ਡਿਪਟੀ ਕਮਿਸ਼ਨਰ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ, 18 ਸਤੰਬਰ : ਸੁਨੀਲ ਕੁਮਾਰ
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ 25 ਸਤੰਬਰ ਨੂੰ ਮਨਾਏ ਜਾ ਰਹੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਮੇਲੇ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲੇ ਦੀ ਖੇਤਰ ਵਿੱਚ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਰਧਾਲੂ ਬਿਨਾਂ ਕਿਸੇ ਦਿੱਕਤ ਦੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਵਿੱਚ ਸ਼ਾਮਲ ਹੋ ਕੇ ਸ਼ਰਧਾ ਭੇਟ ਕਰ ਸਕਣ।
ਸ਼੍ਰੀ ਵਾਲੀਆ ਨੇ ਸੁਰੱਖਿਆ, ਆਵਾਜਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀ ਗਿਣਤੀ ਵਿੱਚ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ, ਮਹਿਲਾ ਪੁਲਿਸ, ਸੁਚੱਜੀ ਨਿਗਰਾਨੀ, ਆਵਾਜਾਈ ਦੇ ਬਦਲਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੰਦਿਰ, ਮੰਦਿਰ ਨੂੰ ਜਾਣ ਵਾਲੇ ਮੁੱਖ ਮਾਰਗ, ਨਾਲ ਲੱਗਦੀਆਂ ਸੜਕਾਂ ਅਤੇ ਮੇਲੇ ਵਾਲੇ ਸਥਾਨ ਦੀ ਢੁੱਕਵੀਂ ਸਾਫ-ਸਫਾਈ, ਸਜਾਵਟ, ਮੈਡੀਕਲ ਟੀਮਾਂ ਸਮੇਤ ਐਂਬੂਲੈਂਸਾਂ ਦੀ ਤਾਇਨਾਤੀ, ਪੀਣ ਵਾਲੇ ਪਾਣੀ ਦੇ ਇੰਤਜ਼ਾਮ, ਫਾਇਰ ਬ੍ਰਿਗੇਡ ਅਤੇ ਆਰਜੀ ਪਖਾਨਿਆਂ ਸਮੇਤ ਹੋਰ ਲੋੜੀਂਦੇ ਬੰਦੋਬਸਤ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲੋਕ ਨਿਰਮਾਣ ਵਿਭਾਗ ਨੂੰ ਮੇਲੇ ਵਿੱਚ ਲੱਗਣ ਵਾਲੀਆਂ ਸਟੇਜਾਂ ਅਤੇ ਝੂਲਿਆਂ ਦੀ ਲੋੜੀਂਦੀ ਜਾਂਚ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ। ਬਿਜਲੀ ਵਿਭਾਗ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਨਿਰਦੇਸ਼ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕਿਤੇ ਤਾਰਾਂ ਢਿੱਲੀਆਂ ਜਾਂ ਨੀਵੀਂਆਂ ਹਨ ਤਾਂ ਉਨ੍ਹਾਂ ਨੂੰ ਜਲਦ ਤੋਂ ਜਲਦ ਠੀਕ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲੇ ਦੌਰਾਨ ਵੱਡੀ ਗਿਣਤੀ ਸ਼ਰਧਾਲੂ ਮੰਦਿਰ ਵਿਖੇ ਮੱਥਾ ਟੇਕਣ ਅਤੇ ਸ਼ਰਧਾ ਭੇਟ ਕਰਨ ਲਈ ਆਉਂਦੇ ਹਨ, ਜਿਨ੍ਹਾਂ ਦੀ ਸਹੂਲਤ ਲਈ ਪ੍ਰਬੰਧਾਂ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਸਮੂਹ ਵਿਭਾਗਾਂ ਨੂੰ ਬਿਹਤਰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ, ਡੀ.ਸੀ.ਪੀ. ਪਰਮਿੰਦਰ ਸਿੰਘ, ਡੀ.ਸੀ.ਪੀ. ਅਦਿੱਤਿਆ ਵਾਰੀਅਰ, ਐਸ.ਡੀ.ਐਮ. ਸ਼ੁਭੀ ਆਂਗਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
