ਬੱਚਤ ਭਵਨ ਅੰਮ੍ਰਿਤਸਰ ਵਿਖੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅਹਿਮ ਮੀਟਿੰਗ
ਸਮਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ’ਤੇ ਦਿੱਤਾ ਜ਼ੋਰ

*ਅੰਮ੍ਰਿਤਸਰ, 26 ਅਕਤੂਬਰ:/ ਰੋਜ਼ਾਨਾਂ ਰਿਪੋਰਟਰ
ਅੱਜ ਬੱਚਤ ਭਵਨ, ਅੰਮ੍ਰਿਤਸਰ ਵਿਖੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ ਦੇ ਨੁਮਾਇੰਦਿਆਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਸ੍ਰੀ ਜਰਨੈਲ ਸਿੰਘ ਢੋਟ ਨੇ ਕੀਤੀ। ਮੀਟਿੰਗ ਵਿੱਚ ਵੱਖ-ਵੱਖ ਸਮਾਜਾਂ ਦੀ ਭਲਾਈ, ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਸ਼ਹਿਰ ਦੇ ਲੋਕਾਂ ਦੀ ਸੇਵਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਰਾਮਗੜ੍ਹੀਆ, ਕੰਬੋਜ, ਅਗਰਵਾਲ, ਗੁੱਜਰ, ਸੁਨਿਆਰਾ, ਖੱਤਰੀ, ਅਰੋੜਾ ਅਤੇ ਬ੍ਰਾਹਮਣ ਸਮਾਜ ਸਮੇਤ ਵੱਖ-ਵੱਖ ਭਾਈਚਾਰਿਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪੱਧਰੀ ਚੇਅਰਮੈਨਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਲੋੜਾਂ, ਉਨ੍ਹਾਂ ਦੀ ਭਲਾਈ ਅਤੇ ਲੋਕਾਂ ਨਾਲ ਬਿਹਤਰ ਤਾਲਮੇਲ ਸਥਾਪਤ ਕਰਨ ਬਾਰੇ ਵਿਚਾਰ ਸਾਂਝੇ ਕੀਤੇ ਗਏ।
ਇਸ ਮੌਕੇ ਸ੍ਰੀ ਜਰਨੈਲ ਸਿੰਘ ਢੋਟ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਕਿਹਾ ਕਿ ਸਮਾਜ ਦੇ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਅਤੇ ਆਪਣੇ ਹੱਕਾਂ ਬਾਰੇ ਜਾਣੂ ਕਰਵਾਉਣ। ਉਨ੍ਹਾਂ ਨੇ ਸਮਾਜ ਸੇਵਾ ਦੇ ਕੰਮਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਮੀਟਿੰਗ ਦੌਰਾਨ ਸਾਰੇ ਚੇਅਰਮੈਨਾਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਵੱਧ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਸਮਾਜਾਂ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇਗੀ।
ਮੀਟਿੰਗ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ, ਸਮਾਜ ਦੇ ਵੱਖ-ਵੱਖ ਵਰਗਾਂ ਵਿੱਚ ਤਾਲਮੇਲ ਵਧਾਉਣ ਅਤੇ ਲੋਕਾਂ ਤੱਕ ਪਹੁੰਚ ਨੂੰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਹਾਜ਼ਰ ਨੁਮਾਇੰਦਿਆਂ ਨੇ ਉਮੀਦ ਪ੍ਰਗਟਾਈ ਕਿ ਸਾਂਝੇ ਯਤਨਾਂ ਨਾਲ ਪਾਰਟੀ ਦੇ ਕੰਮਕਾਜ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਨੂੰ ਵੀ ਬਲ ਮਿਲੇਗਾ।
ਇਸ ਮੌਕੇ ਪੰਜਾਬ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਚੇਅਰਮੈਨ ਸ੍ਰੀ ਸਤਪਾਲ ਸੌਖੀ, ਪ੍ਰਧਾਨ ਸ੍ਰੀ ਸਰਬਜੋਤ ਸਿੰਘ ਧੰਜਲ, ਸ੍ਰੀ ਗੁਰਪ੍ਰਤਾਪ ਸਿੰਘ ਸੰਧੂ, ਸ੍ਰੀ ਭਗਵੰਤ ਸਿੰਘ ਕੰਵਲ, ਸ੍ਰੀ ਜੇ.ਐੱਸ. ਰਾਹੁਲ, ਸ੍ਰੀ ਗੁਲਜ਼ਾਰ ਸਿੰਘ ਬਿੱਟੂ, ਸ੍ਰੀ ਹਰਬੀਰ ਸਿੰਘ ਥਿੰਦ, ਸ੍ਰੀ ਅਮਨਪ੍ਰੀਤ ਸਿੰਘ ਪਨੇਸਰ, ਸ੍ਰੀ ਸੰਜੀਵ ਉੱਪਲ, ਸ੍ਰੀਮਤੀ ਨਰੈਣੀ ਸ਼ਰਮਾ, ਸ੍ਰੀ ਅਰਵਿੰਦਰ ਸਿੰਘ ਰਿੰਕੂ ਅਤੇ ਸ੍ਰੀ ਮੁਹੰਮਦ ਸਦੀਕ ਸਮੇਤ ਹੋਰ ਚੇਅਰਮੈਨ ਅਤੇ ਨੁਮਾਇੰਦੇ ਹਾਜ਼ਰ ਸਨ।
ਮੀਟਿੰਗ ਦੇ ਅੰਤ ਵਿੱਚ ਸਾਰੇ ਹਾਜ਼ਰੀਨ ਨੇ ਸਮਾਜ ਦੀ ਭਲਾਈ, ਲੋਕ ਸੇਵਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਪ੍ਰਗਟਾਇਆ।
