ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੇ ਸਕੂਲ ਆਫ਼ ਐਮੀਨੈਂਸ ’ਚ ਇੱਕ ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
ਕਿਹਾ ਪੰਜਾਬ ਸਰਕਾਰ ਨੇ ਸੂਬੇ ਭਰ ’ਚ ਵਿਕਾਸ ਪ੍ਰਾਜੈਕਟਾਂ ਰਾਹੀਂ ਸਿੱਖਿਆ ਤੇ ਖੇਡਾਂ ਦੇ ਖੇਤਰ ਨੂੰ ਤਰਜੀਹ ਦਿੱਤੀ

ਜਲੰਧਰ, 11 ਨਵੰਬਰ : ਸੁਨੀਲ ਕੁਮਾਰ
ਸਕੂਲੀ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜਲੰਧਰ ਦੇ ਭਾਰਗਵ ਕੈਂਪ ਸਥਿਤ ਗੌਰਮਿੰਟ ਸਕੂਲ ਆਫ਼ ਐਮੀਨੈਂਸ ਵਿਖੇ 1 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਨੂੰ ਬਿਹਤਰ ਬਣਾਉਣ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਇੱਕ ਕਰੋੜ ਰੁਪਏ ਦੀ ਲਾਗਤ ਵਾਲੇ ਇਸ ਨਵੇਂ ਪ੍ਰਾਜੈਕਟ ਵਿੱਚ ਸਕੂਲ ਦੀ ਇਮਾਰਤ ਦੇ ਵਿਆਪਕ ਨਵੀਨੀਕਰਨ ਅਤੇ ਅਪਗ੍ਰੇਡ ਕਰਨ ਦੇ ਨਾਲ-ਨਾਲ ਇੱਕ ਆਧੁਨਿਕ ਮਲਟੀ-ਸਪੋਰਟਸ ਸਟੇਡੀਅਮ ਦੀ ਉਸਾਰੀ ਵੀ ਸ਼ਾਮਲ ਹੈ। ਇਸ ਮੌਕੇ ਵਾਰਡ 44 ਦੇ ਕੌਂਸਲਰ ਰਾਜ ਕੁਮਾਰ ਰਾਜੂ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਖੇਡ ਕੰਪਲੈਕਸ ਵਿੱਚ ਬੈਡਮਿੰਟਨ, ਕ੍ਰਿਕਟ ਅਤੇ ਬਾਸਕਟਬਾਲ ਸਮੇਤ ਵੱਖ-ਵੱਖ ਖੇਡਾਂ ਲਈ ਵਿਸ਼ੇਸ਼ ਸਹੂਲਤਾਂ ਹੋਣਗੀਆਂ, ਤਾਂ ਜੋ ਸਥਾਨਕ ਖੇਡ ਪ੍ਰਤਿਭਾਵਾਂ ਨੂੰ ਨਿਖਾਰਿਆ ਜਾ ਸਕੇ। ਇਸ ਤੋਂ ਇਲਾਵਾ ਬਜ਼ੁਰਗ ਨਾਗਰਿਕਾਂ ਦੀ ਸਹੂਲਤ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਕੰਪਲੈਕਸ ਦੇ ਅੰਦਰ ਸੈਰ ਕਰਨ ਲਈ ਵਾਕਿੰਗ ਟਰੈਕ ਵੀ ਬਣਾਏ ਜਾਣਗੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ‘ਰੰਗਲਾ ਪੰਜਾਬ’ ਪਹਿਲਕਦਮੀ ਤਹਿਤ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਯੋਜਨਾਬੱਧ ਢੰਗ ਨਾਲ ਵਿਕਾਸ ਗ੍ਰਾਂਟਾਂ ਜਾਰੀ ਕਰਨ ਦਾ ਸਿਹਰਾ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਕਾਰਜਸ਼ੈਲੀ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਯਕੀਨੀ ਹੋਇਆ ਹੈ ਕਿ ਫੰਡਾਂ ਦੀ ਵਰਤੋਂ ਸਿੱਧੇ ਤੌਰ ‘ਤੇ ਜ਼ਮੀਨੀ ਪੱਧਰ ‘ਤੇ ਪ੍ਰਗਤੀ ਲਈ ਹੋਵੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਧੁਨਿਕ ਕਲਾਸਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਿਸਤਾਰ ਦੇਣ ਲਈ ਨਾਲ ਲੱਗਦੇ ਲੜਕੀਆਂ ਦੇ ਸਕੂਲ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲਾ ਇੱਕ ਹੋਰ ਇਮਾਰਤੀ ਕੰਪਲੈਕਸ ਪ੍ਰਾਜੈਕਟ ਬਹੁਤ ਜਲਦੀ ਸ਼ੁਰੂ ਕੀਤਾ ਜਾਵੇਗਾ।
ਸਰਬਪੱਖੀ ਸ਼ਹਿਰੀ ਅਤੇ ਨਾਗਰਿਕ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਸਿਵਲ ਪ੍ਰਸ਼ਾਸਨ, ਲੋਕ ਨੁਮਾਇੰਦਿਆਂ ਅਤੇ ਸੂਬਾਈ ਲੀਡਰਸ਼ਿਪ ਦਰਮਿਆਨ ਤਾਲਮੇਲ ਵਾਲੇ ਯਤਨਾਂ ਸਦਕਾ ਜਲੰਧਰ ਅਤੇ ਪੂਰੇ ਪੰਜਾਬ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ।
ਇਸ ਦੌਰਾਨ ਕੌਂਸਲਰ ਰਾਜ ਕੁਮਾਰ ਰਾਜੂ ਨੇ ਕੈਬਨਿਟ ਮੰਤਰੀ ਦਾ ਉਨ੍ਹਾਂ ਦੇ ਵਾਰਡ ਵਿੱਚ ਸਕੂਲ ਆਫ਼ ਐਮੀਨੈਂਸ ਲਈ ਇਹ ਵੱਡਾ ਪ੍ਰਾਜੈਕਟ ਦੇਣ ਲਈ ਧੰਨਵਾਦ ਕੀਤਾ, ਜਿਸ ਨਾਲ ਇਲਾਕੇ ਵਿੱਚ ਵਿਦਿਅਕ ਢਾਂਚਾ ਹੋਰ ਮਜ਼ਬੂਤ ਹੋਵੇਗਾ।
