ਨਸ਼ਿਆਂ ਦੇ ਹੌਟਸਪੌਟ ਖੇਤਰਾਂ ਦੀ ਨੁਹਾਰ ਬਦਲ ਕੇ ਖੇਡਾਂ ਤੇ ਉਮੀਦਾਂ ਦੇ ਚਾਨਣ ਨਾਲ ਨੌਜਵਾਨੀ ਦਾ ਭਵਿੱਖ ਸੰਵਾਰਨ ਦਾ ਜ਼ਿਲ੍ਹਾ ਪ੍ਰਸਾਸ਼ਨ ਦਾ ਇਰਾਦਾ : ਵਿਰਾਜ ਐਸ. ਤਿੜਕੇ

ਨਸ਼ਿਆਂ ਦੇ ਹੌਟਸਪੌਟ ਖੇਤਰਾਂ ਦੀ ਨੁਹਾਰ ਬਦਲ ਕੇ ਖੇਡਾਂ ਤੇ ਉਮੀਦਾਂ ਦੇ ਚਾਨਣ ਨਾਲ ਨੌਜਵਾਨੀ ਦਾ ਭਵਿੱਖ ਸੰਵਾਰਨ ਦਾ ਜ਼ਿਲ੍ਹਾ ਪ੍ਰਸਾਸ਼ਨ ਦਾ ਇਰਾਦਾ : ਵਿਰਾਜ ਐਸ. ਤਿੜਕੇ

• ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟਾਲਰੈਂਸ; ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਮਜ਼ਬੂਤ : ਹਰਕਮਲ ਪ੍ਰੀਤ ਸਿੰਘ ਖੱਖ

• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਦੀਵਾਲੀ ਦੀਆਂ ਮੁਬਾਰਕਾਂ; ਸਾਫ਼ ਵਾਤਾਵਰਣ, ਨਸ਼ਾ ਮੁਕਤ ਨੌਜਵਾਨੀ ਅਤੇ ਸੁਰੱਖਿਅਤ ਸਮਾਜ ਸਿਰਜਣ ਦੀ ਅਪੀਲ

ਮਾਲੇਰਕੋਟਲਾ 04 ਨਵੰਬਰ : ਰੋਜ਼ਾਨਾਂ ਰਿਪੋਰਟਰ

ਦੀਵਾਲੀ ਦੀ ਅਸਲ ਖ਼ੁਸ਼ੀ ਉਦੋਂ ਸਾਰਥਕ ਹੋਵੇਗੀ, ਜਦੋਂ ਹਰ ਘਰ ਵਿੱਚ ਸੁੱਖ-ਸ਼ਾਂਤੀ, ਮਾਪਿਆਂ ਦੇ ਚਿਹਰਿਆਂ ’ਤੇ ਸਕੂਨ ਅਤੇ ਨੌਜਵਾਨਾਂ ਦੀਆਂ ਅੱਖਾਂ ਵਿੱਚ ਸੁਨਹਿਰੇ ਭਵਿੱਖ ਦੇ ਸੁਪਨੇ ਹੋਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕੀਤਾ।

 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਹੌਟਸਪੌਟ ਵਜੋਂ ਪਛਾਣੇ ਗਏ ਸੰਵੇਦਨਸ਼ੀਲ ਖੇਤਰਾਂ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਰਣਨੀਤੀ ਅਪਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਾਂਝੀ ਮੈਪਿੰਗ ਰਾਹੀਂ ਅਜਿਹੀਆਂ ਸੁੰਨਸਾਨ, ਅਣਗੌਲੀਆਂ ਅਤੇ ਖ਼ਾਲੀ ਪਈਆਂ ਥਾਵਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਹੋਣ ਦਾ ਖ਼ਦਸ਼ਾ ਰਹਿੰਦਾ ਸੀ। ਇਨ੍ਹਾਂ ਹੌਟਸਪੌਟਾਂ ਨੂੰ ਸੁਰੱਖਿਅਤ ਅਤੇ ਉਸਾਰੂ ਸਰਗਰਮੀਆਂ ਦੇ ਕੇਂਦਰਾਂ ਵਿੱਚ ਬਦਲਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਪੰਚਾਇਤਾਂ ਦੇ ਸਹਿਯੋਗ ਨਾਲ ਖੇਡ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕਿਲ੍ਹਾ ਰਹਿਮਤਗੜ੍ਹ, ਪਿੰਡ ਕਲਿਆਣ ਅਤੇ ਪਿੰਡ ਖਾਨਪੁਰ ਵਿਖੇ ਵਾਲੀਬਾਲ ਤੇ ਬੈਡਮਿੰਟਨ ਖੇਡਣ ਦੀਆਂ ਸਹੂਲਤਾਂ ਵਿਕਸਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜਿਨ੍ਹਾਂ ਹੌਟਸਪੌਟਾਂ ਦੀ ਪਛਾਣ ਕਦੇ ਨਸ਼ਿਆਂ ਦੀਆਂ ਗਤੀਵਿਧੀਆਂ ਨਾਲ ਹੁੰਦੀ ਸੀ, ਉੱਥੇ ਹੁਣ ਬੱਚਿਆਂ ਦੀਆਂ ਕਿਲਕਾਰੀਆਂ, ਖੇਡਾਂ ਦੀ ਰੌਣਕ ਅਤੇ ਨੌਜਵਾਨਾਂ ਦੀਆਂ ਪ੍ਰਾਪਤੀਆਂ ਨਵੀਂ ਪਛਾਣ ਬਣਨ।

