ਬਿਜਲੀ ਮੁਲਾਜ਼ਮਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਸਰਕਾਰ ਅਤੇ ਪੀਐਸਪੀਸੀਐਲ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ : ਜਗਬੀਰ ਸਿੰਘ ਬਰਾੜ*

*ਬਿਜਲੀ ਮੁਲਾਜ਼ਮਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਸਰਕਾਰ ਅਤੇ ਪੀਐਸਪੀਸੀਐਲ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ : ਜਗਬੀਰ ਸਿੰਘ ਬਰਾੜ*

ਜਲੰਧਰ, 21 ਨਵੰਬਰ ( ਸੁਨੀਲ ਕੁਮਾਰ)

ਭਾਜਪਾ ਦੇ ਜਲੰਧਰ ਦਿਹਾਤੀ ਦੱਖਣੀ ਦੇ ਜ਼ਿਲ੍ਹਾ ਪ੍ਰਧਾਨ ਜਗਬੀਰ ਸਿੰਘ ਬਰਾੜ ਨੇ ਨਕੋਦਰ ਦੇ ਪਿੰਡ ਗੰਧਰਾਂ ਵਿਖੇ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਪੀਐਸਪੀਸੀਐਲ ਦੇ 34 ਸਾਲਾ ਮੁਲਾਜ਼ਮ ਸਤਵਿੰਦਰ ਸਿੰਘ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇੱਕ ਨੌਜਵਾਨ ਕਰਮਚਾਰੀ ਦਾ ਇਸ ਤਰ੍ਹਾਂ ਆਪਣੀ ਡਿਊਟੀ ਨਿਭਾਉਂਦਿਆਂ ਜਾਨ ਗੁਆਉਣਾ ਬੇਹੱਦ ਦੁਖਦਾਈ ਹੈ।

 

ਜਗਬੀਰ ਸਿੰਘ ਬਰਾੜ ਨੇ ਕਿਹਾ ਕਿ ਦੋਆਬਾ ਖੇਤਰ ਵਿੱਚ ਪਿਛਲੇ ਪੰਜ ਮਹੀਨਿਆਂ ਦੌਰਾਨ ਬਿਜਲੀ ਕਰੰਟ ਲੱਗਣ ਨਾਲ ਤਿੰਨ ਮੁਲਾਜ਼ਮਾਂ ਦੀ ਮੌਤ ਹੋਣਾ ਬਹੁਤ ਗੰਭੀਰ ਮਾਮਲਾ ਹੈ। ਇਹ ਹਾਦਸੇ ਬਿਜਲੀ ਵਿਭਾਗ ਅਤੇ ਪੀਐਸਪੀਸੀਐਲ ਵਿੱਚ ਮੁਲਾਜ਼ਮਾਂ ਦੀ ਸੁਰੱਖਿਆ ਦੇ ਪ੍ਰਬੰਧਾਂ ਬਾਰੇ ਕਈ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਹਾਦਸਿਆਂ ਨੂੰ ਸਿਰਫ਼ ਜਾਂਚ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਇਨ੍ਹਾਂ ਦੇ ਅਸਲ ਕਾਰਨਾਂ ਦੀ ਪਛਾਣ ਕਰਕੇ ਜ਼ਿੰਮੇਵਾਰੀ ਤੈਅ ਕਰਨੀ ਚਾਹੀਦੀ ਹੈ।

 

ਮੁਲਾਜ਼ਮ ਯੂਨੀਅਨ ਦੇ ਦਾਅਵੇ ਮੁਤਾਬਕ 2013 ਤੋਂ ਹੁਣ ਤੱਕ ਪੀਐਸਪੀਸੀਐਲ ਵਿੱਚ ਕੰਮ ਕਰਦੇ 300 ਤੋਂ ਵੱਧ ਸੀਐੱਚਬੀ ਮੁਲਾਜ਼ਮ ਬਿਜਲੀ ਲਾਈਨਾਂ ਦੀ ਮੁਰੰਮਤ ਦਾ ਕੰਮ ਕਰਦਿਆਂ ਕਰੰਟ ਲੱਗਣ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਹੁੰਦੀਆਂ ਹਨ।

 

ਉਨ੍ਹਾਂ ਸਵਾਲ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੱਸੇ ਕਿ ਡਿਊਟੀ ਦੌਰਾਨ ਮੁਲਾਜ਼ਮਾਂ ਦੀਆਂ ਕੀਮਤੀ ਜਾਨਾਂ ਦੀ ਸੁਰੱਖਿਆ ਲਈ ਹੁਣ ਤੱਕ ਕਿਹੜੇ ਠੋਸ ਕਦਮ ਚੁੱਕੇ ਗਏ ਹਨ? ਬਿਜਲੀ ਲਾਈਨਾਂ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸੁਰੱਖਿਆ ਉਪਕਰਨ, ਸਿਖਲਾਈ ਅਤੇ ਸੁਰੱਖਿਅਤ ਕਾਰਜ ਪ੍ਰਣਾਲੀ ਕਿਉਂ ਯਕੀਨੀ ਨਹੀਂ ਬਣਾਈ ਜਾ ਰਹੀ?

 

ਬਰਾੜ ਨੇ ਮੰਗ ਕੀਤੀ ਕਿ ਮ੍ਰਿਤਕ ਸਤਵਿੰਦਰ ਸਿੰਘ ਦੇ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ, ਬਣਦੇ ਬੀਮਾ ਲਾਭ ਅਤੇ ਪਰਿਵਾਰ ਦੇ ਭਵਿੱਖ ਦੀ ਸੁਰੱਖਿਆ ਲਈ ਆਰਥਿਕ ਸਹਾਇਤਾ ਦਿੱਤੀ ਜਾਵੇ। ਨਾਲ ਹੀ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।

Leave a Reply

Your email address will not be published. Required fields are marked *