ਇੰਟਰ-ਸਕੂਲ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਦਿਵਿਆਂਸ਼ ਜਗੋਤਰਾ ਨੇ ਜਿੱਤਿਆ ਸੋਨ ਤਮਗਾ
ਰਯਾਤ ਬਾਹਰਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦੀ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ ਨੇ ਦਿੱਤੀ ਵਧਾਈ

ਹੁਸ਼ਿਆਰਪੁਰ, 29 ਅਕਤੂਬਰ (ਤਰਸੇਮ ਦੀਵਾਨਾ)

ਰਯਾਤ ਬਾਹਰਾ ਇੰਟਰਨੈਸ਼ਨਲ ਸਕੂਲ, ਹੁਸ਼ਿਆਰਪੁਰ ਦੀ 12ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਦਿਵਿਆਂਸ਼ ਜਗੋਤਰਾ ਨੇ ਇੰਟਰ-ਸਕੂਲ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤ ਕੇ ਸਕੂਲ ਅਤੇ ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕੀਤਾ ਹੈ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਹੈ।
ਦਿਵਿਆਂਸ਼ ਦੀ ਇਸ ਕਾਮਯਾਬੀ ਨੂੰ ਉਸ ਦੀ ਸਖ਼ਤ ਮਿਹਨਤ, ਨਿਰੰਤਰ ਅਭਿਆਸ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਦੱਸਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰਸ਼ਮੀ ਸ਼ਰਮਾ ਨੇ ਉਸ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਸਬਰ, ਹੌਸਲੇ, ਅਨੁਸ਼ਾਸਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਦਿਵਿਆਂਸ਼ ਦੀ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦਿਵਿਆਂਸ਼ ਭਵਿੱਖ ਵਿੱਚ ਵੀ ਆਪਣੀ ਮਿਹਨਤ ਅਤੇ ਲਗਨ ਨਾਲ ਨਵੀਆਂ ਪ੍ਰਾਪਤੀਆਂ ਦਰਜ ਕਰੇਗਾ।
ਇਸ ਮੌਕੇ ਰਯਾਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਚੰਦਰ ਮੋਹਨ ਨੇ ਵੀ ਦਿਵਿਆਂਸ਼ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੋਨ ਤਮਗਾ ਜਿੱਤਣਾ ਉਸ ਦੀ ਲਗਨ, ਨਿਰੰਤਰ ਯਤਨਾਂ ਅਤੇ ਆਤਮ-ਵਿਸ਼ਵਾਸ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਨੌਜਵਾਨਾਂ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਮਿਹਨਤ ਕਰਨ ਵਾਸਤੇ ਉਤਸ਼ਾਹਿਤ ਕਰਦੀਆਂ ਹਨ। ਉਨ੍ਹਾਂ ਉਮੀਦ ਜਤਾਈ ਕਿ ਦਿਵਿਆਂਸ਼ ਆਉਣ ਵਾਲੇ ਸਮੇਂ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਅਤੇ ਦੇਸ਼ ਦਾ ਮਾਣ ਵਧਾਏਗਾ।
ਸਕੂਲ ਪ੍ਰਬੰਧਕਾਂ ਨੇ ਦਿਵਿਆਂਸ਼ ਦੀ ਇਸ ਪ੍ਰਾਪਤੀ ਨੂੰ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਮਯਾਬੀ ਕਰਾਰ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ
ਕੀਤੀ।
