ਬਾਬਾ ਸਾਹਿਬ ਦੇ ਬੁੱਤਾਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਾ ਜਾਵੇ : ਬੇਗਮਪੁਰਾ ਟਾਈਗਰ ਫੋਰਸ

ਬਾਬਾ ਸਾਹਿਬ ਦੇ ਬੁੱਤਾਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਾ ਜਾਵੇ : ਬੇਗਮਪੁਰਾ ਟਾਈਗਰ ਫੋਰਸ

ਬਾਬਾ ਸਾਹਿਬ ਜੀ ਦੇ ਬੁੱਤਾਂ ਦੀ ਸੁਰੱਖਿਆ ਲਈ ਸੀਸੀਟੀਵੀ ਕੈਮਰੇ ਲਗਾਉਣ ਅਤੇ ਪੁਖ਼ਤਾ ਪ੍ਰਬੰਧ ਕੀਤੇ ਜਾਣ : ਬੀਰਪਾਲ ਠਰੋਲੀ,ਹੈਪੀ ਫਤਿਹਗੜ੍ਹ

ਹੁਸ਼ਿਆਰਪੁਰ, 9 ਸਤੰਬਰ (ਤਰਸੇਮ ਦੀਵਾਨਾ)

ਭਾਰਤ ਦੇ ਸੰਵਿਧਾਨ ਨਿਰਮਾਤਾ ਅਤੇ ਮਹਾਨ ਚਿੰਤਕ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤਾਂ ਨਾਲ ਛੇੜਛਾੜ ਅਤੇ ਬੇਅਦਬੀ ਦੀਆਂ ਘਟਨਾਵਾਂ ’ਤੇ ਸਖ਼ਤ ਚਿੰਤਾ ਪ੍ਰਗਟ ਕਰਦਿਆਂ ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਗਮਪੁਰਾ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਅਤੇ ਜ਼ਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ ਹੈ।

ਫੋਰਸ ਦੇ ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਭਾਰਤ ਦੇ ਮਹਾਨ ਸੰਵਿਧਾਨ ਨਿਰਮਾਤਾ ਹਨ। ਉਨ੍ਹਾਂ ਦੇ ਸਨਮਾਨ ਨਾਲ ਜੁੜੇ ਪ੍ਰਤੀਕਾਂ ਦੀ ਸੁਰੱਖਿਆ ਕਰਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਦੇ ਬਾਵਜੂਦ ਲੰਮੇ ਸਮੇਂ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਬਾ ਸਾਹਿਬ ਦੇ ਬੁੱਤਾਂ ਨਾਲ ਛੇੜਛਾੜ ਅਤੇ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜੋ ਕਿ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਲੁਧਿਆਣਾ ਦੇ ਜਲੰਧਰ ਬਾਈਪਾਸ ਵਿਖੇ ਬਾਬਾ ਸਾਹਿਬ ਜੀ ਦੇ ਬੁੱਤ ਨਾਲ ਛੇੜਛਾੜ ਅਤੇ ਬੇਅਦਬੀ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਬੇਹੱਦ ਜ਼ਰੂਰੀ ਹੈ।

ਬੀਰਪਾਲ ਠਰੋਲੀ ਅਤੇ ਹੈਪੀ ਫਤਿਹਗੜ੍ਹ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਜਿੱਥੇ-ਜਿੱਥੇ ਬਾਬਾ ਸਾਹਿਬ ਦੇ ਬੁੱਤ ਸਥਾਪਿਤ ਹਨ, ਉੱਥੇ ਬੁੱਤਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਬੁੱਤਾਂ ਦੇ ਆਲੇ-ਦੁਆਲੇ ਅਤੇ ਉਨ੍ਹਾਂ ’ਤੇ ਫੋਕਸ ਕਰਦੇ ਹੋਏ ਸੀਸੀਟੀਵੀ ਕੈਮਰੇ ਲਗਾਏ ਜਾਣ ਅਤੇ ਲੋੜ ਅਨੁਸਾਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣ, ਤਾਂ ਜੋ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਜਿਹੀ ਘਿਨਾਉਣੀ ਹਰਕਤ ਕਰਨ ਤੋਂ ਪਹਿਲਾਂ ਕਈ ਵਾਰ ਸੋਚਣਾ ਪਵੇ।

