ਨਸ਼ਿਆਂ ਦੇ ਮੁੱਦੇ ’ਤੇ ਰਾਜਾ ਵੜਿੰਗ ਨੂੰ ਵਿਜੇ ਸਾਂਪਲਾ ਦਾ ਜਵਾਬ, ਪਹਿਲਾਂ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਦੱਸਣ : ਸਾਂਪਲਾ
ਅਮਿਤ ਸ਼ਾਹ ਦੀ ਅਗਵਾਈ ਹੇਠ ਨਸ਼ਿਆਂ ਅਤੇ ਨਾਰਕੋ-ਟੈਰਰ ਨੈੱਟਵਰਕ ਵਿਰੁੱਧ ਕੀਤੀਆਂ ਕਾਰਵਾਈਆਂ ਦਾ ਦਿੱਤਾ ਹਵਾਲਾ, 2029 ਤੱਕ ਦੇਸ਼ ਵਿੱਚੋਂ ਨਸ਼ਾ ਖ਼ਤਮ ਕਰਨ ਦਾ ਟੀਚਾ

ਹੁਸ਼ਿਆਰਪੁਰ, 1 ਨਵੰਬਰ (ਤਰਸੇਮ ਦੀਵਾਨਾ)
ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਦਿੱਤੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਬਾਰੇ ਸਵਾਲ ਉਠਾਉਣ ਵਾਲੇ ਕਾਂਗਰਸੀ ਆਗੂਆਂ ਨੂੰ ਪਹਿਲਾਂ ਆਪਣੇ ਸ਼ਾਸਨਕਾਲ ਦੌਰਾਨ ਕੀਤੇ ਕੰਮਾਂ ਦਾ ਜਵਾਬ ਦੇਣਾ ਚਾਹੀਦਾ ਹੈ।
ਸਾਂਪਲਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਕੋਈ ਨਵਾਂ ਮੁੱਦਾ ਨਹੀਂ ਹੈ ਅਤੇ ਇਸ ਦੀ ਜ਼ਿੰਮੇਵਾਰੀ ਤੋਂ ਪਿਛਲੀਆਂ ਸਰਕਾਰਾਂ ਵੀ ਬਰੀ ਨਹੀਂ ਹੋ ਸਕਦੀਆਂ। ਉਨ੍ਹਾਂ ਰਾਜਾ ਵੜਿੰਗ ਨੂੰ ਸਵਾਲ ਕੀਤਾ ਕਿ ਜਦੋਂ ਉਹ ਪੰਜਾਬ ਸਰਕਾਰ ਵਿੱਚ ਮੰਤਰੀ ਰਹੇ, ਉਸ ਸਮੇਂ ਨਸ਼ਿਆਂ ਦੀ ਰੋਕਥਾਮ ਲਈ ਕਿਹੜੇ ਠੋਸ ਕਦਮ ਚੁੱਕੇ ਗਏ ਸਨ। ਉਨ੍ਹਾਂ ਹਿਮਾਚਲ ਪ੍ਰਦੇਸ਼ ਵਿੱਚ ਨਸ਼ਾ ਬਣਾਉਣ ਅਤੇ ਵੇਚਣ ਸਬੰਧੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਉੱਥੇ ਕਾਂਗਰਸ ਦੀ ਸਰਕਾਰ ਹੈ, ਇਸ ਲਈ ਕਾਂਗਰਸੀ ਆਗੂਆਂ ਨੂੰ ਆਪਣੀ ਸਰਕਾਰ ਦੀ ਕਾਰਵਾਈ ਬਾਰੇ ਵੀ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਸਿਰਫ਼ ਸਿਆਸੀ ਬਿਆਨਬਾਜ਼ੀ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਇਸ ਵਿਰੁੱਧ ਸਾਰੀਆਂ ਸਿਆਸੀ ਧਿਰਾਂ ਨੂੰ ਮਿਲ ਕੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਸਾਂਪਲਾ ਅਨੁਸਾਰ ਦੇਸ਼ ਦੀਆਂ ਸੁਰੱਖਿਆ ਚੁਣੌਤੀਆਂ ਅਤੇ ਨਸ਼ਿਆਂ ਰਾਹੀਂ ਚੱਲ ਰਹੇ ਗੈਰ-ਕਾਨੂੰਨੀ ਨੈੱਟਵਰਕ ਨੂੰ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਪੱਧਰਾਂ ’ਤੇ ਕਾਰਵਾਈ ਕੀਤੀ ਗਈ ਹੈ।
ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ 31 ਦਸੰਬਰ 2029 ਤੱਕ ਪੂਰੇ ਦੇਸ਼ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਦਾ ਟੀਚਾ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਮਕਸਦ ਲਈ ਸਿਰਫ਼ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਕਾਰਵਾਈ, ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਅਤੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਯਤਨ ਜ਼ਰੂਰੀ ਹਨ।
