5 ਸਾਲਾ ਹਰਵੀਰ ਨਾਲ ਬਦਫੈਲੀ ਮਗਰੋਂ ਕਤਲ ਕਰਨ ਵਾਲੇ ਦੋਸ਼ੀ ਨੂੰ ਫ਼ਾਂਸੀ ਦੀ ਸਜ਼ਾ
ਅਦਾਲਤ ਨੇ ਮਾਮਲੇ ਨੂੰ ‘ਦੁਰਲੱਭ ਤੋਂ ਦੁਰਲੱਭ’ ਕਰਾਰ ਦੇ ਕੇ ਸੁਣਾਇਆ ਸਖ਼ਤ ਫ਼ੈਸਲਾ ਪਰਿਵਾਰ ਨੇ ਕਿਹਾ ਬੱਚਾ ਵਾਪਸ ਨਹੀਂ ਆ ਸਕਦਾ, ਪਰ ਇਨਸਾਫ਼ ਨਾਲ ਮਿਲੀ ਰਾਹਤ
ਹੁਸ਼ਿਆਰਪੁਰ, 18 ਸਤੰਬਰ (ਤਰਸੇਮ ਦੀਵਾਨਾ)

ਹੁਸ਼ਿਆਰਪੁਰ ਦੀ ਮਾਣਯੋਗ ਅਦਾਲਤ ਨੇ ਦੀਪ ਨਗਰ ਮੁਹੱਲੇ ਦੇ 5 ਸਾਲਾ ਬੱਚੇ ਹਰਵੀਰ ਸਿੰਘ ਨਾਲ ਬਦਫੈਲੀ ਕਰਨ ਉਪਰੰਤ ਉਸ ਦਾ ਕਤਲ ਕਰਨ ਦੇ ਮਾਮਲੇ ਵਿੱਚ ਦੋਸ਼ੀ ਨਾਨਕੇ ਯਾਦਵ ਨੂੰ ਫ਼ਾਂਸੀ ਦੀ ਸਜ਼ਾ ਸੁਣਾਈ ਹੈ। ਮਾਣਯੋਗ ਜੱਜ ਮਨਪ੍ਰੀਤ ਕੌਰ ਦੀ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਨੂੰ ‘ਦੁਰਲੱਭ ਤੋਂ ਦੁਰਲੱਭ’ ਮਾਮਲਾ ਮੰਨਿਆ ਅਤੇ ਦੋਸ਼ੀ ਲਈ ਮੌਤ ਦੀ ਸਜ਼ਾ ਦਾ ਐਲਾਨ ਕੀਤਾ। ਅਦਾਲਤ ਵੱਲੋਂ 15 ਸਤੰਬਰ ਨੂੰ ਹੀ ਮੁਲਜ਼ਮ ਨੂੰ ਭਾਰਤੀ ਨਿਆਂ ਸੰਹਿਤਾ ਦੀ ਧਾਰਾ 103 ਅਤੇ ਪੋਕਸੋ ਐਕਟ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ, ਜਦਕਿ ਸਜ਼ਾ ਸੁਣਾਉਣ ਲਈ 18 ਸਤੰਬਰ ਦੀ ਤਾਰੀਖ਼ ਮੁਕੱਰਰ ਕੀਤੀ ਗਈ ਸੀ।
ਮਾਮਲੇ ਦੀ ਸੁਣਵਾਈ ਦੌਰਾਨ ਸਾਹਮਣੇ ਆਏ ਤੱਥਾਂ ਅਨੁਸਾਰ ਪਿਛਲੇ ਸਾਲ 9 ਸਤੰਬਰ ਨੂੰ 5 ਸਾਲਾ ਹਰਵੀਰ ਸਿੰਘ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ। ਇਸ ਦੌਰਾਨ ਦੋਸ਼ੀ ਉਸ ਨੂੰ ਕਥਿਤ ਤੌਰ ’ਤੇ ਅਗਵਾ ਕਰਕੇ ਆਪਣੇ ਨਾਲ ਲੈ ਗਿਆ। ਪਰਿਵਾਰ ਵੱਲੋਂ ਬੱਚੇ ਦੀ ਭਾਲ ਕੀਤੀ ਗਈ ਅਤੇ ਮਾਮਲਾ ਪੁਲੀਸ ਤੱਕ ਪਹੁੰਚਣ ਉਪਰੰਤ ਪੁਲੀਸ ਨੇ ਤੁਰੰਤ ਕਾਰਵਾਈ ਸ਼ੁਰੂ ਕੀਤੀ। ਅਗਲੇ ਦਿਨ ਪੁਰਹੀਰਾਂ ਸਥਿਤ ਇੱਕ ਸ਼ਮਸ਼ਾਨਘਾਟ ਤੋਂ ਬੱਚੇ ਦੀ ਲਾਸ਼ ਬਰਾਮਦ ਹੋਈ, ਜਿਸ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਰੋਸ ਦੀ ਲਹਿਰ ਫੈਲ ਗਈ।
ਪੋਸਟਮਾਰਟਮ ਰਿਪੋਰਟ ਵਿੱਚ ਸਾਹਮਣੇ ਆਇਆ ਕਿ ਬੱਚੇ ਨਾਲ ਕਤਲ ਤੋਂ ਪਹਿਲਾਂ ਬਦਫੈਲੀ ਕੀਤੀ ਗਈ ਸੀ। ਪੁਲੀਸ ਨੇ ਮਾਮਲੇ ਦੀ ਜਾਂਚ ਨੂੰ ਤੇਜ਼ ਕਰਦਿਆਂ ਵਾਰਦਾਤ ਤੋਂ ਅਗਲੇ ਹੀ ਦਿਨ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜਾਂਚ ਦੌਰਾਨ ਇਕੱਠੇ ਕੀਤੇ ਸਬੂਤਾਂ ਅਤੇ ਗਵਾਹੀਆਂ ਦੇ ਆਧਾਰ ’ਤੇ ਮਾਮਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਲੰਬੀ ਸੁਣਵਾਈ ਉਪਰੰਤ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦਿਆਂ ਹੁਣ ਫ਼ਾਂਸੀ ਦੀ ਸਜ਼ਾ ਸੁਣਾਈ ਹੈ।