ਉਨ੍ਹਾਂ ਲੁਧਿਆਣਾ ਵਿੱਚ ਵਾਪਰੀ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਫਾਸਟ-ਟਰੈਕ ਅਦਾਲਤ ਰਾਹੀਂ ਮੁਕੱਦਮਾ ਚਲਾਉਣ ਅਤੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਜੇਕਰ ਅਜਿਹੇ ਮਾਮਲਿਆਂ ਵਿੱਚ ਕਾਨੂੰਨ ਦਾ ਸਖ਼ਤ ਸੰਦੇਸ਼ ਜਾਵੇਗਾ ਤਾਂ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਬੇਗਮਪੁਰਾ ਟਾਈਗਰ ਫੋਰਸ ਦੇ ਆਗੂਆਂ ਨੇ ਦਿੱਤੇ ਗਏ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਦਿਆਂ ਕਿਹਾ ਕਿ ਫੋਰਸ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਸ਼ਾਂਤਮਈ ਢੰਗ ਨਾਲ ਬੰਦ ਦਾ ਸਮਰਥਨ ਕਰੇਗੀ। ਉਨ੍ਹਾਂ ਦੁਕਾਨਦਾਰਾਂ, ਵਪਾਰੀਆਂ ਅਤੇ ਫੈਕਟਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਬੰਦ ਵਿੱਚ ਸਹਿਯੋਗ ਕਰਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਬੰਦ ਦੌਰਾਨ ਹਸਪਤਾਲ, ਦਵਾਈਆਂ ਦੀਆਂ ਦੁਕਾਨਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ। ਐਂਬੂਲੈਂਸਾਂ ਨੂੰ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਹੀਂ ਪਾਈ ਜਾਵੇਗੀ। ਇਸ ਤੋਂ ਇਲਾਵਾ ਕਿਸੇ ਵਿਅਕਤੀ ਦੀ ਜ਼ਰੂਰੀ ਯਾਤਰਾ ਜਾਂ ਫਲਾਈਟ ਹੋਣ ਦੀ ਸੂਰਤ ਵਿੱਚ ਉਸ ਨੂੰ ਵੀ ਨਹੀਂ ਰੋਕਿਆ ਜਾਵੇਗਾ।

ਆਗੂਆਂ ਨੇ ਕਿਹਾ ਕਿ ਬੰਦ ਦਾ ਮਕਸਦ ਕਿਸੇ ਨੂੰ ਪਰੇਸ਼ਾਨ ਕਰਨਾ ਨਹੀਂ, ਸਗੋਂ ਬਾਬਾ ਸਾਹਿਬ ਜੀ ਦੇ ਸਨਮਾਨ ਅਤੇ ਬੁੱਤਾਂ ਦੀ ਸੁਰੱਖਿਆ ਲਈ ਸਰਕਾਰ ਨੂੰ ਠੋਸ ਕਦਮ ਚੁੱਕਣ ਲਈ ਮਜਬੂਰ ਕਰਨਾ ਹੈ। ਬੇਗਮਪੁਰਾ ਟਾਈਗਰ ਫੋਰਸ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਾਂਤਮਈ ਅਤੇ ਅਨੁਸ਼ਾਸਿਤ ਢੰਗ ਨਾਲ ਆਪਣਾ ਰੋਸ ਪ੍ਰਗਟ ਕਰੇਗੀ।

ਫੋਟੋ ਅਜਮੇਰ ਦੀਵਾਨਾ

Leave a Reply

Your email address will not be published. Required fields are marked *