ਯੁੱਧ ਨਸ਼ਿਆਂ ਵਿਰੁੱਧ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਲਈ ਮਾਹਿਲਪੁਰ ’ਚ ਰੋਜ਼ਗਾਰ ਕੈਂਪ
ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਜਾਰੀ ਰਹਿਣਗੇ ਯਤਨ : ਐਸ.ਡੀ.ਐਮ
ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਦੀ ਭੂਮਿਕਾ ਮਹੱਤਵਪੂਰਨ
ਮਾਹਿਲਪੁਰ (ਹੁਸ਼ਿਆਰਪੁਰ), 3 ਨਵੰਬਰ : ਬਿਉਰੋ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਥਾਨਕ ਬੀ.ਡੀ.ਪੀ.ਓ. ਕਲੋਨੀ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਰੋਜ਼ਗਾਰ ਕੈਂਪ ਲਗਾਇਆ ਗਿਆ ਜਿਥੇ ਉਨ੍ਹਾਂ ਨੂੰ ਕੰਮ ਦੇ ਮੌਕਿਆਂ ਲਈ ਪਲੇਟਫਾਰਮ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਵੀ ਸੁਹਿਰਦ ਯਤਨ ਕਰਨ ਦਾ ਸੱਦਾ ਦਿੱਤਾ ਗਿਆ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਗਏ ਇਸ ਰੋਜ਼ਗਾਰ ਕੈਂਪ ਵਿਚ ਗੜ੍ਹਸ਼ੰਕਰ ਦੇ ਐਸ.ਡੀ.ਐਮ. ਸੰਜੀਵ ਕੁਮਾਰ ਨੇ ਸ਼ਿਰਕਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਅਜਿਹੇ ਕੈਂਪ ਲੜੀਵਾਰ ਲਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰੀਂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 60 ਦਿਨਾਂ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸ਼ੁਰੂ ਕੀਤੇ ਵਿਸ਼ੇਸ਼ ਪ੍ਰੋਗਰਾਮਾਂ ਤਹਿਤ ਪਿੰਡਾਂ ਵਿਚ ਖੇਡਾਂ, ਰੋਜ਼ਗਾਰ ਅਤੇ ਜਾਗਰੂਕਤਾ ਸਰਗਰਮੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਪੀੜੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨ ਇਸ ਸਮਾਜ ਭਲਾਈ ਦੇ ਕਾਰਜ ਵਿਚ ਠੋਸ ਭੂਮਿਕਾ ਨਿਭਾਅ ਕੇ ਸਾਰਥਕ ਨਤੀਜੇ ਯਕੀਨੀ ਬਣਾ ਸਕਦੇ ਹਨ ਜਿਸ ਲਈ ਨੌਜਵਾਨਾਂ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ।
ਕੌਂਸਲਰ ਸੁਰਿੰਦਰ ਕੌਰ ਅਤੇ ਬਲਵਿੰਦਰ ਮਰਵਾਹਾ, ਡੀ.ਐਸ.ਡੀ. ਸ਼ਾਮ ਸੁੰਦਰ ਅਤੇ ਹੋਰਨਾਂ ਅਧਿਕਾਰੀਆਂ ਨੇ ਕਲੋਨੀ ਵਾਸੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਂਝੇ ਉਪਰਾਲਿਆਂ ਨਾਲ ਇਸ ਸਮਾਜਿਕ ਬੁਰਾਈ ਨੂੰ ਖਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਮਨੋਹਰ ਲਾਲ, ਵਿਕਰਮਜੀਤ, ਡਾ. ਅੰਜੂ, ਕੌਂਸਲਰ ਰਜਨੀ, ਸੁਲੇਖਾ ਰਾਣੀ ਅਤੇ ਆਸ਼ਾ ਵਰਕਰ ਆਸ਼ਾ ਰਾਣੀ ਵੀ ਮੌਜੂਦ ਸਨ।
Government of Punjab