ਇਸ ਘਿਨਾਉਣੀ ਘਟਨਾ ਨੇ ਉਸ ਸਮੇਂ ਹੁਸ਼ਿਆਰਪੁਰ ਹੀ ਨਹੀਂ ਸਗੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਵੀ ਤਿੱਖਾ ਰੋਸ ਪੈਦਾ ਕੀਤਾ ਸੀ। ਘਟਨਾ ਤੋਂ ਬਾਅਦ ਲੋਕਾਂ ਵੱਲੋਂ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਸੀ। ਇਸ ਦੌਰਾਨ ਕੁਝ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਪ੍ਰਵਾਸੀ ਮਜ਼ਦੂਰਾਂ ਸਬੰਧੀ ਮਤੇ ਪਾਸ ਕੀਤੇ ਜਾਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਸਨ, ਜਿਸ ਕਾਰਨ ਇਹ ਮਾਮਲਾ ਵਿਆਪਕ ਚਰਚਾ ਦਾ ਵਿਸ਼ਾ ਬਣਿਆ।
ਅਦਾਲਤ ਵੱਲੋਂ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ’ਤੇ ਮ੍ਰਿਤਕ ਬੱਚੇ ਦੇ ਪਿਤਾ ਅਮਨਦੀਪ ਸਿੰਘ ਨੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੱਚਾ ਬੇਸ਼ੱਕ ਕਦੇ ਵਾਪਸ ਨਹੀਂ ਆ ਸਕਦਾ, ਪਰ ਦੋਸ਼ੀ ਨੂੰ ਸਜ਼ਾ ਮਿਲਣ ਨਾਲ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਭਾਵਨਾ ਜ਼ਰੂਰ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਹਰਵੀਰ ਦੀ ਮੌਤ ਦਾ ਦੁੱਖ ਪਰਿਵਾਰ ਕਦੇ ਨਹੀਂ ਭੁਲਾ ਸਕਦਾ।
ਪਰਿਵਾਰ ਦੀ ਤਰਫ਼ੋਂ ਕੇਸ ਦੀ ਪੈਰਵੀ ਕਰਨ ਵਾਲੇ ਐਡਵੋਕੇਟ ਅਸ਼ਵਨੀ ਕੁਮਾਰ ਵਰਮਾ ਨੇ ਵੀ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅਦਾਲਤ ਦੇ ਫ਼ੈਸਲੇ ਨਾਲ ਪਰਿਵਾਰ ਨੂੰ ਇਨਸਾਫ਼ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁਕੱਦਮੇ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਦੀ ਕੋਸ਼ਿਸ਼ ਰਹੀ ਕਿ ਮਾਮਲੇ ਦੀ ਗੰਭੀਰਤਾ ਨੂੰ ਅਦਾਲਤ ਸਾਹਮਣੇ ਪ੍ਰਭਾਵਸ਼ਾਲੀ ਢੰਗ ਨਾਲ ਰੱਖਿਆ ਜਾਵੇ ਅਤੇ ਦੋਸ਼ੀ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ।
ਫੋਟੋ ਅਜਮੇਰ ਦੀਵਾਨਾ
