ਡੀਏਵੀ ਕਾਲਜ ਅਤੇ ਪਿੰਡ ਬਜਵਾੜਾ ਵਿਖੇ ਅਕੈਡਮੀਆਂ ’ਚ 175 ਦੇ ਕਰੀਬ ਬੱਚੇ ਲੈ ਰਹੇ ਫੁਟਬਾਲ ਦੀ ਸਿਖਲਾਈ : ਕੁਲਜੀਤ ਸਿੰਘ ਬਜਵਾੜਾ

ਡੀਏਵੀ ਕਾਲਜ ਅਤੇ ਪਿੰਡ ਬਜਵਾੜਾ ਵਿਖੇ ਅਕੈਡਮੀਆਂ ’ਚ 175 ਦੇ ਕਰੀਬ ਬੱਚੇ ਲੈ ਰਹੇ ਫੁਟਬਾਲ ਦੀ ਸਿਖਲਾਈ : ਕੁਲਜੀਤ ਸਿੰਘ ਬਜਵਾੜਾ

ਹੁਸ਼ਿਆਰਪੁਰ, 1 ਅਕਤੂਬਰ (ਤਰਸੇਮ ਦੀਵਾਨਾ)

ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਸਹੀ ਦਿਸ਼ਾ ਦੇਣ ਦੇ ਮਕਸਦ ਨਾਲ ਇਲਾਕੇ ਦੀ ਮਹਾਨ ਸ਼ਖ਼ਸੀਅਤ ਅਤੇ ਉੱਘੇ ਸਮਾਜ ਸੇਵਕ ਕੁਲਜੀਤ ਸਿੰਘ ਬਜਵਾੜਾ, ਜ਼ਿਲ੍ਹਾ ਪਰਿਸ਼ਦ ਮੈਂਬਰ ਆਮ ਆਦਮੀ ਪਾਰਟੀ ਹੁਸ਼ਿਆਰਪੁਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਤਹਿਤ ਡੀਏਵੀ ਕਾਲਜ ਹੁਸ਼ਿਆਰਪੁਰ ਵਿਖੇ ਫੁਟਬਾਲ ਅਕੈਡਮੀ ਚਲਾਈ ਜਾ ਰਹੀ ਹੈ। ਇਸ ਅਕੈਡਮੀ ਵਿੱਚ ਲਗਭਗ 50 ਬੱਚੇ ਪੂਰੇ ਉਤਸ਼ਾਹ ਅਤੇ ਸ਼ਿੱਦਤ ਨਾਲ ਫੁਟਬਾਲ ਦੀ ਸਿਖਲਾਈ ਲੈ ਰਹੇ ਹਨ।

ਇਸੇ ਤਰ੍ਹਾਂ ਨਾਲ ਲੱਗਦੇ ਪਿੰਡ ਬਜਵਾੜਾ ਵਿਖੇ ਵੀ ਫੁਟਬਾਲ ਅਕੈਡਮੀ ਖੋਲੀ ਗਈ ਹੈ, ਜਿੱਥੇ ਕਰੀਬ 125 ਬੱਚੇ ਨਿਯਮਤ ਤੌਰ ’ਤੇ ਫੁਟਬਾਲ ਦੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਦੋਵੇਂ ਅਕੈਡਮੀਆਂ ਵਿੱਚ ਲਗਭਗ 175 ਬੱਚਿਆਂ ਦਾ ਖੇਡ ਨਾਲ ਜੁੜਨਾ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਕਾਫ਼ੀ ਉਤਸ਼ਾਹ ਹੈ। ਇਨ੍ਹਾਂ ਅਕੈਡਮੀਆਂ ਰਾਹੀਂ ਬੱਚਿਆਂ ਨੂੰ ਫੁਟਬਾਲ ਦੇ ਬੁਨਿਆਦੀ ਹੁਨਰਾਂ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਖੇਡ ਭਾਵਨਾ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ।

ਕੁਲਜੀਤ ਸਿੰਘ ਬਜਵਾੜਾ ਨੇ ਦੱਸਿਆ ਕਿ ਅਕੈਡਮੀਆਂ ਵਿੱਚ ਸਿਖਲਾਈ ਲੈ ਰਹੇ ਖਿਡਾਰੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਸਮੇਂ-ਸਮੇਂ ’ਤੇ ਪੂਰੀਆਂ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਖਿਡਾਰੀਆਂ ਦਾ ਹਰ ਪੱਖੋਂ ਖਿਆਲ ਰੱਖਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਲੋੜਵੰਦ ਅਤੇ ਹੋਣਹਾਰ ਖਿਡਾਰੀਆਂ ਨੂੰ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ, ਤਾਂ ਜੋ ਆਰਥਿਕ ਤੰਗੀ ਕਾਰਨ ਕਿਸੇ ਵੀ ਬੱਚੇ ਦੀ ਖੇਡ ਪ੍ਰਤਿਭਾ ਪ੍ਰਭਾਵਿਤ ਨਾ ਹੋਵੇ।

ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਯਤਨ ਹੈ ਕਿ ਇਲਾਕੇ ਦੇ ਵੱਧ ਤੋਂ ਵੱਧ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮਾਹੌਲ ਅਤੇ ਲੋੜੀਂਦੀਆਂ ਸਹੂਲਤਾਂ ਮਿਲ ਸਕਣ, ਤਾਂ ਜੋ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰ ’ਤੇ ਆਪਣਾ ਨਾਮ ਰੌਸ਼ਨ ਕਰ ਸਕਣ।

ਉਨ੍ਹਾਂ ਅੱਗੇ ਕਿਹਾ ਕਿ ਅਕੈਡਮੀਆਂ ਵਿੱਚ ਸਿਖਲਾਈ ਲੈ ਰਹੇ ਬੱਚਿਆਂ ਦੀ ਖੇਡ ਪ੍ਰਤੀ ਲਗਨ ਅਤੇ ਮਿਹਨਤ ਨੂੰ ਦੇਖਦਿਆਂ ਭਵਿੱਖ ਵਿੱਚ ਵੀ ਉਨ੍ਹਾਂ ਦੀ ਹਰ ਸੰਭਵ ਮਦਦ ਜਾਰੀ ਰੱਖੀ ਜਾਵੇਗੀ। ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਵਰਾਜ ਸਿੰਘ ਕੋਚ, ਜਸਵੀਰ ਸਿੰਘ, ਕੋਚ ਬਲਦੀਪ ਸਿੰਘ, ਅਰਮਾਨ, ਫੁਟਬਾਲ ਖਿਡਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *