ਕਿਸਾਨਾਂ ਨੂੰ ਮੁਆਵਜ਼ਾ ਦੇਣ ਬਜਾਏ ਕਿਸਾਨਾਂ ਦੀ ਆਵਾਜ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਭਗਵੰਤ ਮਾਨ ਸਰਕਾਰ: ਬਿਕਰਮਜੀਤ ਸਿੰਘ ਚੀਮਾ
ਜਲੰਧਰ, 13 ਸਿਤੰਬਰ (ਸੁਨੀਲ ਕੁਮਾਰ ) : ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਚੁੱਕੀ ਹੈI ਪੰਜਾਬ ਸਰਕਾਰ ਉਲਟਾ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਜ਼ਿਆਦਤੀਆਂ ਕਰ ਰਹੀ ਹੈ, ਜੋ ਬਰਦਾਸ਼ਤ ਯੋਗ ਨਹੀਂ ਹੈ। ਉਹਨਾਂ ਕਿਹਾ ਕਿ ਅਜੇ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਕਿਸਾਨਾ ਨੂੰ ਗੁਲਾਬੀ ਸੁੰਡੀ ਅਤੇ ਗੜੇਮਾਰੀ ਨਾਲ ਬਰਬਾਦ ਹੋਈਆਂ ਫਸਲਾਂ ਦਾ ਮੁਆਵਜ਼ਾ ਨਹੀਂ ਦਿੱਤਾ ਅਤੇ ਨਾਂ ਹੀ ਹੜਾਂ ਨਾਲ ਹੋਏ ਨੁਕਸਾਨ ਦੀ ਕੋਈ ਪੂਰਤੀ ਕੀਤੀ ਹੈI ਭਗਵੰਤ ਮਾਨ ਵਲੋਂ ਸਿਰਫ ਫੋਕੀ ਬਿਆਨ ਬਾਜ਼ੀ ਕੀਤੀ ਜਾ ਰਹੀ ਹੈI ਪੰਜਾਬੀਆਂ ਨੂੰ ਸਿਰਫ ਵੱਡੇ ਵੱਡੇ ਝੂਠੇ ਸੁਪਨੇ ਦਿਖਾ ਕੇ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸਾਹਿਬ ਕਹਿੰਦੇ ਸਨ ਕਿ ਮਰੀ ਮੁਰਗੀ, ਬੱਕਰੀ ਸਭ ਕੁਝ ਦਾ ਮੁਆਵਜ਼ਾ ਦਿੱਤਾ ਜਾਵੇਗਾ, ਪਰ ਪੰਜਾਬ ਸਰਕਾਰ ਨੇ ਅਜੇ ਤੱਕ ਹੜਾਂ ਨਾਲ ਬਰਬਾਦ ਹੋਈਆਂ ਫਸਲਾਂ, ਨੁਕਸਾਨੇ ਗਏ ਘਰ ਅਤੇ ਹੋਈਆਂ ਮੌਤਾਂ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੜਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਜੋ 218.40 ਕਰੋੜ ਰੁਪਏ ਭੇਜੇ ਸਨ, ਉਹ ਵੀ ਪੰਜਾਬ ਦੇ ਲੋਕਾਂ ਨੂੰ ਨਹੀਂ ਦਿੱਤੇ ਜਾ ਰਹੇ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣI ਪੰਜਾਬ ਸਰਕਾਰ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਤੁਰੰਤ ਪੂਰੇ ਕਰੇI ਗੁਲਾਬੀ ਸੁੰਡੀ, ਗੜੇਮਾਰੀ ਅਤੇ ਹੜਾਂ ਨਾਲ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਹੈI ਮੁੱਖ ਮੰਤਰੀ ਹੜ ਪੀੜਤਾਂ ਦੀ ਮੱਦਦ ਕਰਨ ਦੀ ਬਜਾਏ ਬਾਹਰਲੇ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਵਿੱਚ ਮਸਤ ਹਨ, ਜੋ ਕਿ ਬਹੁਤ ਹੀ ਨਿੰਦਨਯੋਗ ਹੈI ਪੰਜਾਬ ਭਾਜਪਾ ਇਸ ਦੀ ਘੋਰ ਨਿੰਦਾ ਕਰਦੀ ਹੈ।
ਬਿਕਰਮਜੀਤ ਸਿੰਘ ਚੀਮਾ ਨੇ ਮੰਗ ਕੀਤੀ ਕਿ ਹੜਾਂ ਨਾਲ ਜਿੰਨਾਂ ਪਰਿਵਾਰਾਂ ਦਾ ਜਾਨੀ ਨੁਕਸਾਨ ਹੋਇਆ ਹੈ, ਉਹਨਾਂ ਨੂੰ ਪੰਜਾਹ ਲੱਖ ਰੁਪਏ ਮੁਆਵਜ਼ਾ, ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇI ਗੁਲਾਬੀ ਸੁੰਡੀ, ਗੜੇਮਾਰੀ ਤੇ ਹੜਾਂ ਨਾਲ ਹੋਏ ਨੁਕਸਾਨ ਲਈ 50000 ਹਜ਼ਾਰ ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਮੁਆਵਜ਼ਾ ਅਤੇ 10000 ਹਜ਼ਾਰ ਰੁਪਏ ਪ੍ਰਤੀ ਏਕੜ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
