ਰੰਧਾਵਾ ਮਸੰਦਾ ਵਿਖੇ ਡ੍ਰੋਨ ਸ਼ੋਅ ਦੀ ਸਫ਼ਲ ਪੇਸ਼ਕਾਰੀ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਤੇ ਮਹਾਨ ਫ਼ਲਸਫੇ ਨੂੰ ਦਰਸਾਉਂਦੇ ਦ੍ਰਿਸ਼ ਪੇਸ਼
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾ ਰਹੀ ਪੰਜਾਬ ਸਰਕਾਰ : ਵਿਧਾਇਕ ਬਲਕਾਰ ਸਿੰਘ

ਕਰਤਾਰਪੁਰ (ਜਲੰਧਰ), 10 ਸਤੰਬਰ : ਸੁਨੀਲ ਕੁਮਾਰ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਵੀਰਵਾਰ ਸ਼ਾਮ ਨੂੰ ਪਿੰਡ ਰੰਧਾਵਾ ਮਸੰਦਾ ਵਿਖੇ ਸ਼ਾਨਦਾਰ ਡ੍ਰੋਨ ਸ਼ੋਅ ਕਰਵਾਇਆ ਗਿਆ। ਇਸ ਦੌਰਾਨ ਰਾਤ ਨੂੰ ਆਸਮਾਨ ਵਿੱਚ ਇਕੱਠੇ ਉੱਡਦੇ 500 ਡ੍ਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫ਼ਲਸਫੇ ਨੂੰ ਦਰਸਾਉਂਦੇ ਦ੍ਰਿਸ਼ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ।
ਇਸ ਮੌਕੇ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਧਰਮਪਤਨੀ ਹਰਪ੍ਰੀਤ ਕੌਰ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਭੈਣ ਸੰਤੋਸ਼ ਜੀ, ਸੰਤ ਬਾਬਾ ਨਿਰਮਲ ਦਾਸ ਜੀ ਵੀ ਸ਼ਾਮਲ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਨਾਲ ਜੋੜਨ ਲਈ ਇਹ ਵਿਲੱਖਣ ਉਪਰਾਲਾ ਕੀਤਾ ਗਿਆ ਹੈ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਤੇ ਵੱਡੇ ਪੱਧਰ ’ਤੇ ਮਨਾਉਣ ਲਈ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮਕਸਦ ਗੁਰੂ ਜੀ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਦਿੱਤੇ ਸੰਦੇਸ਼ਾਂ ਨੂੰ ਹਰ ਵਰਗ ਦੇ ਲੋਕਾਂ ਖਾਸ ਕਰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਡੇਰਾ ਸੱਚਖੰਡ ਬੱਲਾਂ ਨੇੜੇ 10.4 ਏਕੜ ਰਕਬੇ ਵਿੱਚ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦੀ ਸਥਾਪਨਾ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ 92 ਡ੍ਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਡਿਜੀਟਲ ਤਕਨੀਕ ਰਾਹੀਂ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਰਾਤ ਸਮੇਂ ਆਸਮਾਨ ਵਿੱਚ ਜੀਵੰਤ ਰੂਪ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਵੀ ਦਿੱਤਾ।
ਇਸ ਤੋਂ ਪਹਿਲਾਂ ਭਾਈ ਜਸਬੀਰ ਸਿੰਘ ਜਲੰਧਰ ਵਾਲਿਆਂ ਦੇ ਜਥੇ ਵੱਲੋਂ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਇਸ ਮੌਕੇ ਮਾਰਕੀਟ ਕਮੇਟੀ ਜਲੰਧਰ ਦੇ ਚੇਅਰਮੈਨ ਗੁਰਪਾਲ ਸਿੰਘ, ਐਸ.ਡੀ.ਐਮ. ਜਲੰਧਰ-2 ਸ਼ਾਇਰੀ ਮਲਹੋਤਰਾ, ਬੀ.ਡੀ.ਪੀ.ਓ. ਸੇਵਾ ਸਿੰਘ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
