ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ : ਮੋਹਿੰਦਰ ਭਗਤ
ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਲਈ ਪ੍ਰੇਰਿਆ
ਹੰਸ ਰਾਜ ਮਹਿਲਾ ਮਹਾਵਿਦਿਆਲਿਆ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਤੇ ਸਿੱਖਿਆਵਾਂ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਜਲੰਧਰ, 13 ਨਵੰਬਰ : ਸੁਨੀਲ ਕੁਮਾਰ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਇਥੇ ਹੰਸ ਰਾਜ ਮਹਿਲਾ ਮਹਾਵਿਦਿਆਲਿਆ ਵਿਖੇ ਗੁਰੂ ਜੀ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
ਸੈਮੀਨਾਰ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਪਵਿੱਤਰ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜੋ ਕਿ ਰਹਿੰਦੀ ਦੁਨੀਆ ਤੱਕ ਕੁੱਲ ਲੋਕਾਈ ਨੂੰ ਸਮਾਨਤਾ, ਸੇਵਾ ਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀ ਰਹੇਗੀ।
ਇਸ ਮੌਕੇ ਸੰਤ ਨਿਰਮਲ ਦਾਸ ਜੀ, ਮੁਖੀ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ (ਬਾਬੇ ਜੌੜੇ) ਰਾਏਪੁਰ-ਰਸੂਲਪੁਰ, ਸੰਤ ਸਤਵਿੰਦਰ ਸਿੰਘ ਹੀਰਾ ਜੀ, ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਚਰਨਛੋਹ ਸੱਚਖੰਡ ਬੇਗਮਪੁਰਾ, ਸ੍ਰੀ ਖੁਰਾਲਗੜ੍ਹ ਸਾਹਿਬ, ਭੈਣ ਸੰਤੋਸ਼ ਜੀ, ਸਕੱਤਰ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ (ਬਾਬੇ ਜੌੜੇ) ਰਾਏਪੁਰ-ਰਸੂਲਪੁਰ, ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪ ਲਾਲ ਰੂਪ, ਡਿਪਟੀ ਡਾਇਰੈਕਟਰ ਉੱਚ ਸਿੱਖਿਆ ਵਿਭਾਗ ਡਾ. ਨਵਦੀਪ ਸਿੰਘ ਅਤੇ ਕਾਲਜ ਦੇ ਪ੍ਰਿੰਸੀਪਲ ਏਕਤਾ ਖੋਸਲਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਸ਼੍ਰੀ ਭਗਤ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜਿਕ ਬਰਾਬਰੀ, ਆਪਸੀ ਪ੍ਰੇਮ, ਭਾਈਚਾਰੇ, ਸੱਚਾਈ ਅਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਵਿੱਚ ਕਿਰਤ ਦੀ ਮਹੱਤਤਾ ਅਤੇ ਮਿਹਨਤ ਕਰਨ ਦੇ ਸਿਧਾਂਤ ਨੂੰ ਵਿਸ਼ੇਸ਼ ਸਥਾਨ ਹਾਸਲ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਅਜਿਹੇ ਸਮਾਜ ਦਾ ਸੰਕਲਪ ਦਿੱਤਾ, ਜੋ ਸਮਾਨਤਾ, ਨਿਆਂ, ਦਿਆ ਤੇ ਆਪਸੀ ਸਨਮਾਨ ’ਤੇ ਆਧਾਰਿਤ ਹੋਵੇ। ਉਨ੍ਹਾਂ ਨੌਜਵਾਨ ਵਿਦਿਆਰਥਣਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਮਨੁੱਖੀ ਕਦਰਾਂ-ਕੀਮਤਾਂ ਨੂੰ ਹੋਰ ਡੂੰਘਾਈ ਨਾਲ ਸਮਝ ਸਕਣ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ, ਖਾਸ ਕਰ ਨਵੀਂ ਪੀੜ੍ਹੀ ਨੂੰ ਗੁਰੂ ਜੀ ਦੇ ਮਹਾਨ ਸੰਦੇਸ਼ਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਸਮਾਨਤਾ, ਸੇਵਾ ਤੇ ਮਨੁੱਖਤਾ ਦੇ ਸਿਧਾਂਤਾਂ ਨਾਲ ਜੋੜਨਾ ਹੈ।
ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਹਿੱਸੇ ਵਜੋਂ ਡੇਰਾ ਸੱਚਖੰਡ ਬੱਲਾਂ ਨੇੜੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਤਹਿਤ ਸੂਬਾ ਸਰਕਾਰ ਵੱਲੋਂ ਜਿਥੇ ਵਿੱਦਿਅਕ ਸੰਸਥਾਵਾਂ ’ਚ ਸੈਮੀਨਾਰਾਂ ਰਾਹੀਂ ਨੌਜਵਾਨਾਂ ਨੂੰ ਗੁਰੂ ਜੀ ਦੇ ਜੀਵਨ, ਫਲਸਫੇ ਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਉਥੇ ਵੱਖ-ਵੱਖ ਥਾਵਾਂ ’ਤੇ ਕੀਰਤਨ ਦਰਬਾਰ, ਡ੍ਰੋਨ ਸ਼ੋਅ ਵੀ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਮੋਬਾਇਲ ਵੈਨਾਂ ਰਾਹੀਂ ਸੂਬੇ ਦੇ ਪਿੰਡਾਂ ’ਚ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ ਵੀ ਦਿਖਾਈ ਜਾ ਰਹੀ ਹੈ।
ਇਸ ਮੌਕੇ ਸੰਤ ਨਿਰਮਲ ਦਾਸ ਜੀ ਨੇ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਵਿਦਿਆਰਥਣਾਂ ਨੂੰ ਮਿਹਨਤ ਨਾਲ ਪੜਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਤੇ ਉਪਦੇਸ਼ਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀਆਂ, ਕਾਲਜਾਂ ਵਿੱਚ ਅਜਿਹੇ ਸੈਮੀਨਾਰ ਕਰਵਾਉਣ ਨਾਲ ਨਵੀਂ ਪੀੜ੍ਹੀ ਨੂੰ ਗੁਰੂ ਜੀ ਦੀ ਵਿਚਾਰਧਾਰਾ ਨਾਲ ਜੁੜਨ ਦਾ ਮੌਕਾ ਮਿਲ ਰਿਹਾ ਹੈ।
ਸੰਤ ਸਤਵਿੰਦਰ ਸਿੰਘ ਹੀਰਾ ਜੀ ਨੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਬੁਰਾਈਆਂ ਦਾ ਤਿਆਗ ਕਰਕੇ ਗੁਣਾਂ ਅਤੇ ਗਿਆਨ ਨੂੰ ਗ੍ਰਹਿਣ ਕਰਨ ਦੀ ਅਪੀਲ ਕੀਤੀ।
ਭੈਣ ਸੰਤੋਸ਼ ਜੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜ ਵਿੱਚ ਗਿਆਨ, ਚੇਤਨਾ ਅਤੇ ਸਿੱਖਿਆ ਦੀ ਅਹਿਮੀਅਤ ਉੱਤੇ ਬਹੁਤ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥਣਾਂ ਨੂੰ ਉੱਚ ਸਿੱਖਿਆ ਹਾਸਲ ਕਰਕੇ ਰੌਸ਼ਨ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ।
ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪ ਲਾਲ ਰੂਪ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਲੋਕਾਈ ਨੂੰ ਉਪਦੇਸ਼ ਦੇਣ ਲਈ ਪੂਰੇ ਭਾਰਤ ਖਾਸ ਕਰ ਪੰਜਾਬ ਵਿੱਚ ਕੀਤੀਆਂ ਗਈਆਂ ਇਤਿਹਾਸਕ ਯਾਤਰਾਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।
ਇਸ ਤੋਂ ਪਹਿਲਾਂ ਪ੍ਰਿੰ. ਏਕਤਾ ਖੋਸਲਾ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਦਾ ਕਾਲਜ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਫ਼ਲਸਫ਼ੇ ਨੂੰ ਆਮ ਲੋਕਾਂ ਅਤੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਪ੍ਰੋ. ਕੁਲਜੀਤ ਕੌਰ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
