ਮਾਨ ਸਰਕਾਰ ਦੀਆਂ ਨੀਤੀਆਂ ਕਰਕੇ ਨਹੀਂ, ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਘਟਿਆ ਨੌਜਵਾਨਾਂ ਦਾ ਪਰਵਾਸ : ਵਿਜੇ ਸਾਂਪਲਾ*

*ਮਾਨ ਸਰਕਾਰ ਦੀਆਂ ਨੀਤੀਆਂ ਕਰਕੇ ਨਹੀਂ, ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਘਟਿਆ ਨੌਜਵਾਨਾਂ ਦਾ ਪਰਵਾਸ : ਵਿਜੇ ਸਾਂਪਲਾ*

*ਪਰਵਾਸ ‘ਚ ਗਿਰਾਵਟ ਦਾ ਸਿਹਰਾ ਭਗਵੰਤ ਮਾਨ ਨਾ ਲੈਣ, ਅੱਜ ਵੀ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ ਪੰਜਾਬ ਦੇ ਨੌਜਵਾਨ*

ਜਲੰਧਰ, 30 ਅਕਤੂਬਰ ( ਸੁਨੀਲ ਕੁਮਾਰ)

ਸਾਬਕਾ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੁਜ਼ਗਾਰ ਦੇ ਮੌਕਿਆਂ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ‘ਤੇ ਤਿੱਖਾ ਹਮਲਾ ਬੋਲਿਆ ਹੈ।

ਸ਼ੁੱਕਰਵਾਰ ਨੂੰ ਉਨ੍ਹਾਂ ਨੇ ਜਲੰਧਰ ‘ਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਝੂਠਾ ਦਾਅਵਾ ਕਰ ਰਹੇ ਹਨ ਕਿ ਪੰਜਾਬ ਦੇ ਨੌਜਵਾਨਾਂ ਦਾ ਵਿਦੇਸ਼ ਵੱਲ ਪਰਵਾਸ ਇਸ ਲਈ ਰੁਕਿਆ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਨੇ 70,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਸਾਂਪਲਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਜ਼ਮੀਨੀ ਹਕੀਕਤ ਸਮਝਣੀ ਚਾਹੀਦੀ ਹੈ। ਪੰਜਾਬ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਬਿਹਤਰ ਭਵਿੱਖ ਦੀ ਭਾਲ ‘ਚ ਕੈਨੇਡਾ, ਆਸਟ੍ਰੇਲੀਆ ਅਤੇ ਯੂਕੇ ਵਰਗੇ ਦੇਸ਼ਾਂ ‘ਚ ਜਾਂਦੇ ਰਹੇ ਹਨ। ਪਰ ਹੁਣ ਇਨ੍ਹਾਂ ਦੇਸ਼ਾਂ ਨੇ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਲਾਗੂ ਕਰ ਦਿੱਤੀਆਂ ਹਨ, ਜਿਸ ਕਾਰਨ ਨੌਜਵਾਨ ਹੁਣ ਵਿਦੇਸ਼ ਜਾਣ ਤੋਂ ਕਤਰਾਉਣ ਲੱਗੇ ਹਨ, ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀਆਂ ਨੀਤੀਆਂ ਕਾਰਨ ਨਹੀਂ।

 

ਉਨ੍ਹਾਂ ਕਿਹਾ ਕਿ ਪੰਜਾਬ ‘ਚ ਵਿਕਾਸ ਦੀ ਤਸਵੀਰ ਵਧਾ-ਚੜ੍ਹਾ ਕੇ ਪੇਸ਼ ਕਰਨ ਦੀ ਬਜਾਏ, ਮੁੱਖ ਮੰਤਰੀ ਨੂੰ ਸਭ ਤੋਂ ਪਹਿਲਾਂ ਸੂਬੇ ‘ਚ ਵਿਗੜ ਰਹੀ ਰੁਜ਼ਗਾਰ ਦੀ ਸਥਿਤੀ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਹਾਲੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਸੀਨੀਅਰ ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ‘ਚ ਬੇਰੁਜ਼ਗਾਰੀ ਦੇ ਅੰਕੜੇ ਇੱਕ ਗੰਭੀਰ ਤਸਵੀਰ ਪੇਸ਼ ਕਰਦੇ ਹਨ। ਅਪ੍ਰੈਲ ਤੋਂ ਜੂਨ 2026 ਤੱਕ ਕੀਤੇ ਗਏ ਪੀਰੀਅਡਿਕ ਲੇਬਰ ਫੋਰਸ ਸਰਵੇ ਅਨੁਸਾਰ ਪੰਜਾਬ ‘ਚ 15-29 ਸਾਲ ਉਮਰ ਵਰਗ ਦੇ ਨੌਜਵਾਨਾਂ ‘ਚ ਬੇਰੁਜ਼ਗਾਰੀ ਦਰ 22.3 ਪ੍ਰਤੀਸ਼ਤ ਹੈ, ਜੋ ਕਿ ਰਾਸ਼ਟਰੀ ਔਸਤ 15.9 ਪ੍ਰਤੀਸ਼ਤ ਤੋਂ ਕਾਫ਼ੀ ਜ਼ਿਆਦਾ ਹੈ।

 

ਇੱਕ ਹੋਰ ਰਿਪੋਰਟ ਅਨੁਸਾਰ ਪੰਜਾਬ ‘ਚ 15-29 ਉਮਰ ਵਰਗ ‘ਚ 27.7 ਪ੍ਰਤੀਸ਼ਤ ਅਜਿਹੇ ਨੌਜਵਾਨ ਹਨ ਜਿਨ੍ਹਾਂ ਕੋਲ ਨਾ ਤਾਂ ਕੋਈ ਰੁਜ਼ਗਾਰ ਹੈ ਅਤੇ ਨਾ ਹੀ ਉਹ ਸਿੱਖਿਆ ਜਾਂ ਕੋਈ ਸਿਖਲਾਈ ਪ੍ਰਾਪਤ ਕਰ ਰਹੇ ਹਨ।ਸਾਂਪਲਾ ਨੇ ਕਿਹਾ ਕਿ ਇਸ਼ਤਿਹਾਰਾਂ ਅਤੇ ਸਿਆਸੀ ਪ੍ਰੋਗਰਾਮਾਂ ਰਾਹੀਂ ਅੰਕੜਿਆਂ ਦਾ ਪ੍ਰਚਾਰ ਕਰਨ ਦੀ ਬਜਾਏ, ਮਾਨ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਪੰਜਾਬ ਦੇ ਨੌਜਵਾਨ ਅੱਜ ਵੀ ਨੌਕਰੀ ਲੱਭਣ ਲਈ ਕਿਉਂ ਸੰਘਰਸ਼ ਕਰ ਰਹੇ ਹਨ। 70,000 ਸਰਕਾਰੀ ਨੌਕਰੀਆਂ ਦੀਆਂ ਦੇ ਐਲਾਨ ਬੇਰੁਜ਼ਗਾਰੀ, ਸੀਮਤ ਮੌਕਿਆਂ ਅਤੇ ਨੌਜਵਾਨਾਂ ‘ਚ ਵਧ ਰਹੀ ਨਿਰਾਸ਼ਾ ਦੇ ਵੱਡੇ ਸੰਕਟ ਨੂੰ ਨਹੀਂ ਲੁਕਾ ਸਕਦੀਆਂ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਨੌਜਵਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਉਠਾਉਂਦੀ ਰਹੇਗੀ।

Leave a Reply

Your email address will not be published. Required fields are marked *