ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਬਣਾਈ ਜ਼ਿਲ੍ਹਾ ਚੋਣ ਪ੍ਰਬੰਧਨ ਕਮੇਟੀ

ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਬਣਾਈ ਜ਼ਿਲ੍ਹਾ ਚੋਣ ਪ੍ਰਬੰਧਨ ਕਮੇਟੀ

ਸੰਜੀਵ ਤਲਵਾੜ ਵੱਲੋਂ ਸ਼ਮਸ਼ੇਰ ਭਾਰਦਵਾਜ ਨੂੰ ਕਮੇਟੀ ਦੀ ਕਮਾਨ ਸੌਂਪੀ, ਵੱਖ-ਵੱਖ ਹਲਕਿਆਂ ਅਤੇ ਜਥੇਬੰਦਕ ਇਕਾਈਆਂ ਦੇ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਹੁਸ਼ਿਆਰਪੁਰ, 24 ਨਵੰਬਰ (ਤਰਸੇਮ ਦੀਵਾਨਾ)

ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਪੱਧਰ ’ਤੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਚੋਣ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਵਿੱਚ ਤਾਲਮੇਲ ਬਣਾਈ ਰੱਖਣ ਲਈ ਜ਼ਿਲ੍ਹਾ ਚੋਣ ਪ੍ਰਬੰਧਨ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ ਨੇ ਦੱਸਿਆ ਕਿ ਕਮੇਟੀ ਦੀ ਅਗਵਾਈ ਦੀ ਜ਼ਿੰਮੇਵਾਰੀ ਬਾਰ ਕੌਂਸਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਰ.ਟੀ.ਆਈ. ਸੈੱਲ ਪੰਜਾਬ ਦੇ ਉਪ ਪ੍ਰਧਾਨ ਸ਼ਮਸ਼ੇਰ ਭਾਰਦਵਾਜ ਨੂੰ ਸੌਂਪੀ ਗਈ ਹੈ। ਇਸ ਦੇ ਨਾਲ ਹੀ ਜਗਤਾਰ ਸਿੰਘ ਨੂੰ ਚੋਣਾਂ ਸਬੰਧੀ ਸਰਕਾਰੀ ਅਧਿਕਾਰੀਆਂ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਨਾਲ ਤਾਲਮੇਲ ਬਣਾਈ ਰੱਖਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਕਮੇਟੀ ਵਿੱਚ ਹੁਸ਼ਿਆਰਪੁਰ ਦੇ ਰਿੰਕੂ ਬੇਦੀ ਗੜ੍ਹਸ਼ੰਕਰ, ਸਰਬਜੀਤ ਸਿੰਘ ਮੋਮੀ ਟਾਂਡਾ, ਹਨੂਮੰਤ ਸਿੰਘ ਰੱਜਤ ਠਾਕੁਰ ਮੁਕੇਰੀਆਂ ਅਤੇ ਭੁਪਿੰਦਰ ਨੀਲੂ ਦਸੂਹਾ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਕਮੇਟੀ ਵਿੱਚ ਮਹਿਲਾ ਵਿੰਗ ਦੀ ਸੂਬਾ ਸਕੱਤਰ ਨਿਤੀ ਤਲਵਾੜ, ਸੂਚਨਾ ਅਧਿਕਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸੂਰਜ ਸਿੰਘ, ਟਰਾਂਸਪੋਰਟ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ, ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਾਬੀ, ਉਦਯੋਗ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਪਰਮਾਰ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਜੀ ਬਾਜਵਾ ਨੂੰ ਮੈਂਬਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।

ਮਨਪ੍ਰੀਤ ਸੰਧੂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ ਲਈ ਬੇਹੱਦ ਮਹੱਤਵਪੂਰਨ ਹਨ ਅਤੇ ਇਨ੍ਹਾਂ ਚੋਣਾਂ ਵਿੱਚ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਹੁਣ ਤੋਂ ਹੀ ਸੁਚੱਜੀ ਯੋਜਨਾਬੰਦੀ ਅਤੇ ਜਥੇਬੰਦਕ ਮਜ਼ਬੂਤੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਵੱਲੋਂ ਚੋਣ ਤਿਆਰੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਆਗੂਆਂ ਅਤੇ ਵਰਕਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ, ਤਾਂ ਜੋ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Leave a Reply

Your email address will not be published. Required fields are marked *