ਗੁਰਮਤਿ ਦੇ ਮਾਰਗ ’ਤੇ ਚੱਲ ਕੇ ਜੀਵਨ ਨੂੰ ਸਫ਼ਲ ਬਣਾਉਣ ਦਾ ਸੰਦੇਸ਼ ਦੇ ਗਿਆ ਗੁਰਪੁਰਬ ਸਮਾਗਮ
ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੇ ਕੀਤੀ ਗੁਰਬਾਣੀ ਕੀਰਤਨ ਦੀ ਸਰਵਣ

ਹੁਸ਼ਿਆਰਪੁਰ/ਭੀਖੋਵਾਲ, 28 ਅਕਤੂਬਰ (ਤਰਸੇਮ ਦੀਵਾਨਾ)
ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਸਾਹਿਬ, ਭੀਖੋਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ 558ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਸੰਪੰਨ ਹੋਇਆ। ਸਮਾਗਮ ਦੌਰਾਨ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਣਾ ਦਿੱਤੀ ਗਈ।
ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਉਪਰੰਤ ਭੋਗ ਪਾਉਣ ਨਾਲ ਹੋਈ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਅਤੇ ਐਡਵੋਕੇਟ ਭਾਈ ਹਰਗੋਪਾਲ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਅਤੇ ਭਾਈ ਅਜੀਤ ਸਿੰਘ ਅਕਬਰਪੁਰ ਵਾਲਿਆਂ ਨੇ ਗੁਰਬਾਣੀ ਦੇ ਸ਼ਬਦਾਂ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਕਥਾ-ਵਿਚਾਰ ਦੌਰਾਨ ਬੁਲਾਰਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਨਿਮਰਤਾ, ਸੇਵਾ, ਸਿਮਰਨ ਅਤੇ ਮਨੁੱਖਤਾ ਪ੍ਰਤੀ ਪਿਆਰ ਦੀ ਮਹਾਨ ਮਿਸਾਲ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖ ਨੂੰ ਹੰਕਾਰ ਤੋਂ ਦੂਰ ਰਹਿ ਕੇ ਸੇਵਾ ਅਤੇ ਪਰਉਪਕਾਰ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਮਨੁੱਖ ਆਪਣੇ ਜੀਵਨ ਵਿੱਚ ਚੰਗੇ ਗੁਣਾਂ ਨੂੰ ਅਪਣਾ ਸਕਦਾ ਹੈ ਅਤੇ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਸਦਭਾਵਨਾ ਨੂੰ ਮਜ਼ਬੂਤ ਕਰ ਸਕਦਾ ਹੈ। ਗੁਰਪੁਰਬ ਵਰਗੇ ਧਾਰਮਿਕ ਸਮਾਗਮ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦੇ ਨਾਲ-ਨਾਲ ਸਿੱਖੀ ਸਿਧਾਂਤਾਂ ’ਤੇ ਚੱਲਣ ਦਾ ਸੰਦੇਸ਼ ਵੀ ਦਿੰਦੇ ਹਨ।
ਸਮਾਗਮ ਦੌਰਾਨ ਮੰਚ ਸੰਚਾਲਨ ਭਾਈ ਸੁਰਿੰਦਰ ਸਿੰਘ ਸਤੌਰ ਵਾਲਿਆਂ ਨੇ ਬਾਖੂਬੀ ਕੀਤਾ। ਅੰਤ ਵਿੱਚ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਨੇ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ, ਰਾਗੀ ਜਥਿਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਬੀਬੀ ਹਰਮੀਤ ਕੌਰ, ਬੀਬੀ ਹਰਿੰਦਰਜੀਤ ਕੌਰ, ਮੈਨੇਜਰ ਅਮਰਜੀਤ ਸਿੰਘ, ਅਮਨਦੀਪ ਸਿੰਘ ਸੰਨੀ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਬਲਜੀਤ ਸਿੰਘ, ਗੁਰਜੀਤ ਸਿੰਘ, ਸਤਵੰਤ ਸਿੰਘ, ਸਤਿੰਦਰ ਸਿੰਘ, ਜਸਵੰਤ ਸਿੰਘ ਅਤੇ ਹੈਰੀ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
