ਯੂਥ ਅਕਾਲੀ ਦਲ ਹੁਸ਼ਿਆਰਪੁਰ ਦਿਹਾਤੀ ਦੀ 21 ਮੈਂਬਰੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ, ਅਮਰਿੰਦਰ ਸਿੰਘ ਹੁਸੈਨਪੁਰ ਨੇ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ
ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਾ ਅਤੇ ਜਥੇਬੰਦੀ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨਾ ਮੁੱਖ ਟੀਚਾ : ਅਮਰਿੰਦਰ ਸਿੰਘ ਹੁਸੈਨਪੁਰ

ਹੁਸ਼ਿਆਰਪੁਰ, 11 ਨਵੰਬਰ (ਤਰਸੇਮ ਦੀਵਾਨਾ) –
ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਵਰਗ ਦੀ ਪਾਰਟੀ ਵਿੱਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਯੂਥ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦਿਹਾਤੀ ਵੱਲੋਂ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਯੂਥ ਅਕਾਲੀ ਦਲ ਹੁਸ਼ਿਆਰਪੁਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਹੁਸੈਨਪੁਰ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ 21 ਮੈਂਬਰੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਕਰਦਿਆਂ ਵੱਖ-ਵੱਖ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਿੰਦਰ ਸਿੰਘ ਹੁਸੈਨਪੁਰ ਨੇ ਦੱਸਿਆ ਕਿ ਨਵੀਂ ਜਥੇਬੰਦੀ ਦਾ ਗਠਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਹੁਸ਼ਿਆਰਪੁਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ, ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਅਤੇ ਰੀੜ੍ਹ ਦੀ ਹੱਡੀ ਹੁੰਦੇ ਹਨ। ਉਹਨਾ ਕਿਹਾ ਕਿ ਯੂਥ ਅਕਾਲੀ ਦਲ ਦਾ ਮਕਸਦ ਸਿਰਫ਼ ਅਹੁਦੇ ਵੰਡਣਾ ਨਹੀਂ, ਸਗੋਂ ਨੌਜਵਾਨਾਂ ਨੂੰ ਜਥੇਬੰਦ ਕਰਕੇ ਉਨ੍ਹਾਂ ਦੀ ਊਰਜਾ ਨੂੰ ਲੋਕ ਹਿੱਤਾਂ, ਸਮਾਜਿਕ ਸਰਗਰਮੀਆਂ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਲਈ ਵਰਤਣਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਟੀਮ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਵੀ ਪੂਰੀ ਦ੍ਰਿੜ੍ਹਤਾ ਨਾਲ ਉਠਾਏਗੀ। ਅਮਰਿੰਦਰ ਸਿੰਘ ਹੁਸੈਨਪੁਰ ਵੱਲੋਂ ਐਲਾਨੀ ਗਈ ਨਵੀਂ 21 ਮੈਂਬਰੀ ਜ਼ਿਲ੍ਹਾ ਜਥੇਬੰਦੀ ਵਿੱਚ ਵਿਸਾਖਾ ਸਿੰਘ ਗੀਗਨੋਵਾਲ ਅਤੇ ਕਰਨਜੋਤ ਸਿੰਘ ਧਾਮੀ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਯੁਵਰਾਜ ਧੁੱਗਾ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਗੁਰਵੀਰ ਸਿੰਘ ਮੰਤਰੀ ਰੂਪੋਵਾਲ ਨੂੰ ਮੀਤ ਪ੍ਰਧਾਨ, ਟਿੰਮੀ ਹਰਦੋਪੱਟੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਕਾਕਾ ਥਿਆੜਾ ਢਕੋਵਾਲ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ।
ਇਸੇ ਤਰ੍ਹਾਂ ਮਨਜਿੰਦਰ ਸਿੰਘ ਬਾਹਗਾ ਅਤੇ ਅਰਸ਼ ਬੱਧਣ ਧੁੱਗਾ ਕਲਾਂ ਨੂੰ ਸੀਨੀਅਰ ਮੀਤ ਪ੍ਰਧਾਨ, ਗੋਲਡੀ ਪੰਨਮਾ ਨੂੰ ਜਨਰਲ ਸਕੱਤਰ ਅਤੇ ਗੁਰਦੀਪ ਸਿੰਘ ਭੂਲਪੁਰ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਮਨ ਗਿੱਲ ਗੜ੍ਹਸ਼ੰਕਰ ਨੂੰ ਜਨਰਲ ਸਕੱਤਰ, ਭਵਨਦੀਪ ਸਿੰਘ ਖਾਲਸਾ ਸਰਾਈ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਅਮਰਜੀਤ ਸਿੰਘ ਸਕਰਾਲਾ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਜਗਦੀਪ ਸਿੰਘ ਜੱਗਾ ਪੰਡੋਰੀ ਮੱਲੀਆਂ ਅਤੇ ਅੰਮ੍ਰਿਤ ਚੱਕ ਗੁਜਰਾਂ ਨੂੰ ਮੀਤ ਪ੍ਰਧਾਨ, ਜਸਦੀਪ ਸਿੰਘ ਰਾਮਦਾਸਪੁਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਹਰਮਨ ਬਾਹਦ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜੋਤ ਸਿੰਘ ਚੱਬੇਵਾਲ ਨੂੰ ਸੀਨੀਅਰ ਮੀਤ ਪ੍ਰਧਾਨ, ਜ਼ੋਰਾਵਰ ਸਿੰਘ ਸ਼ੇਖੂਪੁਰ ਕਲਾਂ ਨੂੰ ਮੀਤ ਪ੍ਰਧਾਨ ਅਤੇ ਅਮਨ ਚਗਰ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਦੀਪਾ ਪੰਡੋਰੀ ਮੈਲ ਨੂੰ ਬੁੱਲੋਵਾਲ ਸਰਕਲ ਦਾ ਪ੍ਰਧਾਨ ਨਿਯੁਕਤ ਕਰਕੇ ਜਥੇਬੰਦਕ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ, ਸਤਵਿੰਦਰਪਾਲ ਸਿੰਘ ਢੱਟ, ਐਡਵੋਕੇਟ ਜਮਸ਼ੇਰ ਭਾਰਦਵਾਜ ਪ੍ਰਧਾਨ ਬਾਰ ਕੌਸਲ, ਸੰਮਤੀ ਮੈਂਬਰ ਅਮਨਦੀਪ ਸਿੰਘ ਹੁਸੈਨਪੁਰ, ਯੂਥ ਅਕਾਲੀ ਦਲ ਪੰਜਾਬ ਦੇ ਬੁਲਾਰੇ ਕਰਨ ਧੁੱਗਾ, ਜਨਰਲ ਸਕੱਤਰ ਮਨਪ੍ਰੀਤ ਸਿੰਘ, ਹੁਸ਼ਿਆਰਪੁਰ ਹਲਕੇ ਦੇ ਯੂਥ ਪ੍ਰਧਾਨ ਲੱਕੀ ਧੁੱਗਾ, ਜਸ਼ਨ ਗੁਰਈਆਂ ਅਤੇ ਅੰਮ੍ਰਿਤ ਸੈਨਪੁਰ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।
ਅੰਤ ਵਿੱਚ ਅਮਰਿੰਦਰ ਸਿੰਘ ਹੁਸੈਨਪੁਰ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਰੇ ਆਗੂ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੀਂ ਜਥੇਬੰਦੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੋੜਨ, ਲੋਕਾਂ ਦੀਆਂ ਮੁਸ਼ਕਲਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਫੋਟੋ ਅਜਮੇਰ ਦੀਵਾਨਾ
