ਜਲੰਧਰ ਵਿਖੇ ਐਨ.ਆਈ. ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ

ਜਲੰਧਰ ਵਿਖੇ ਐਨ.ਆਈ. ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ

5.74 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ 284 ਕੇਸਾਂ ਦਾ ਸਮਝੌਤੇ ਰਾਹੀਂ ਕੀਤਾ ਗਿਆ ਨਿਪਟਾਰਾ

ਜਲੰਧਰ, 21 ਨਵੰਬਰ : ਸੁਨੀਲ ਕੁਮਾਰ

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਪ੍ਰਿਆ ਸੂਦ ਦੀ ਯੋਗ ਅਗਵਾਈ ਹੇਠ ਅਤੇ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਹੁਲ ਕੁਮਾਰ ਦੇ ਸਰਗਰਮ ਯਤਨਾ ਸਦਕਾ ਅੱਜ ਜ਼ਿਲ੍ਹਾ ਹੈੱਡਕੁਆਰਟਰ ਜਲੰਧਰ, ਨਕੋਦਰ ਅਤੇ ਫਿਲੌਰ ਵਿਖੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ (Negotiable Instruments Act) ਦੀ ਧਾਰਾ 138 ਅਧੀਨ ਲੰਬਿਤ ਕੇਸਾਂ ਅਤੇ ਅਪੀਲਾਂ ਦੇ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਇੱਕ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ।

 

ਗਠਿਤ ਕੀਤੇ ਗਏ ਬੈਂਚਾਂ ਵਿੱਚ ਕੁੱਲ 1,530 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚ 8,16,60,429 ਰੁਪਏ ਦੀ ਰਾਸ਼ੀ ਸ਼ਾਮਲ ਸੀ। ਇਨ੍ਹਾਂ ਵਿੱਚੋਂ 284 ਕੇਸਾਂ ਦਾ ਆਪਸੀ ਸਮਝੌਤੇ ਰਾਹੀਂ ਸੁਖਾਵੇਂ ਮਾਹੌਲ ਵਿੱਚ ਨਿਪਟਾਰਾ ਕੀਤਾ ਗਿਆ, ਜਿਸ ਤਹਿਤ ਕੁੱਲ 5,74,89,338 ਰੁਪਏ ਦੀ ਰਾਸ਼ੀ ਦੇ ਸਮਝੌਤੇ ਹੋਏ ਅਤੇ ਮੁਕੱਦਮੇਬਾਜ਼ਾਂ ਨੂੰ ਤੇਜ਼ ਤੇ ਸਸਤਾ ਨਿਆਂ ਪ੍ਰਦਾਨ ਕੀਤਾ ਗਿਆ।

 

ਅੱਜ ਦੀ ਕਾਰਵਾਈ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਪ੍ਰਿਆ ਸੂਦ ਅਤੇ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਹੁਲ ਕੁਮਾਰ ਵੱਲੋਂ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਬੈਂਚ ਮੈਂਬਰਾਂ ਦੇ ਸਹਿਯੋਗ ਨਾਲ ਕੀਤੇ ਗਏ ਸਾਂਝੇ ਯਤਨਾਂ ਨੇ ਲੋਕ ਅਦਾਲਤ ਦੇ ਸੁਚਾਰੂ ਸੰਚਾਲਨ ਅਤੇ ਝਗੜਿਆਂ ਦੇ ਆਪਸੀ ਨਿਪਟਾਰੇ ਵਿੱਚ ਅਹਿਮ ਯੋਗਦਾਨ ਪਾਇਆ।

 

ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜ਼ੋਰ ਦਿੰਦਿਆਂ ਕਿਹਾ ਕਿ ਲੋਕ ਅਦਾਲਤਾਂ ਲੰਬੀ ਮੁਕੱਦਮੇਬਾਜ਼ੀ ਤੋਂ ਬਿਨਾਂ ਆਪਸੀ ਸਹਿਮਤੀ ਨਾਲ ਝਗੜਿਆਂ ਨੂੰ ਸੁਲਝਾਉਣ ਲਈ ਇੱਕ ਪ੍ਰਭਾਵਸ਼ਾਲੀ ਮੰਚ ਹਨ, ਜਿਸ ਨਾਲ ਸਾਰੀਆਂ ਸਬੰਧਤ ਧਿਰਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੁੰਦੀ ਹੈ। ਉਨ੍ਹਾਂ ਆਮ ਜਨਤਾ ਅਤੇ ਮੁਕੱਦਮੇਬਾਜ਼ਾਂ ਨੂੰ ਮਿਤੀ 12.12.2026 ਨੂੰ ਲੱਗਣ ਵਾਲੀ ਆਗਾਮੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਯੋਗ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣ ਲਈ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ।

Leave a Reply

Your email address will not be published. Required fields are marked *