 

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਲੇਰਕੋਟਲਾ ਦੀ ਧਰਤੀ ਗੁਰੂਆਂ-ਪੀਰਾਂ ਦੀਆਂ ਸਿੱਖਿਆਵਾਂ, ਆਪਸੀ ਭਾਈਚਾਰੇ ਅਤੇ ਕੁਦਰਤ ਪ੍ਰਤੀ ਸਤਿਕਾਰ ਦੀ ਅਮੀਰ ਵਿਰਾਸਤ ਨਾਲ ਜੁੜੀ ਹੋਈ ਹੈ। ਇਸ ਵਿਰਾਸਤ ਦੀ ਸੰਭਾਲ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਅਤੇ ਵਾਤਾਵਰਣ ਪੱਖੀ ਤਕਨੀਕਾਂ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜਿਵੇਂ ਧਰਤੀ ਅਤੇ ਹਵਾ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਜ਼ਰੂਰੀ ਹੈ, ਉਸੇ ਤਰ੍ਹਾਂ ਨੌਜਵਾਨੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਸੁਰੱਖਿਅਤ ਰੱਖਣਾ ਵੀ ਸਾਡਾ ਨੈਤਿਕ ਅਤੇ ਸਮਾਜਿਕ ਫ਼ਰਜ਼ ਹੈ।

 

ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਨਸ਼ਾ ਤਸਕਰੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਹੈ। ਸਿਹਤ ਵਿਭਾਗ ਦੇ ਸਹਿਯੋਗ ਨਾਲ ਮੈਡੀਕਲ ਸਟੋਰਾਂ ਦੀ ਚੈਕਿੰਗ ਕਰਕੇ ਤਿੰਨ-ਚਾਰ ਦੁਕਾਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਕਰਨ ਵਾਲਿਆਂ ਵਿਰੁੱਧ ਐੱਫ.ਆਈ.ਆਰ. ਦਰਜ ਕਰਨ ਅਤੇ ਲਾਇਸੈਂਸ ਰੱਦ ਕਰਵਾਉਣ ਲਈ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੌਰਾਨ ਬਾਜ਼ਾਰਾਂ, ਭੀੜ-ਭੜੱਕੇ ਵਾਲੀਆਂ ਥਾਵਾਂ ਅਤੇ ਵਿਦਿਅਕ ਅਦਾਰਿਆਂ ਨੇੜੇ ਵਰਦੀਧਾਰੀ ਤੇ ਸਿਵਲ ਕੱਪੜਿਆਂ ਵਿੱਚ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਵਿਸ਼ੇਸ਼ ਨਾਕਾਬੰਦੀ, ਗਸ਼ਤ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਨਿਗਰਾਨੀ ਮਜ਼ਬੂਤ ਕੀਤੀ ਗਈ ਹੈ।

ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਦੌਰਾਨ ਬੱਚਿਆਂ ਅਤੇ ਕੀਮਤੀ ਸਾਮਾਨ ਦਾ ਧਿਆਨ ਰੱਖਣ, ਪਟਾਕਿਆਂ ਸਬੰਧੀ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਜਾਂ 112 ’ਤੇ ਦੇਣ।

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਹਾ ਕਿ ਇਸ ਦੀਵਾਲੀ ਘਰਾਂ ਨੂੰ ਰੌਸ਼ਨ ਕਰਨ ਦੇ ਨਾਲ-ਨਾਲ ਨਸ਼ਿਆਂ ਦੇ ਹੌਟਸਪੌਟਾਂ ਨੂੰ ਖੇਡਾਂ ਦੀ ਰੌਣਕ ਨਾਲ ਭਰਨ, ਵਾਤਾਵਰਣ ਦੀ ਸੰਭਾਲ ਅਤੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਸਾਂਝੇ ਯਤਨ ਕਰਨ ਦਾ ਪ੍ਰਣ ਕਰੀਏ, ਤਾਂ ਜੋ ਮਾਲੇਰਕੋਟਲਾ ਸੁਰੱਖਿਅਤ, ਸਾਫ਼-ਸੁਥਰੇ ਅਤੇ ਨਸ਼ਾ ਮੁਕਤ ਸਮਾਜ ਦੀ ਮਿਸਾਲ ਬਣ ਸਕੇ।

Leave a Reply

Your email address will not be published. Required fields are marked *