**ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਸੰਕਲਪ ਯਾਤਰਾ ਦੇ ਸਮਾਗਮ ਵਿੱਚ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅਤੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਸਮੇਤ ਭਾਜਪਾ ਦੇ ਸੀਨੀਅਰ ਆਗੂ ਹੋਣਗੇ ਸ਼ਾਮਲ: ਰਾਕੇਸ਼ ਰਾਠੌਰ**
**ਰਾਸ਼ਟਰੀ ਅਤੇ ਸੂਬਾ ਲੀਡਰਸ਼ਿਪ ਦੇ ਆਗਮਨ ਨੂੰ ਲੈ ਕੇ ਸਮਾਗਮ ਵਾਲੀ ਥਾਂ ’ਤੇ ਤਿਆਰੀਆਂ ਦਾ ਲਿਆ ਜਾਇਜ਼ਾ, ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਸਬੰਧੀ ਕੀਤੀ ਵਿਸਥਾਰਪੂਰਵਕ ਚਰਚਾ**

**ਜਲੰਧਰ, ਸੁਨੀਲ ਕੁਮਾਰ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਆਯੋਜਿਤ ਹੋਣ ਵਾਲੀ ਸਮਰਸਤਾ ਸੰਕਲਪ ਯਾਤਰਾ ਦੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ।
ਇਸ ਮਹੱਤਵਪੂਰਨ ਸਮਾਗਮ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੇ ਹੋਰ ਸੀਨੀਅਰ ਰਾਸ਼ਟਰੀ ਅਤੇ ਸੂਬਾ ਪੱਧਰੀ ਆਗੂਆਂ ਦੇ ਪਹੁੰਚਣ ਦਾ ਪ੍ਰੋਗਰਾਮ ਹੈ। ਰਾਸ਼ਟਰੀ ਅਤੇ ਸੂਬਾ ਲੀਡਰਸ਼ਿਪ ਦੇ ਆਗਮਨ ਨੂੰ ਧਿਆਨ ਵਿੱਚ ਰੱਖਦਿਆਂ ਰਾਕੇਸ਼ ਰਾਠੌਰ ਨੇ ਸਮਾਗਮ ਵਾਲੀ ਥਾਂ ’ਤੇ ਤਿਆਰੀਆਂ ਅਤੇ ਪ੍ਰਬੰਧਾਂ ਦਾ ਵਿਸ਼ੇਸ਼ ਤੌਰ ’ਤੇ ਨਿਰੀਖਣ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਸੂਬਾ ਸਕੱਤਰ ਅਤੇ ਜ਼ਿਲ੍ਹਾ ਜਲੰਧਰ ਦੇ ਇੰਚਾਰਜ ਸੂਰਜ ਭਾਰਦਵਾਜ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਰਾਕੇਸ਼ ਰਾਠੌਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮਾਗਮ ਵਾਲੀ ਥਾਂ ਦਾ ਦੌਰਾ ਕਰਕੇ ਉੱਥੇ ਕੀਤੇ ਗਏ ਸਾਰੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨਾਲ ਸੁਰੱਖਿਆ ਪ੍ਰਬੰਧਾਂ, ਆਵਾਜਾਈ ਵਿਵਸਥਾ ਅਤੇ ਸਮਾਗਮ ਵਿੱਚ ਪਹੁੰਚਣ ਵਾਲੇ ਮਹਿਮਾਨਾਂ ਅਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ।
ਰਾਕੇਸ਼ ਰਾਠੌਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਰਾਸ਼ਟਰੀ ਪ੍ਰਧਾਨ, ਸੂਬਾ ਪ੍ਰਧਾਨ ਅਤੇ ਹੋਰ ਸੀਨੀਅਰ ਆਗੂਆਂ ਦੇ ਆਗਮਨ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਅਤੇ ਹੋਰ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ, ਤਾਂ ਜੋ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ, ਸੰਗਤ ਅਤੇ ਮਹਿਮਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਭਾਈਚਾਰੇ, ਸਮਾਜਿਕ ਸਮਰਸਤਾ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਦੇ ਵਿਚਾਰ ਅੱਜ ਵੀ ਸਮਾਜ ਨੂੰ ਇਕਜੁੱਟ ਕਰਨ ਅਤੇ ਭੇਦਭਾਵ ਰਹਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੇ ਹਨ।
ਰਾਕੇਸ਼ ਰਾਠੌਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਆਯੋਜਿਤ ਸਮਰਸਤਾ ਸੰਕਲਪ ਯਾਤਰਾ ਉਨ੍ਹਾਂ ਦੇ ਮਹਾਨ ਵਿਚਾਰਾਂ ਅਤੇ ਆਦਰਸ਼ਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਇੱਕ ਮਹੱਤਵਪੂਰਨ ਮੌਕਾ ਹੈ। ਭਾਜਪਾ ਦੀ ਰਾਸ਼ਟਰੀ ਅਤੇ ਸੂਬਾ ਲੀਡਰਸ਼ਿਪ ਵੀ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਗੁਰੂ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਾਰਿਆਂ ਦੇ ਸਹਿਯੋਗ ਨਾਲ ਇਹ ਸਮਾਗਮ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੇਗਾ।
