ਆਪ ਸਰਕਾਰ ਨੇ ਪਿੰਡਾਂ ਦੇ ਵਿਕਾਸ ਨੂੰ ਲਾਇਆ ਗ੍ਰਹਿਣ, ਪੰਚਾਇਤਾਂ ਫੰਡਾਂ ਦੀ ਘਾਟ ਨਾਲ ਜੂਝਣ ਲਈ ਮਜਬੂਰ : ਸੁੰਦਰ ਸ਼ਾਮ ਅਰੋੜਾ

ਆਪ ਸਰਕਾਰ ਨੇ ਪਿੰਡਾਂ ਦੇ ਵਿਕਾਸ ਨੂੰ ਲਾਇਆ ਗ੍ਰਹਿਣ, ਪੰਚਾਇਤਾਂ ਫੰਡਾਂ ਦੀ ਘਾਟ ਨਾਲ ਜੂਝਣ ਲਈ ਮਜਬੂਰ : ਸੁੰਦਰ ਸ਼ਾਮ ਅਰੋੜਾ

ਪਿੰਡ ਨਾਰਾ ਵਿਖੇ ਕਾਂਗਰਸ ਦੀ ਵਿਸ਼ਾਲ ਜਨਸਭਾ, 2027 ਦੀਆਂ ਚੋਣਾਂ ਲਈ ਲੋਕਾਂ ਨਾਲ ਕੀਤਾ ਸਿੱਧਾ ਸੰਪਰਕ

ਹੁਸ਼ਿਆਰਪੁਰ, 26 ਨਵੰਬਰ (ਤਰਸੇਮ ਦੀਵਾਨਾ) –

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਪ੍ਰਤੀ ਅਪਣਾਈ ਜਾ ਰਹੀ ਕਥਿਤ ਅਣਗਹਿਲੀ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਸਰਕਾਰ ਨੂੰ ਘੇਰਦਿਆਂ ਪਿੰਡ ਨਾਰਾ ਵਿਖੇ ਵਿਸ਼ਾਲ ਜਨਸਭਾ ਕੀਤੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੇਂਡੂ ਵਿਕਾਸ ਦੀ ਰਫ਼ਤਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਪਿੰਡਾਂ ਦੀਆਂ ਪੰਚਾਇਤਾਂ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡਾਂ ਦੀ ਘਾਟ ਨਾਲ ਜੂਝ ਰਹੀਆਂ ਹਨ।

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਲੋੜੀਂਦੀਆਂ ਗ੍ਰਾਂਟਾਂ ਜਾਰੀ ਨਾ ਕੀਤੇ ਜਾਣ ਕਾਰਨ ਪੰਚਾਇਤਾਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਵਾਉਣ ਵਿੱਚ ਵੀ ਅਸਮਰੱਥ ਹੋ ਰਹੀਆਂ ਹਨ। ਪਿੰਡਾਂ ਦੀਆਂ ਗਲੀਆਂ, ਨਾਲੀਆਂ, ਸੜਕਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਨਾਲ ਸਬੰਧਤ ਕੰਮ ਲਟਕ ਰਹੇ ਹਨ, ਜਿਸ ਦਾ ਖ਼ਮਿਆਜ਼ਾ ਆਮ ਪਿੰਡ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ।

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੇਂਡੂ ਖੇਤਰਾਂ ਦਾ ਵਿਕਾਸ ਕਿਸੇ ਵੀ ਸੂਬੇ ਦੀ ਤਰੱਕੀ ਦਾ ਮੁੱਢਲਾ ਆਧਾਰ ਹੁੰਦਾ ਹੈ। ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਹੋਵੇ ਤਾਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਦਾਅਵੇ ਬੇਮਾਇਨੇ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਪੰਚਾਇਤਾਂ ਨੂੰ ਲੋੜੀਂਦੇ ਫੰਡ ਅਤੇ ਅਧਿਕਾਰ ਮੁਹੱਈਆ ਕਰਵਾਏ ਜਾਣ ਤਾਂ ਜੋ ਉਹ ਆਪਣੇ ਪੱਧਰ ‘ਤੇ ਪਿੰਡਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਸਕਣ।

ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ‘ਤੇ ਪੇਂਡੂ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਪਿੰਡਾਂ ਦੀਆਂ ਪੰਚਾਇਤਾਂ ਦੀਆਂ ਮੰਗਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਸੜਕਾਂ, ਗਲੀਆਂ, ਨਾਲੀਆਂ ਸਮੇਤ ਬੁਨਿਆਦੀ ਸਹੂਲਤਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਅੱਗੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਲੋਕਾਂ ਤੱਕ ਪਹੁੰਚ ਕਰ ਰਹੀ ਹੈ ਅਤੇ ਪਿੰਡਾਂ ਵਿੱਚ ਜਨਸੰਪਰਕ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਾਰਟੀ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਠੋਸ ਨੀਤੀਆਂ ਪੇਸ਼ ਕਰਨਾ ਹੈ।

ਇਸ ਮੌਕੇ ਸਰਪੰਚ ਗਗਨਦੀਪ ਕੌਰ, ਸਾਬਕਾ ਸਰਪੰਚ ਗੁਰਬਖਸ਼ ਰਾਮ, ਸਾਬਕਾ ਸਰਪੰਚ ਬਲਵਿੰਦਰ ਕੌਰ, ਪੰਚ ਕਮਲਜੀਤ ਕੌਰ, ਪੰਚ ਰਾਜਵਿੰਦਰ ਕੌਰ, ਪੰਚ ਸੁਖਵਿੰਦਰ ਕੌਰ, ਮੰਡਲ ਪ੍ਰਧਾਨ ਸੁਦੇਸ਼ ਕੁਮਾਰ, ਮੰਡਲ ਪ੍ਰਧਾਨ ਸੀਤਲ ਦਾਸ, ਗੁਰਬਚਨ ਦਾਸ, ਗੋਪਾਲ ਦਾਸ, ਸੁਖਵਿੰਦਰ ਕੁਮਾਰ, ਡਾ. ਕੁਲਦੀਪ ਸਿੰਘ ਬਲਾਕ ਪ੍ਰਧਾਨ ਦਿਹਾਤੀ, ਸੇਵਾਮੁਕਤ ਕੈਪਟਨ ਕਰਮ ਚੰਦ, ਸਰਪੰਚ ਕੁਲਦੀਪ ਅਰੋੜਾ, ਸਰਬਜੀਤ ਕੁਮਾਰ ਸੱਬੀ ਅਤੇ ਸਾਬਕਾ ਸਰਪੰਚ ਬਲਵਿੰਦਰ ਕੁਮਾਰ ਭੱਟੀ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਫੋਟੋ ਅਜਮੇਰ ਦੀਵਾਨਾ

Leave a Reply

Your email address will not be published. Required fields are marked *