਾ ਹੈ ਜਿਸ ਉੱਤੇ ਰੇਪ ਅਤੇ ਕਤਲ ਦੇ ਕਈ ਮਾਮਲੇ ਚੱਲ ਰਹੇ ਹਨ ਪਰ ਅਦਾਲਤ ਵੱਲੋਂ ਉਸ ਨੂੰ ਕਿੰਨੀ ਵਾਰੀ ਪੈਰੋਲ ਤੇ ਭੇਜਿਆ ਗਿਆ ਹੈ ਜਿਸ ਦੀ ਐਡਵੋਕੇਟ ਧਾਮੀ ਨੇ ਕੜੇ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ ਜਾਣਕਾਰੀ ਦੇ ਅਨੁਸਾਰ ਵੱਖ-ਵੱਖ ਸੰਗੀਨ ਅਪਰਾਧਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਨੂੰ ਸਰਕਾਰ ਵੱਲੋਂ ਮੁੜ ਫਰਲੋ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਦੋਹਰੀ ਅਤੇ ਪੱਖਪਾਤੀ ਪਹੁੰਚ ਨੂੰ ਸਪੱਸ਼ਟ ਕਰਦਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਪਾਸੇ ਡੇਰਾ ਮੁਖੀ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦੇ ਕੇ ਸਰਕਾਰਾਂ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਦੂਜੇ ਪਾਸੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਨੂੰ ਆਪਣੇ ਬਿਮਾਰ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਅਜਿਹਾ ਵਤੀਰਾ ਦੇਸ਼ ਅੰਦਰ ਕਾਨੂੰਨ ਅਤੇ ਨਿਆਂ ਦੇ ਬਰਾਬਰੀ ਨਾਲ ਲਾਗੂ ਹੋਣ ਦੀ ਭਰੋਸੇਯੋਗਤਾ ’ਤੇ ਸਵਾਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦਾ ਮਾਮਲਾ ਵੀ ਸਰਕਾਰਾਂ ਦੀ ਇਸੇ ਪੱਖਪਾਤੀ ਨੀਤੀ ਦਾ ਪ੍ਰਤੀਕ ਬਣਿਆ ਹੋਇਆ ਹੈ। ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਲਟਕਾਇਆ ਜਾ ਰਿਹਾ ਹੈ। ਸਰਕਾਰਾਂ ਵੱਲੋਂ ਸਿਆਸੀ ਲਾਹੇ ਲਈ ਡੇਰਾ ਮੁਖੀ ਦੇ ਗੰਭੀਰ ਅਪਰਾਧਾਂ ਨੂੰ ਅੱਖੋਂ-ਪਰੋਖੇ ਕਰਦਿਆਂ ਵਾਰ-ਵਾਰ ਪੈਰੋਲ ਅਤੇ ਫਰਲੋ ਦੇਣਾ ਅਤੇ ਦੂਜੇ ਪਾਸੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਪੱਖਪਾਤੀ ਰਵੱਈਆ ਅਪਣਾਉਣਾ ਬੇਹੱਦ ਚਿੰਤਾਜਨਕ ਹੈ। ਸਰਕਾਰਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਜਿਹੇ ਦੋਹਰੇ ਮਾਪਦੰਡ ਸਿੱਖ ਭਾਈਚਾਰੇ ਅੰਦਰ ਬੇਗਾਨਗੀ ਦੀ ਭਾਵਨਾ ਨੂੰ ਹੋਰ ਡੂੰਘਾ ਕਰਦੇ ਹਨ।
