ਈ-ਸੇਵਾ ਪੋਰਟਲ ’ਤੇ ਲੰਬਿਤ ਅਰਜ਼ੀਆਂ ਦੇ ਨਿਪਟਾਰੇ ‘ਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਈ-ਸੇਵਾ ਪੋਰਟਲ ’ਤੇ ਲੰਬਿਤ ਅਰਜ਼ੀਆਂ ਦੇ ਨਿਪਟਾਰੇ ‘ਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਵਿਸ਼ੇਸ਼ ਮੁਹਿੰਮ ਤਹਿਤ 1.22 ਲੱਖ ਤੋਂ ਵੱਧ ਅਰਜ਼ੀਆਂ ਦਾ ਕੀਤਾ ਗਿਆ ਨਿਪਟਾਰਾ, ਡੀਜੀ ਪੰਜਾਬ ਪੋਰਟਲ ’ਤੇ ਵੀ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਨੂੰ ਦਿੱਤੀ ਜਾਵੇਗੀ ਤਰਜੀਹ

ਹੁਸ਼ਿਆਰਪੁਰ, 30 ਅਕਤੂਬਰ: ਸੁਨੀਲ ਕੁਮਾਰ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਈ-ਸੇਵਾ ਪੋਰਟਲ ’ਤੇ ਲੰਬਿਤ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਅਤੇ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਹੈ ਅਤੇ ਇਸ ਦਿਸ਼ਾ ਵਿੱਚ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਈ-ਸੇਵਾ ਪੋਰਟਲ ’ਤੇ ਲੰਬਿਤ ਅਰਜ਼ੀਆਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਇਸ ਮੁਹਿੰਮ ਤਹਿਤ 1 ਲੱਖ 22 ਹਜ਼ਾਰ ਤੋਂ ਵੱਧ ਲੰਬਿਤ ਅਰਜ਼ੀਆਂ ਦਾ ਨਿਪਟਾਰਾ ਕੀਤਾ ਗਿਆ। ਇਸ ਪ੍ਰਭਾਵਸ਼ਾਲੀ ਕਾਰਵਾਈ ਦੇ ਨਤੀਜੇ ਵਜੋਂ ਈ-ਸੇਵਾ ਪੋਰਟਲ ਦੀ ਰੈਂਕਿੰਗ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਨੇ ਜ਼ਿਕਰਯੋਗ ਸੁਧਾਰ ਕਰਦਿਆਂ 18ਵੇਂ ਸਥਾਨ ਤੋਂ ਦੂਜਾ ਸਥਾਨ ਹਾਸਲ ਕੀਤਾ ਹੈ।

 

ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ, ਸਮਰਪਣ ਅਤੇ ਬਿਹਤਰ ਤਾਲਮੇਲ ਦਾ ਨਤੀਜਾ ਹੈ। ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਲਗਨ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

 

ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ ਡੀਜੀ ਪੰਜਾਬ ਪੋਰਟਲ ’ਤੇ ਵੀ ਅਰਜ਼ੀਆਂ ਦਾ ਨਿਪਟਾਰਾ ਈ-ਸੇਵਾ ਪੋਰਟਲ ਦੀ ਤਰਜ਼ ’ਤੇ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇਗਾ। ਇਸ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਰਲ, ਸੁਖਾਲੇ ਅਤੇ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

 

ਇਸ ਮੌਕੇ ਕੈਪਟਨ ਗੁਰਪ੍ਰੀਤ ਕੌਰ ਪੀ.ਸੀ.ਐੱਸ., ਇੰਜੀਨੀਅਰ ਅਮਨਦੀਪ ਕੌਰ ਪੀ.ਸੀ.ਐੱਸ., ਜ਼ਿਲ੍ਹਾ ਆਈ.ਟੀ. ਮੈਨੇਜਰ ਕਰਮਜੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਨਰੇਸ਼ ਕੁਮਾਰ, ਤਹਿਸੀਲਦਾਰ ਹੁਸ਼ਿਆਰਪੁਰ ਮਨਦੀਪ ਸਿੰਘ, ਤਹਿਸੀਲਦਾਰ ਗੜ੍ਹਸ਼ੰਕਰ ਲਵਦੀਪ ਸਿੰਘ, ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਕੁਲਵਿੰਦਰ ਸਿੰਘ, ਨਾਇਬ ਤਹਿਸੀਲਦਾਰ ਮੁਕੇਰੀਆਂ ਤਰਸੇਮ ਲਾਲ, ਤਹਿਸੀਲਦਾਰ ਦਫ਼ਤਰ ਹੁਸ਼ਿਆਰਪੁਰ ਤੋਂ ਕੁਲਦੀਪ ਸਿੰਘ, ਤਹਿਸੀਲਦਾਰ ਦਫ਼ਤਰ ਗੜ੍ਹਸ਼ੰਕਰ ਤੋਂ ਕੁਲਤਾਰ ਸਿੰਘ, ਪਟਵਾਰੀ ਅਮਨਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਅਤੇ ਸੀ.ਐੱਮ.ਓ. ਮਨਦੀਪ ਕਮਲ ਮਾਹੀ ਨੂੰ ਸਨਮਾਨਿਤ ਕੀਤਾ ਗਿਆ।

 

ਇਸ ਤੋਂ ਇਲਾਵਾ ਸਿਵਲ ਸਰਜਨ ਦਫ਼ਤਰ ਤੋਂ ਵਧੀਕ ਜ਼ਿਲ੍ਹਾ ਰਜਿਸਟਰਾਰ ਤੇਜਿੰਦਰ ਪਾਲ ਸਿੰਘ, ਸੁਪਰਡੈਂਟ ਸਤਪਾਲ ਅਤੇ ਮਨਦੀਪ ਪਾਲ ਨੂੰ ਵੀ ਲੰਬਿਤ ਅਰਜ਼ੀਆਂ ਦੇ ਨਿਪਟਾਰੇ ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਲਈ ਸਨਮਾਨਿਤ ਕੀਤਾ ਗਿਆ।

Government of Punjab

Leave a Reply

Your email address will not be published. Required fields are marked *