ਪੰਜਾਬ ਵਿੱਚ ਕਾਨੂੰਨ-ਵਿਵਸਥਾ ਦਾ ਦੀਵਾਲਾ, ‘ਆਪ’ ਕੌਂਸਲਰ ਦਾ ਪਰਿਵਾਰ ਹੀ ਸੁਰੱਖਿਅਤ ਨਹੀਂ ਤਾਂ ਆਮ ਜਨਤਾ ਦੀ ਸੁਰੱਖਿਆ ਦੀ ਗਾਰੰਟੀ ਕੌਣ ਦੇਵੇਗਾ? — ਅਸ਼ੋਕ ਸਰੀਨ ਹਿੱਕੀ
ਭਗਵੰਤ ਮਾਨ ਸਰਕਾਰ ਵਿੱਚ ਪੁਲਿਸ ਅਤੇ ਸੱਤਾਧਾਰੀ ਪਾਰਟੀ ਦੇ ਆਗੂ ਵੀ ਸੁਰੱਖਿਅਤ ਨਹੀਂ, ਫਿਰ ਪੰਜਾਬ ਸਰਕਾਰ ਜਨਤਾ ਦੀ ਰੱਖਿਆ ਕੀ ਕਰੇਗੀ?

ਜਲੰਧਰ/ ਸੁਨੀਲ ਕੁਮਾਰ
ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਵਾਰਡ ਨੰਬਰ 23 ਦੀ ਆਮ ਆਦਮੀ ਪਾਰਟੀ ਦੀ ਕੌਂਸਲਰ ਪਰਮਜੀਤ ਕੌਰ ਦੇ ਪਤੀ ਹਰਪਾਲ ਮਿੰਟੂ ’ਤੇ ਕਾਜ਼ੀ ਮੰਡੀ ਵਿੱਚ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਜਿਸ ਸਰਕਾਰ ਵਿੱਚ ਪੁਲਿਸ ਅਤੇ ਸੱਤਾਧਾਰੀ ਪਾਰਟੀ ਦੇ ਆਗੂ ਹੀ ਸੁਰੱਖਿਅਤ ਨਹੀਂ ਹਨ, ਉਸ ਸਰਕਾਰ ਵਿੱਚ ਆਮ ਜਨਤਾ ਦੀ ਸੁਰੱਖਿਆ ਦੀ ਗਾਰੰਟੀ ਕੌਣ ਦੇਵੇਗਾ?
ਅਸ਼ੋਕ ਸਰੀਨ ਹਿੱਕੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਹਮਲਾਵਰਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸੂਬੇ ਵਿੱਚ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਵਿੱਚ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ।
