👉 *ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਜਲੰਧਰ ਤੋਂ 2,558 ਕਿਲੋਮੀਟਰ ਲੰਬੀ ‘ਸਮਰਸਤਾ ਸੰਕਲਪ ਯਾਤਰਾ’ ਨੂੰ ਦਿਖਾਉਣਗੇ ਹਰੀ ਝੰਡੀ*
ਜਲੰਧਰ: 17 ਨਵੰਬਰ, 2026/ ਸੁਨੀਲ ਕੁਮਾਰ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਅੱਜ ਜਲੰਧਰ ਤੋਂ ਦੇਸ਼ ਵਿਆਪੀ ‘ਸਮਰਸਤਾ ਸੰਕਲਪ ਯਾਤਰਾ’ ਨੂੰ ਰਸਮੀ ਤੌਰ ‘ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਨਾਲ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 16 ਦਿਨਾਂ ਦੀ 2,558 ਕਿਲੋਮੀਟਰ ਲੰਬੀ ਜਨ-ਸੰਪਰਕ ਯਾਤਰਾ ਦੀ ਸ਼ੁਰੂਆਤ ਹੋਵੇਗੀ।
ਇਹ ਯਾਤਰਾ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਡੇਰਾ ਸੱਚਖੰਡ ਬੱਲਾਂ ਦੇ ਨੇੜੇ ਸਥਿਤ ਪਿੰਡ ਰਾਏਪੁਰ ਤੋਂ ਸ਼ੁਰੂ ਹੋਵੇਗੀ ਅਤੇ 3 ਦਸੰਬਰ ਨੂੰ ਵਾਰਾਣਸੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪਵਿੱਤਰ ਜਨਮ ਅਸਥਾਨ ਸੀਰ ਗੋਵਰਧਨਪੁਰ ਵਿਖੇ ਸਮਾਪਤ ਹੋਵੇਗੀ।
➖ *ਸੱਤ ਸੂਬਿਆਂ ਵਿੱਚ ਜਨ-ਸੰਪਰਕ, ਦੋ ਕਰੋੜ ਲੋਕਾਂ ਤੱਕ ਪਹੁੰਚਣ ਦਾ ਟੀਚਾ*
ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਕੇਵਲ ਸਿੰਘ ਢਿੱਲੋਂ ਨੇ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਇਸ ਦਾ ਰੂਟ ਅਤੇ ਪ੍ਰੋਗਰਾਮ ਸਾਂਝਾ ਕਰਦਿਆਂ ਦੱਸਿਆ ਕਿ ‘ਸਮਰਸਤਾ ਸੰਕਲਪ ਯਾਤਰਾ’ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਸਿੱਖਿਆਵਾਂ ਅਤੇ ਬਰਾਬਰਤਾ, ਭਗਤੀ, ਸਮਾਜਿਕ ਏਕਤਾ ਅਤੇ ਮਾਨਵਤਾ ਦੇ ਸਦੀਵੀ ਸੰਦੇਸ਼ ਨੂੰ ਦੇਸ਼ ਭਰ ਦੇ ਦੋ ਕਰੋੜ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ।
ਇਹ ਯਾਤਰਾ ਸੱਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ—ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ 46 ਸ਼ਹਿਰਾਂ ਵਿੱਚੋਂ ਲੰਘੇਗੀ। ਇਸ ਦੌਰਾਨ ਰਸਤੇ ਵਿੱਚ 29 ਵੱਡੀਆਂ ਜਨ ਸਭਾਵਾਂ ਅਤੇ ਜ਼ਿਲ੍ਹਾ ਪੱਧਰ ਦੇ 27 ਪ੍ਰੋਗਰਾਮ ਕਰਵਾਏ ਜਾਣਗੇ।
➖ *ਪੰਜਾਬ ਵਿੱਚ ਪੰਜ ਦਿਨਾਂ ਦੌਰਾਨ 17 ਜ਼ਿਲ੍ਹਿਆਂ ਵਿੱਚੋਂ 700 ਕਿਲੋਮੀਟਰ ਦਾ ਸਫ਼ਰ*
ਪੰਜਾਬ ਵਿੱਚ ਇਹ ਯਾਤਰਾ ਅਗਲੇ ਪੰਜ ਦਿਨਾਂ ਦੌਰਾਨ 17 ਜ਼ਿਲ੍ਹਿਆਂ ਵਿੱਚੋਂ ਲੰਘਦਿਆਂ 700 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ ਅਤੇ ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਦਾਖ਼ਲ ਹੋਵੇਗੀ। ਅੱਜ ਜਲੰਧਰ ਤੋਂ ਸ਼ੁਰੂ ਹੋਣ ਵਾਲੀ ਇਹ ਯਾਤਰਾ ਹੇਠ ਲਿਖੇ ਇਲਾਕਿਆਂ ਵਿੱਚੋਂ ਗੁਜ਼ਰੇਗੀ:
ਦੋਆਬਾ ਅਤੇ ਮਾਝਾ ਖੇਤਰ: ਹੁਸ਼ਿਆਰਪੁਰ, ਮੁਕੇਰੀਆਂ, ਪਠਾਨਕੋਟ, ਬਟਾਲਾ, ਅੰਮ੍ਰਿਤਸਰ ਅਤੇ ਤਰਨਤਾਰਨ।
ਮਾਲਵਾ ਅਤੇ ਪੁਆਧ ਖੇਤਰ: ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਸੰਗਰੂਰ, ਲੁਧਿਆਣਾ, ਰੋਪੜ ਅਤੇ ਮੋਹਾਲੀ ਤੋਂ ਹੁੰਦੀ ਹੋਈ ਇਹ ਯਾਤਰਾ ਚੰਡੀਗੜ੍ਹ ਵਿੱਚ ਦਾਖ਼ਲ ਹੋਵੇਗੀ।
