ਪਿੰਡਾਂ ਦੇ ਵਿਕਾਸ ਤੋਂ ਮੂੰਹ ਮੋੜ ਰਹੀ ਹੈ ਪੰਜਾਬ ਸਰਕਾਰ, ਪੰਚਾਇਤਾਂ ਫੰਡਾਂ ਦੀ ਘਾਟ ਕਾਰਨ ਬੇਵੱਸ : ਸੁੰਦਰ ਸ਼ਾਮ ਅਰੋੜਾ

ਪਿੰਡਾਂ ਦੇ ਵਿਕਾਸ ਤੋਂ ਮੂੰਹ ਮੋੜ ਰਹੀ ਹੈ ਪੰਜਾਬ ਸਰਕਾਰ, ਪੰਚਾਇਤਾਂ ਫੰਡਾਂ ਦੀ ਘਾਟ ਕਾਰਨ ਬੇਵੱਸ : ਸੁੰਦਰ ਸ਼ਾਮ ਅਰੋੜਾ

ਪਿੰਡ ਨਾਰਾ ਵਿਖੇ ਕਾਂਗਰਸ ਦੀ ਵਿਸ਼ਾਲ ਜਨਸਭਾ, 2027 ਦੀਆਂ ਚੋਣਾਂ ਦੇ ਮੱਦੇਨਜ਼ਰ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਹੁਸ਼ਿਆਰਪੁਰ, 28 ਨਵੰਬਰ (ਤਰਸੇਮ ਦੀਵਾਨਾ)

ਪੰਜਾਬ ਵਿੱਚ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਪਿੰਡ ਨਾਰਾ ਵਿਖੇ ਕਾਂਗਰਸ ਪਾਰਟੀ ਵੱਲੋਂ ਇੱਕ ਵਿਸ਼ਾਲ ਜਨਸਭਾ ਕਰਵਾਈ ਗਈ, ਜਿਸ ਵਿੱਚ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪਿੰਡਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਮੁੱਦੇ ’ਤੇ ਘੇਰਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਦੇਖੀ ਕਾਰਨ ਪੇਂਡੂ ਵਿਕਾਸ ਦੀ ਰਫ਼ਤਾਰ ਪ੍ਰਭਾਵਿਤ ਹੋ ਰਹੀ ਹੈ ਅਤੇ ਪੰਚਾਇਤਾਂ ਨੂੰ ਆਪਣੇ ਪੱਧਰ ’ਤੇ ਵਿਕਾਸ ਕਾਰਜ ਕਰਵਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਨਸਭਾ ਨੂੰ ਸੰਬੋਧਨ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਨਹੀਂ ਕਰਵਾਏ ਜਾ ਰਹੇ। ਇਸ ਕਾਰਨ ਪੰਚਾਇਤਾਂ ਕੋਲ ਗਲੀਆਂ, ਨਾਲੀਆਂ, ਸੜਕਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਨਾਲ ਸਬੰਧਤ ਕੰਮ ਕਰਵਾਉਣ ਲਈ ਲੋੜੀਂਦੇ ਸਾਧਨ ਨਹੀਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਆਪਣੀਆਂ ਰੋਜ਼ਮਰ੍ਹਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਚਾਇਤਾਂ ਕੋਲ ਜਾਂਦੇ ਹਨ, ਪਰ ਫੰਡਾਂ ਦੀ ਘਾਟ ਕਾਰਨ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਦਾ ਰਾਹ ਪਿੰਡਾਂ ਦੇ ਵਿਕਾਸ ਵਿੱਚੋਂ ਹੋ ਕੇ ਲੰਘਦਾ ਹੈ। ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕੀਤੇ ਬਿਨਾਂ ਸੂਬੇ ਦੇ ਸਰਵਪੱਖੀ ਵਿਕਾਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਪਿੰਡਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਾਸਤੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।

ਸਾਬਕਾ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਸਮਝਣ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਦੀਆਂ ਮੰਗਾਂ, ਪੰਚਾਇਤਾਂ ਦੇ ਸੁਝਾਵਾਂ ਅਤੇ ਇਲਾਕੇ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਦੀ ਯੋਜਨਾ ਤਿਆਰ ਕੀਤੀ ਜਾਣੀ ਚਾਹੀਦੀ ਹੈ।

ਇਸ ਜਨਸਭਾ ਦੌਰਾਨ ਪਿੰਡ ਵਾਸੀਆਂ ਨੇ ਵੀ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ ਸਾਂਝੇ ਕੀਤੇ। ਸਮਾਗਮ ਵਿੱਚ ਸਰਪੰਚ ਗਗਨਦੀਪ ਕੌਰ, ਸਾਬਕਾ ਸਰਪੰਚ ਗੁਰਬਖਸ਼ ਰਾਮ, ਸਾਬਕਾ ਸਰਪੰਚ ਬਲਵਿੰਦਰ ਕੌਰ, ਪੰਚ ਕਮਲਜੀਤ ਕੌਰ, ਰਾਜਵਿੰਦਰ ਕੌਰ, ਸੁਖਵਿੰਦਰ ਕੌਰ, ਮੰਡਲ ਪ੍ਰਧਾਨ ਸੁਦੇਸ਼ ਕੁਮਾਰ, ਮੰਡਲ ਪ੍ਰਧਾਨ ਸੀਤਲ ਦਾਸ, ਗੁਰਬਚਨ ਦਾਸ, ਗੋਪਾਲ ਦਾਸ, ਸੁਖਵਿੰਦਰ ਕੁਮਾਰ, ਬਲਾਕ ਕਾਂਗਰਸ ਦਿਹਾਤੀ ਪ੍ਰਧਾਨ ਡਾ. ਕੁਲਦੀਪ ਸਿੰਘ, ਸੇਵਾਮੁਕਤ ਕੈਪਟਨ ਕਰਮ ਚੰਦ, ਸਰਪੰਚ ਕੁਲਦੀਪ ਅਰੋੜਾ, ਸਰਬਜੀਤ ਕੁਮਾਰ ਸੱਬੀ ਅਤੇ ਸਾਬਕਾ ਸਰਪੰਚ ਬਲਵਿੰਦਰ ਕੁਮਾਰ ਭੱਟੀ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *