ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਚਾਰ ਰੋਜ਼ਾ ਇੰਟਰ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਦਾ ਸ਼ਾਨਦਾਰ ਆਗਾਜ਼
ਕੁਲਵੰਤ ਸਿੰਘ ਆਈ.ਏ.ਐੱਸ. ਨੇ ਕੀਤਾ ਉਦਘਾਟਨ, ਵਿਜੇ ਸਾਂਪਲਾ ਨੇ ਵਿਰਾਸਤ ਨਾਲ ਜੁੜੇ ਰਹਿਣ ਲਈ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ

ਹੁਸ਼ਿਆਰਪੁਰ/ਮਾਹਿਲਪੁਰ, 11 ਨਵੰਬਰ (ਤਰਸੇਮ ਦੀਵਾਨਾ)
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਤ ਕਾਲਜਾਂ ਦੇ ਜ਼ੋਨਲ ਯੁਵਕ ਮੇਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਦੀ ਕਲਾ ਅਤੇ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਲਈ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਬੰਧਾਂ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਚਾਰ ਰੋਜ਼ਾ ਇੰਟਰ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ ਉਤਸ਼ਾਹ ਨਾਲ ਸ਼ੁਰੂ ਹੋ ਗਿਆ। ਉਦਘਾਟਨੀ ਸਮਾਰੋਹ ਵਿੱਚ ਡਾਇਰੈਕਟਰ ਡੀ.ਪੀ.ਆਈ. (ਕਾਲਜਾਂ) ਕੁਲਵੰਤ ਸਿੰਘ ਆਈ.ਏ.ਐੱਸ. ਨੇ ਮੁੱਖ ਮਹਿਮਾਨ ਵਜੋਂ ਮੇਲੇ ਦਾ ਉਦਘਾਟਨ ਕੀਤਾ, ਜਦਕਿ ਕਾਲਜ ਵਿਕਾਸ ਕੌਂਸਲ ਦੇ ਡੀਨ ਡਾ. ਰਵੀਇੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਸ ਮੌਕੇ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਜਨਰਲ ਸਕੱਤਰ ਪ੍ਰੋ. ਅਪਿੰਦਰ ਸਿੰਘ ਅਤੇ ਖਜ਼ਾਨਚੀ ਵੀਰਇੰਦਰ ਸ਼ਰਮਾ ਸਮੇਤ ਹੋਰ ਅਹੁਦੇਦਾਰ ਮੌਜੂਦ ਸਨ। ਸਮਾਗਮ ਦੀ ਸ਼ੁਰੂਆਤ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਦੇ ਰਸਭਿੰਨੇ ਗਾਇਨ ਨਾਲ ਕੀਤੀ ਗਈ।
ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਮਹਿਮਾਨਾਂ ਅਤੇ ਵੱਖ-ਵੱਖ ਕਾਲਜਾਂ ਤੋਂ ਆਏ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਕਲਾ ਦਿਖਾਉਣ ਦਾ ਵੱਡਾ ਮੰਚ ਹਨ। ਉਨ੍ਹਾਂ ਮੇਲੇ ਦੇ ਆਯੋਜਨ ਵਿੱਚ ਸਹਿਯੋਗ ਲਈ ਕਾਲਜ ਪ੍ਰਬੰਧਕੀ ਕਮੇਟੀ ਅਤੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਮੁੱਖ ਮਹਿਮਾਨ ਕੁਲਵੰਤ ਸਿੰਘ ਧੂਰੀ ਨੇ ਵਿਦਿਆਰਥੀਆਂ ਨੂੰ ਸੱਭਿਆਚਾਰਕ ਅਤੇ ਸਿਰਜਣਾਤਮਕ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਕਾਲਜ ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਡਾ. ਰਵੀਇੰਦਰ ਸਿੰਘ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਕਾਲਜ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਵਿਜੇ ਸਾਂਪਲਾ ਨੇ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਨੂੰ ਆਪਣੀ ਅਮੀਰ ਵਿਰਾਸਤ, ਸੱਭਿਆਚਾਰ ਅਤੇ ਰਵਾਇਤਾਂ ਨਾਲ ਜੋੜਨ ਦਾ ਅਹਿਮ ਸਾਧਨ ਹਨ। ਉਨ੍ਹਾਂ ਪ੍ਰਬੰਧਕੀ ਕਮੇਟੀ, ਪ੍ਰਿੰਸੀਪਲ ਅਤੇ ਸਟਾਫ ਨੂੰ ਇਸ ਆਯੋਜਨ ਲਈ ਵਧਾਈ ਦਿੱਤੀ।
ਮੁਕਾਬਲਿਆਂ ਵਿੱਚ ਭੰਗੜੇ ਦੇ ਮੁਕਾਬਲੇ ਦੌਰਾਨ ਜੀ.ਜੀ.ਐੱਨ. ਖਾਲਸਾ ਕਾਲਜ ਲੁਧਿਆਣਾ ਨੇ ਪਹਿਲਾ, ਖਾਲਸਾ ਕਾਲਜ ਚੰਡੀਗੜ੍ਹ ਅਤੇ ਸਰਕਾਰੀ ਕਾਲਜ ਲੁਧਿਆਣਾ ਨੇ ਸਾਂਝੇ ਤੌਰ ’ਤੇ ਦੂਜਾ, ਜਦਕਿ ਜੀ.ਜੀ.ਡੀ.ਐੱਸ.ਡੀ. ਕਾਲਜ ਚੰਡੀਗੜ੍ਹ ਨੇ ਤੀਜਾ ਸਥਾਨ ਹਾਸਲ ਕੀਤਾ। ਗਿੱਧੇ ਦੇ ਮੁਕਾਬਲੇ ਵਿੱਚ ਡੀ.ਏ.ਵੀ. ਕਾਲਜ ਚੰਡੀਗੜ੍ਹ ਪਹਿਲੇ, ਜੀ.ਜੀ.ਡੀ.ਐੱਸ.ਡੀ. ਕਾਲਜ ਚੰਡੀਗੜ੍ਹ ਦੂਜੇ ਅਤੇ ਦੇਵ ਸਮਾਜ ਕਾਲਜ ਫਿਰੋਜ਼ਪੁਰ, ਖਾਲਸਾ ਕਾਲਜ ਮਾਹਿਲਪੁਰ ਤੇ ਗਰਲਜ਼ ਕਾਲਜ ਬਾਦਲ ਸਾਂਝੇ ਤੌਰ ’ਤੇ ਤੀਜੇ ਸਥਾਨ ’ਤੇ ਰਹੇ। ਜੇਤੂ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
ਇਸ ਮੌਕੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਸੈਨੇਟ ਮੈਂਬਰ ਡਾ. ਜਗਤਾਰ ਸਿੰਘ, ਸੁਰਿੰਦਰ ਕੁਮਾਰ ਸ਼ਰਮਾ, ਕਪਿਲ ਕੁਮਾਰ ਸ਼ਰਮਾ, ਜਸਵੰਤ ਸਿੰਘ, ਲੋਕ ਗਾਇਕ ਜੱਗੀ ਅਮਰਗੜ੍ਹ, ਡਾ. ਜਸਵੰਤ ਸਿੰਘ ਥਿੰਦ, ਪ੍ਰਿੰਸੀਪਲ ਡਾ. ਰੋਹਤਾਂਸ਼, ਪ੍ਰਿੰਸੀਪਲ ਐੱਸ.ਐੱਸ. ਸੰਘਾ, ਜੀ.ਐੱਸ. ਕਾਲਕਟ, ਡਾ. ਵਿਕਰਾਂਤ ਸਿੰਘ ਰਾਣਾ, ਡਾ. ਆਰਤੀ ਸ਼ਰਮਾ, ਡਾ. ਰਾਕੇਸ਼ ਕੁਮਾਰ, ਡਾ. ਕੋਮਲ, ਪ੍ਰੋ. ਸੁਖਵਿੰਦਰ ਸਿੰਘ, ਰੁਪਿੰਦਰਜੋਤ ਬੱਬੂ, ਜਗਜੀਤ ਸਿੰਘ ਗਣੇਸ਼ਪੁਰ ਅਤੇ ਗੁਰਵਿੰਦਰ ਕੈਂਡੋਵਾਲ ਸਮੇਤ ਵੱਖ-ਵੱਖ ਕਾਲਜਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ ਅਜਮੇਰ ਦੀਵਾਨਾ
