2027 ਦੀਆਂ ਚੋਣਾਂ ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨੀ ਤੈਅ, ਲੋਕ ਮੌਜੂਦਾ ਸਰਕਾਰ ਤੋਂ ਦੁਖੀ : ਪ੍ਰਗਟ ਸਿੰਘ
ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਚਿੰਤਾਜਨਕ, ਨਸ਼ਿਆਂ, ਮਾਈਨਿੰਗ, ਸਿੱਖਿਆ ਅਤੇ ਸਿਹਤ ਦੇ ਮੁੱਦਿਆਂ ’ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ


ਹੁਸ਼ਿਆਰਪੁਰ, 16 ਨਵੰਬਰ (ਤਰਸੇਮ ਦੀਵਾਨਾ) – ਪੰਜਾਬ ਵਿੱਚ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਅੱਜ ਹੁਸ਼ਿਆਰਪੁਰ ਵਿਖੇ ਵਿਸ਼ਾਲ ਰੈਲੀ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪ੍ਰਗਟ ਸਿੰਘ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ। ਰੈਲੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਸੱਤਾ ਵਿੱਚ ਲਿਆਉਣ ਲਈ ਉਤਸ਼ਾਹਿਤ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਕਾਨੂੰਨ ਦਾ ਰਾਜ ਸਥਾਪਤ ਕਰਨਾ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਲੋਕਤੰਤਰੀ ਪ੍ਰਣਾਲੀ ਨੂੰ ਨਜ਼ਰਅੰਦਾਜ਼ ਕੀਤਾ ਹੋਇਆ ਹੈ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ। ਮਾਈਨਿੰਗ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰਿਕਾਰਡ ਤਲਬ ਕੀਤਾ ਜਾਣਾ ਇਸ ਖੇਤਰ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਦੋਸ਼ ਲਾਇਆ ਕਿ ਉਹ ਸੂਬੇ ਦੇ ਹਿੱਤਾਂ ਦੀ ਬਜਾਏ ਦਿੱਲੀ ਦੇ ਆਗੂਆਂ ਦੇ ਪ੍ਰਭਾਵ ਹੇਠ ਕੰਮ ਕਰ ਰਹੇ ਹਨ।
ਪ੍ਰਗਟ ਸਿੰਘ ਨੇ ਪੰਜਾਬ ਦੀ ਮੌਜੂਦਾ ਸਥਿਤੀ ਦੀ ਤੁਲਨਾ ਜਰਮਨੀ ਦੇ ਹਿਟਲਰ ਦੇ ਸ਼ਾਸਨ ਨਾਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਉਸ ਸਮੇਂ ਲੋਕਤੰਤਰ ਨੂੰ ਕਮਜ਼ੋਰ ਕਰਕੇ ਦਮਨਕਾਰੀ ਨੀਤੀਆਂ ਅਪਣਾਈਆਂ ਗਈਆਂ ਸਨ, ਉਸੇ ਤਰ੍ਹਾਂ ਦੇ ਹਾਲਾਤ ਪੰਜਾਬ ਵਿੱਚ ਬਣਨ ਦੇ ਦੋਸ਼ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਮਜ਼ਬੂਤੀ ਨਾਲ ਸੰਘਰਸ਼ ਕਰਦੀ ਰਹੇਗੀ।
ਕਾਂਗਰਸ ਅੰਦਰ ਧੜੇਬੰਦੀ ਅਤੇ ਆਪਣੇ ਹੀ ਆਗੂਆਂ ਵੱਲੋਂ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਭਰੋਸਾ ਜਤਾਇਆ ਕਿ ਇਸ ਵਾਰ ਅਜਿਹੀ ਸਥਿਤੀ ਪੈਦਾ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਵਿਰੋਧ ਕਰਨ ਵਾਲਿਆਂ ਨੂੰ ਲੋਕ ਖੁਦ ਜਵਾਬ ਦੇਣਗੇ। ਉਨ੍ਹਾਂ ਅਨੁਸਾਰ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਕਾਂਗਰਸ ਇੱਕਜੁੱਟ ਹੈ।
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵਿਤ ਗਠਜੋੜ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਗਠਜੋੜ ਹੁੰਦਾ ਹੈ ਤਾਂ ਇਸ ਨਾਲ ਕਾਂਗਰਸ ਨੂੰ ਫਾਇਦਾ ਹੋਵੇਗਾ, ਕਿਉਂਕਿ ਕਿਸਾਨ ਅਜੇ ਤੱਕ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਭੁੱਲੇ ਨਹੀਂ ਹਨ। ਉਨ੍ਹਾਂ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਦੇਸ਼ ਅਤੇ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਿਆ ਹੈ।
ਸਿੱਖਿਆ ਨੀਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਦੱਖਣੀ ਭਾਰਤ ਦੇ ਕੁਝ ਸੂਬੇ ਕੌਮੀ ਸਿੱਖਿਆ ਨੀਤੀ ਨੂੰ ਰੱਦ ਕਰਨ ਦਾ ਫੈਸਲਾ ਕਰ ਸਕਦੇ ਹਨ ਤਾਂ ਪੰਜਾਬ ਸਰਕਾਰ ਵੀ ਇਸ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰੇ। ਉਨ੍ਹਾਂ ਪੰਜਾਬ ਦੇ ਡੈਮਾਂ ਦੀ ਸੁਰੱਖਿਆ ਅਤੇ ਸੰਭਾਲ ਲਈ ਵਿਸ਼ੇਸ਼ ਕਾਨੂੰਨ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਸੀ, ਉਸ ਸਮੇਂ ਅਧਿਕਾਰੀ ਵਰਗ ਵੀ ਚੁੱਪ ਰਿਹਾ।
ਰਣਜੀਤ ਸਿੰਘ ਤਰਖਾਣਮਾਜਰਾ ਨਾਲ ਸਬੰਧਤ ਮਾਮਲੇ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਇਸ ਨੂੰ ਕਾਂਗਰਸ ਪਾਰਟੀ ਦਾ ਅੰਦਰੂਨੀ ਮਾਮਲਾ ਦੱਸਦਿਆਂ ਕਿਹਾ ਕਿ ਇਸ ਨੂੰ ਆਪਸੀ ਵਿਚਾਰ-ਵਟਾਂਦਰੇ ਰਾਹੀਂ ਸੁਲਝਾ ਲਿਆ ਜਾਵੇਗਾ।
ਸਿਹਤ ਸੇਵਾਵਾਂ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ 16 ਮੈਡੀਕਲ ਕਾਲਜ ਸਥਾਪਤ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਅਜੇ ਤੱਕ ਇੱਕ ਵੀ ਮੈਡੀਕਲ ਕਾਲਜ ਸਥਾਪਤ ਨਹੀਂ ਹੋ ਸਕਿਆ। ਉਨ੍ਹਾਂ ਨਵਾਂਸ਼ਹਿਰ ਦੇ ਹਸਪਤਾਲ ਨੂੰ ਨਿੱਜੀ ਹੱਥਾਂ ਵਿੱਚ ਸੌਂਪੇ ਜਾਣ ਦੀਆਂ ਚਰਚਾਵਾਂ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।
ਨਸ਼ਿਆਂ ਦੇ ਮੁੱਦੇ ’ਤੇ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਸਰਹੱਦੀ ਖੇਤਰਾਂ ਵਿੱਚੋਂ ਨਸ਼ਿਆਂ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਸਰਹੱਦ ਤੋਂ 50 ਕਿਲੋਮੀਟਰ ਤੱਕ ਦੇ ਖੇਤਰ ਵਿੱਚ ਬੀਐੱਸਐੱਫ ਦੀ ਜ਼ਿੰਮੇਵਾਰੀ ਹੋਣ ਦੇ ਬਾਵਜੂਦ ਨਸ਼ਿਆਂ ਦੀ ਤਸਕਰੀ ਜਾਰੀ ਰਹਿਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਲਈ ਕੇਂਦਰ ਤੇ ਪੰਜਾਬ ਸਰਕਾਰ ਦੋਵੇਂ ਜਵਾਬਦੇਹ ਹਨ।
2027 ਦੀਆਂ ਚੋਣਾਂ ਲਈ ਟਿਕਟਾਂ ਦੀ ਵੰਡ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਇਸ ਸਬੰਧੀ ਪ੍ਰਕਿਰਿਆ ਜਾਰੀ ਹੈ। ਉਮੀਦਵਾਰਾਂ ਦੀ ਚੋਣ ਸਮੇਂ ਜਿੱਤਣ ਦੀ ਸਮਰੱਥਾ, ਸਾਫ਼ ਅਕਸ ਅਤੇ ਲੋਕਾਂ ਵਿੱਚ ਉਨ੍ਹਾਂ ਦੀ ਪਕੜ ਨੂੰ ਮੁੱਖ ਮਾਪਦੰਡ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨ ਅਤੇ ਤਜਰਬੇਕਾਰ ਆਗੂਆਂ ਵਿਚਕਾਰ ਸੰਤੁਲਨ ਕਾਇਮ ਰੱਖਦਿਆਂ ਟਿਕਟਾਂ ਦੀ ਵੰਡ ਕੀਤੀ ਜਾਵੇਗੀ।
ਇਸ ਮੌਕੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸਗਤ ਸਿੰਘ ਗਿਲਜੀਆਂ, ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ, ਯਾਮਿਨੀ ਗੋਮਰ, ਸਾਬਕਾ ਵਿਧਾਇਕ ਇੰਦੂਬਾਲਾ, ਪਵਨ ਕੁਮਾਰ ਆਦੀਆ, ਅਰੁਣ ਡੋਗਰਾ ਮਿੱਕੀ, ਲਵ ਕੁਮਾਰ ਗੋਲਡੀ, ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਡੈਲੀਗੇਟ ਰੋਹਿਤ ਜੋਸ਼ੀ, ਸੀਨੀਅਰ ਕਾਂਗਰਸੀ ਆਗੂ ਅਮਰਪਾਲ ਕਾਕਾ, ਐਡਵੋਕੇਟ ਰਣਜੀਤ ਸਿੰਘ ਕਿੱਟੀ, ਅਸ਼ੋਕ ਸੂਦ, ਹੈਪੀ ਅਤੇ ਅਸ਼ਵਨੀ ਸ਼ਰਮਾ ਸਮੇਤ ਹੋਰ ਕਈ ਆਗੂ ਤੇ ਵਰਕਰ ਹਾਜ਼ਰ ਸਨ।
ਫੋਟੋ ਅਜਮੇਰ ਦੀਵਾਨਾ
