ਸੰਗਰੂਰ ਦੇ ਦਲਿਤ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਸਖ਼ਤ, ਪੰਜਾਬ ਪ੍ਰਸ਼ਾਸਨ ਅਤੇ ਪੁਲਿਸ ਤੋਂ 15 ਦਿਨਾਂ ਵਿੱਚ ਮੰਗੀ ਕਾਰਵਾਈ ਰਿਪੋਰਟ — ਸ਼ੀਤਲ ਅੰਗੁਰਾਲ
ਨਵੀਂ ਦਿੱਲੀ / ਜਲੰਧਰ, 4 ਅਕਤੂਬਰ / ਬਿਉਰੋ

ਸੰਗਰੂਰ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸੰਬੰਧਤ ਇੱਕ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸਾਬਕਾ ਵਿਧਾਇਕ ਅਤੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਪ੍ਰਧਾਨ ਸ਼ੀਤਲ ਅੰਗੁਰਾਲ ਵੱਲੋਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ ’ਤੇ ਕਮਿਸ਼ਨ ਨੇ ਸੰਗਿਆਨ ਲੈਂਦਿਆਂ ਜਾਂਚ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ, ਭਾਰਤ ਸਰਕਾਰ ਵੱਲੋਂ ਜਾਰੀ ਅਧਿਕਾਰਿਕ ਨੋਟਿਸ ਅਨੁਸਾਰ ਕਮਿਸ਼ਨ ਨੇ ਇਸ ਮਾਮਲੇ ਵਿੱਚ ਸੰਗਰੂਰ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਅਤੇ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਦੇ ਅੰਦਰ ਵਿਸਥਾਰਪੂਰਵਕ ਐਕਸ਼ਨ ਟੇਕਨ ਰਿਪੋਰਟ (Action Taken Report) ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਕਮਿਸ਼ਨ ਵੱਲੋਂ ਜਾਰੀ ਨੋਟਿਸ ਵਿੱਚ ਮਾਮਲੇ ਦੀ ਨਿਰਪੱਖ ਜਾਂਚ, ਪੁਲਿਸ ਕਾਰਵਾਈ, ਐੱਫ.ਆਈ.ਆਰ. ਅਤੇ ਲਾਗੂ ਧਾਰਾਵਾਂ, ਦੋਸ਼ੀਆਂ ਦੀ ਗ੍ਰਿਫ਼ਤਾਰੀ, ਚਾਰਜਸ਼ੀਟ ਅਤੇ ਪੀੜਤ ਪਰਿਵਾਰ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤੇ ਜਾਣ ਸਬੰਧੀ ਜਾਣਕਾਰੀ ਮੰਗੀ ਗਈ ਹੈ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਨਿਰਧਾਰਿਤ ਸਮੇਂ ਅੰਦਰ ਜਵਾਬ ਪ੍ਰਾਪਤ ਨਾ ਹੋਣ ਦੀ ਸੂਰਤ ਵਿੱਚ ਉਹ ਭਾਰਤੀ ਸੰਵਿਧਾਨ ਦੇ ਆਰਟੀਕਲ 338 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਸਮਨ ਜਾਰੀ ਕਰ ਸਕਦਾ ਹੈ।
ਸ਼ੀਤਲ ਅੰਗੁਰਾਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਦਾ ਉਦੇਸ਼ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪਰਿਵਾਰ ਨਾਲ ਅਨਿਆਂ ਨਾ ਹੋਵੇ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਰੱਖਿਆ ਕਰਨਾ ਸੰਵਿਧਾਨਕ ਜ਼ਿੰਮੇਵਾਰੀ ਹੈ। ਜੇਕਰ ਕਿਸੇ ਮਾਮਲੇ ਵਿੱਚ ਲਾਪਰਵਾਹੀ ਹੋਈ ਹੈ ਤਾਂ ਉਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਪਾਏ ਜਾਣ ਵਾਲੇ ਲੋਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਨਿਰਪੱਖ, ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਹੋਣੀ ਚਾਹੀਦੀ ਹੈ। ਪ੍ਰਸ਼ਾਸਨ ਅਤੇ ਪੁਲਿਸ ਨੂੰ ਕਮਿਸ਼ਨ ਵੱਲੋਂ ਮੰਗੀ ਗਈ ਰਿਪੋਰਟ ਸਮੇਂ ਸਿਰ ਪੇਸ਼ ਕਰਨੀ ਚਾਹੀਦੀ ਹੈ ਤਾਂ ਜੋ ਮਾਮਲੇ ਦੀ ਅਸਲ ਸਥਿਤੀ ਸਾਹਮਣੇ ਆ ਸਕੇ।
ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਵਿਧਾਨਕ ਅਤੇ ਕਾਨੂੰਨੀ ਮਾਧਿਅਮਾਂ ਰਾਹੀਂ ਆਪਣੀ ਆਵਾਜ਼ ਉਠਾਉਂਦੇ ਰਹਿਣਗੇ। ਉਨ੍ਹਾਂ ਉਮੀਦ ਜਤਾਈ ਕਿ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਦਖ਼ਲ ਨਾਲ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਆਵੇਗੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕੇ ਜਾਣਗੇ।
ਜਾਰੀਕਰਤਾ:
ਸ਼ੀਤਲ ਅੰਗੁਰਾਲ
ਸਾਬਕਾ ਵਿਧਾਇਕ, ਜਲੰਧਰ ਵੈਸਟ
ਪ੍ਰਧਾਨ, ਭਾਜਪਾ ਅਨੁਸੂਚਿਤ ਜਾਤੀ ਮੋਰਚਾ, ਪੰਜਾਬ
