ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਰੱਗ ਕੰਟਰੋਲ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਦਵਾਈਆਂ ਦੇ 85 ਵਿਕਰੇਤਾਵਾਂ ਦਾ ਨਿਰੀਖਣ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਰੱਗ ਕੰਟਰੋਲ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਦਵਾਈਆਂ ਦੇ 85 ਵਿਕਰੇਤਾਵਾਂ ਦਾ ਨਿਰੀਖਣ

‘ਡਰੱਗਜ਼ ਐਂਡ ਕਾਸਮੈਟਿਕਸ ਐਕਟ’ ਦੀ ਉਲੰਘਣਾ ਕਰਨ ਵਾਲੀਆਂ 16 ਫਰਮਾਂ ਵਿਰੁੱਧ ਕਾਰਵਾਈ, 13 ਫਰਮਾਂ ਦੇ ਲਾਇਸੈਂਸ ਮੁਅੱਤਲ, ਤਿੰਨ ਰੱਦ

 

ਪਟਿਆਲਾ, 11 ਨਵੰਬਰ: ਰੋਜ਼ਾਨਾਂ ਰਿਪੋਰਟਰ

‘ਯੁੱਧ ਨਸ਼ਿਆਂ ਵਿਰੁੱਧ’ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਡਰੱਗ ਕੰਟਰੋਲ ਵਿਭਾਗ, ਪਟਿਆਲਾ ਨੇ ਜ਼ਿਲ੍ਹੇ ਭਰ ਵਿੱਚ ਦਵਾਈਆਂ ਦੇ 85 ਵਿਕਰੇਤਾਵਾਂ ਦਾ ਨਿਰੀਖਣ ਕੀਤਾ ਹੈ। ਵਿਭਾਗ ਨੇ ਦੁਹਰਾਇਆ ਹੈ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਗ਼ੈਰਕਾਨੂੰਨੀ ਰੋਕਣ ਅਤੇ ਜਨਤਕ ਸਿਹਤ ਦੀ ਰਾਖੀ ਕਰਨ ਲਈ ਇਹ ਮੁਹਿੰਮ ਜਾਰੀ ਰਹੇਗੀ।

 

ਹੋਰ ਵੇਰਵੇ ਦਿੰਦਿਆਂ, ਪਟਿਆਲਾ ਦੇ ਜ਼ੋਨਲ ਡਰੱਗਜ਼ ਲਾਇਸੈਂਸਿੰਗ ਅਥਾਰਟੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਡਰੱਗ ਕੰਟਰੋਲ ਅਧਿਕਾਰੀਆਂ ਨੇ ਵੱਖ-ਵੱਖ ਰੀਟੇਲ ਅਤੇ ਹੋਲਸੇਲਰ ਦਵਾਈ ਵਿਕਰੇਤਾ ਅਦਾਰਿਆਂ ਦੀ ਜਾਂਚ ਕੀਤੀ। ਇਸ ਜਾਂਚ ਦਾ ਮਕਸਦ ਇਹ ਯਕੀਨੀ ਬਣਾਉਣਾ ਸੀ ਕਿ ‘ਡਰੱਗਜ਼ ਐਂਡ ਕਾਸਮੈਟਿਕਸ ਐਕਟ, 1940’ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ, ਖਾਸ ਤੌਰ ‘ਤੇ ਦਵਾਈਆਂ ਦੀ ਵਿਕਰੀ, ਸਟੋਰੇਜ ਅਤੇ ਲਾਜ਼ਮੀ ਰਿਕਾਰਡ ਰੱਖਿਆ ਜਾ ਰਿਹਾ ਹੈ ਜਾਂ ਨਹੀਂ।

 

ਉਨ੍ਹਾਂ ਅੱਗੇ ਦੱਸਿਆ ਕਿ ‘ਡਰੱਗਜ਼ ਐਂਡ ਕਾਸਮੈਟਿਕਸ ਐਕਟ, 1940’ ਅਤੇ ਇਸ ਅਧੀਨ ਬਣੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 16 ਫਰਮਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ। 13 ਫਰਮਾਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਗਏ, ਜਦਕਿ ਤਿੰਨ ਹੋਰ ਫਰਮਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ। ਨਾਭਾ ਵਿਖੇ, ਸਹਾਇਕ ਕਮਿਸ਼ਨਰ (ਡਰੱਗਜ਼) ਗੁਰਵਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਇੱਕ ਥੋਕ ਵਿਕਰੇਤਾ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।

 

ਨਵਜੋਤ ਕੌਰ ਨੇ ਕਿਹਾ ਕਿ ਦਵਾਈਆਂ ਦੇ ਸਾਰੇ ਪ੍ਰਚੂਨ ਅਤੇ ਥੋਕ ਲਾਇਸੈਂਸ ਧਾਰਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਾਨੂੰਨੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ, ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਜਿਨ੍ਹਾਂ ਦਵਾਈਆਂ ਦੀ ਦੁਰਵਰਤੋਂ ਹੋ ਸਕਦੀ ਹੈ, ਉਹ ਸਿਰਫ਼ ਜਾਇਜ਼ ਡਾਕਟਰੀ ਪਰਚੀ ‘ਤੇ ਹੀ ਅਤੇ ਕਾਨੂੰਨੀ ਲੋੜਾਂ ਅਨੁਸਾਰ ਵੇਚੀਆਂ ਜਾਣ।

 

ਉਨ੍ਹਾਂ ਦੁਹਰਾਇਆ ਕਿ ਜੇਕਰ ਕੋਈ ਦਵਾਈ ਵਿਕਰੇਤਾ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਗ਼ੈਰਕਾਨੂੰਨੀ ਵਿਕਰੀ, ਗਲਤ ਵਰਤੋਂ ਜਾਂ ਦੁਰਵਰਤੋਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

ਇਸ ਮੁਹਿੰਮ ਦਾ ਉਦੇਸ਼ ਨਾ ਸਿਰਫ਼ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣਾ ਹੈ, ਸਗੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਅਤੇ ਇਹ ਯਕੀਨੀ ਬਣਾਉਣਾ ਵੀ ਹੈ ਕਿ ਦਵਾਈਆਂ ਕਾਨੂੰਨੀ ਤਰੀਕਿਆਂ ਰਾਹੀਂ ਅਸਲ ਮਰੀਜ਼ਾਂ ਤੱਕ ਪਹੁੰਚਣ।

 

ਡਰੱਗ ਕੰਟਰੋਲ ਵਿਭਾਗ ਨੇ ਨਿਰੰਤਰ ਨਿਰੀਖਣਾਂ, ਸਖ਼ਤ ਨਿਯਮਕ ਲਾਗੂਕਰਨ ਅਤੇ ਜਨਤਕ ਜਾਗਰੂਕਤਾ ਪਹਿਲਕਦਮੀਆਂ ਰਾਹੀਂ ਜਨਤਕ ਸਿਹਤ ਦੀ ਰਾਖੀ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਹੈ।

Leave a Reply

Your email address will not be published. Required fields are marked *