ਐੱਸ.ਐੱਫ.ਸੀ. ਕਾਲਜ ਮੋਗਾ ਵਿਖੇ ਮਾਈ ਭਾਰਤ ਵੱਲੋਂ ‘ਵਿਕਸਿਤ ਭਾਰਤ ਯੁਵਾ ਸੰਵਾਦ – ਆਪਣੀ ਵੋਟ ਨੂੰ ਜਾਣੋ’ ਪ੍ਰੋਗਰਾਮ ਕਰਵਾਇਆ ਗਿਆ

ਐੱਸ.ਐੱਫ.ਸੀ. ਕਾਲਜ ਮੋਗਾ ਵਿਖੇ ਮਾਈ ਭਾਰਤ ਵੱਲੋਂ ‘ਵਿਕਸਿਤ ਭਾਰਤ ਯੁਵਾ ਸੰਵਾਦ – ਆਪਣੀ ਵੋਟ ਨੂੰ ਜਾਣੋ’ ਪ੍ਰੋਗਰਾਮ ਕਰਵਾਇਆ ਗਿਆ

PIB Chandigarh/ Sunil Kumar

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਧੀਨ ਮਾਈ ਭਾਰਤ, ਮੋਗਾ ਵੱਲੋਂ ਐੱਸ.ਐੱਫ.ਸੀ. ਕਾਲਜ, ਮੋਗਾ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ – ਆਪਣੀ ਵੋਟ ਨੂੰ ਜਾਣੋ (Know Your Vote)’ ਵਿਸ਼ੇ ਤਹਿਤ ਯੁਵਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ, ਵੋਟ ਦੇ ਅਧਿਕਾਰ ਅਤੇ ਇੱਕ ਜ਼ੁੰਮੇਵਾਰ ਨਾਗਰਿਕ ਵਜੋਂ ਉਨ੍ਹਾਂ ਦੀ ਭੂਮਿਕਾ ਬਾਰੇ ਜਾਗਰੂਕ ਕਰਨਾ ਸੀ।

ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਦੇ ਸਵਾਗਤ ਅਤੇ ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਨਾਲ ਹੋਈ। ਇਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ, ਮਾਈ ਭਾਰਤ ਮੋਗਾ, ਸ੍ਰੀ ਗੁਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਇਸ ਦੀ ਸਫ਼ਲਤਾ ਲਈ ਜਾਗਰੂਕ ਅਤੇ ਜ਼ੁੰਮੇਵਾਰ ਵੋਟਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਸਮਝਣ, ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਪ੍ਰਾਪਤ ਕਰਨ ਅਤੇ ਬਿਨਾਂ ਕਿਸੇ ਲਾਲਚ ਜਾਂ ਦਬਾਅ ਤੋਂ ਸੂਝ-ਬੂਝ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਇਸ ਉਪਰੰਤ ਯੂਥ ਆਈਕਨ ਸ੍ਰੀ ਸ਼ਸ਼ੀਕੇਸ਼ ਕੁਮਾਰ ਵੱਲੋਂ ‘ਵਿਕਸਿਤ ਭਾਰਤ ਯੁਵਾ ਸੰਵਾਦ – Know Your Vote’ ਵਿਸ਼ੇ ’ਤੇ ਵਿਸ਼ੇਸ਼ ਪ੍ਰਸਤੁਤੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਨੂੰ ਭਾਰਤੀ ਚੋਣ ਪ੍ਰਣਾਲੀ, ਵੋਟਰ ਵਜੋਂ ਰਜਿਸਟ੍ਰੇਸ਼ਨ, ਵੋਟ ਦੀ ਮਹੱਤਤਾ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਜਮਹੂਰੀ ਅਧਿਕਾਰਾਂ ਅਤੇ ਫ਼ਰਜ਼ਾਂ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਖੇਡ ਜਗਤ ਵਿੱਚ ਆਪਣੀ ਪਛਾਣ ਬਣਾਉਣ ਵਾਲੇ ਖੇਡ ਆਈਕਨ ਸ੍ਰੀ ਕੁਲਵਿੰਦਰ ਸਿੰਘ, ਜੋ ਰੋਇੰਗ ਖੇਡ ਨਾਲ ਸਬੰਧਿਤ ਹਨ, ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੇ ਖੇਡ ਸਫ਼ਰ, ਤਜਰਬਿਆਂ ਅਤੇ ਪ੍ਰਾਪਤੀਆਂ ਨੂੰ ਸਾਂਝਾ ਕੀਤਾ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ, ਅਨੁਸ਼ਾਸਨ ਅਪਣਾਉਣ, ਮਿਹਨਤ ਕਰਨ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਨਿਰੰਤਰ ਯਤਨਸ਼ੀਲ ਰਹਿਣ ਦਾ ਸੰਦੇਸ਼ ਦਿੱਤਾ।

ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਲੋਕਤੰਤਰੀ ਕਦਰਾਂ-ਕੀਮਤਾਂ, ਸੰਵਿਧਾਨਕ ਜ਼ਿੰਮੇਵਾਰੀਆਂ ਅਤੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਸਬੰਧੀ ਲੋਕਤੰਤਰੀ ਸਹੁੰ ਵੀ ਚੁੱਕੀ ਗਈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਮਾਈ ਭਾਰਤ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਨ ਅਤੇ ਸੰਸਥਾ ਦੀਆਂ ਵੱਖ-ਵੱਖ ਯੁਵਾ ਗਤੀਵਿਧੀਆਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ।

ਪ੍ਰੋਗਰਾਮ ਦੇ ਅੰਤ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਨੇਹਾ ਵੱਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਮਾਈ ਭਾਰਤ ਮੋਗਾ ਵੱਲੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਦੀਆਂ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਮੂਹ ਮਹਿਮਾਨਾਂ, ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ।

ਇਸ ਪ੍ਰੋਗਰਾਮ ਰਾਹੀਂ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਭੂਮਿਕਾ ਸਮਝਣ, ਜ਼ੁੰਮੇਵਾਰ ਨਾਗਰਿਕ ਬਣਨ ਅਤੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ ਗਿਆ।

Leave a Reply

Your email address will not be published. Required fields are marked *