Sports:ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਕਿਹਾ, ਪੰਜਾਬ ਸਰਕਾਰ ਨੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ 1800 ਕਰੋੜ ਰੁਪਏ ਦਾ ਬਜਟ ਰੱਖਿਆ

ਜਲੰਧਰ, 28 ਸਤੰਬਰ : ਸੁਨੀਲ ਕੁਮਾਰ

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਸਰਕਾਰੀ ਆਰਟਸ ਅਤੇ ਸਪੋਰਟ ਕਾਲਜ, ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਉਦਘਾਟਨ ਕੀਤਾ ਗਿਆ। ਖੇਡ ਪ੍ਰੇਮੀਆਂ, ਅਧਿਕਾਰੀਆਂ ਤੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਸੂਬੇ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ’ਤੇ ਵਿਸਥਾਰ ਨਾਲ ਚਾਨਣਾ ਪਾਇਆ।

 

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਨਜ਼ਰੀਏ ’ਤੇ ਚਾਨਣਾ ਪਾਉਂਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਆਪ ਖੁਦ ਬਹੁਤ ਵੱਡੇ ਖੇਡ ਪ੍ਰੇਮੀ ਹਨ ਅਤੇ ਉਨ੍ਹਾਂ ਨੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਨੂੰ ਪਹਿਲੀ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਭਾਵੇਂ ਉਹ ਫੁੱਟਬਾਲ ਹੋਵੇ, ਵਾਲੀਬਾਲ ਜਾਂ ਹਾਕੀ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਇਕ ਖਿਡਾਰੀ ਕਦੇ ਵੀ ਨਸ਼ਿਆਂ ਵਿੱਚ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਖੇਡਾਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਦੀ ਅਥਾਹ ਊਰਜਾ ਸ਼ਕਤੀ ਨੂੰ ਉਸਾਰੂ ਪਾਸੇ ਲਗਾਉਣ ਲਈ ਸਭ ਤੋਂ ਕਾਰਗਰ ਹਥਿਆਰ ਹਨ।

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਵਲੋਂ 1800 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਭਰ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਅਤਿ ਆਧੁਨਿਕ ਖੇਡ ਮੈਦਾਨ ਬਣਾਉਣ ਲਈ ਵਰਤਿਆ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੇ ਨੌਜਵਾਨ ਐਥਲੀਟਾਂ ਨੂੰ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰੀ ਕਰ ਰਹੇ ਖਿਡਾਰੀਆਂ ਨੂੰ ਖੁਰਾਕ ਅਤੇ ਸਿਖ਼ਲਾਈ ਵਾਸਤੇ ਅਗਾਊਂ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਾਲੀਆਂ ਸਰਕਾਰ ਦੀਆਂ ਪਹਿਲਕਦਮੀਆਂ ‘ਤੇ ਵੀ ਚਾਨਣਾ ਪਾਇਆ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਖਿਡਾਰੀ ਵਿੱਤੀ ਤੰਗੀ ਕਾਰਨ ਮੌਕੇ ਤੋਂ ਵਾਂਝਾ ਨਾ ਰਹਿ ਜਾਵੇ।

 

ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵਲੋਂ ਇਹ ਸਮਾਗਮ ਕਰਵਾਉਣ ’ਤੇ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਨੌਜਵਾਨ ਖਿਡਾਰੀਆਂ ਨੂੰ ਸੱਦਾ ਦਿੱਤਾ ਕਿ ਖੇਡਾਂ ਵਿੱਚ ਪੂਰੀ ਸਮਰਪਣ ਭਾਵਨਾ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਸ਼ਿਰਕਤ ਕਰਨ। ਰੈਡ ਕਰਾਸ ਸੋਸਾਇਟੀ ਦੇ ਸਕੱਤਰ ਸੁਰਜੀਤ ਲਾਲ ਵਲੋਂ ਸੁਸਾਇਟੀ ਦੀ ਤਰਫੋਂ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੀ ਸੌਂਪੀਆਂ ਗਈਆਂ।

 

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਮਨਦੀਪ ਕੌਰ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ, ਪ੍ਰਿੰਸੀਪਲ ਡਾ.ਰਣਦੀਪ ਸਿੰਘ, ਵਾਈਸ ਚੇਅਰਮੈਨ ਸਪੋਰਟਸ ਵੈਲਫੇਅਰ ਬੋਰਡ ਇੰਦਰਪ੍ਰਤੀ ਸਿੰਘ, ਧਿਆਨ ਚੰਦ ਐਵਾਰਡੀ ਸੁਸ਼ੀਲ ਕੋਹਲੀ, ਸੇਵਾ ਮੁਕਤ ਜ਼ਿਲ੍ਹਾ ਖੇਡ ਅਫ਼ਸਰ ਗੁਰਭਗਤ ਸਿੰਘ ਸੰਧੂ,ਤੈਰਾਕੀ ਕੋਚ ਉਮੇਸ਼ ਸ਼ਰਮਾ, ਐਥਲੈਟਿਕ ਕੋਚ ਵਿਕਰਮਜੀਤ ਸਿੰਘ, ਤੈਰਾਕੀ ਕੋਚ ਮੰਗਤ ਸਿੰਘ ਅਤੇ ਰੈਸਲਿੰਗ ਕੋਚ ਰਣਜੀਤ ਸਿੰਘ ਵੀ

ਮੌਜੂਦ ਸਨ।

 

Leave a Reply

Your email address will not be published. Required fields are marked *