ਬੇਕਸੂਰ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਐਸ.ਐਚ.ਓ. ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਤੁਰੰਤ ਬਰਖ਼ਾਸਤ ਕੀਤਾ ਜਾਵੇ : ਬੇਗਮਪੁਰਾ ਟਾਈਗਰ ਫੋਰਸ

ਬੇਕਸੂਰ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਐਸ.ਐਚ.ਓ. ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਤੁਰੰਤ ਬਰਖ਼ਾਸਤ ਕੀਤਾ ਜਾਵੇ : ਬੇਗਮਪੁਰਾ ਟਾਈਗਰ ਫੋਰਸ

ਜੀਰਾ ਵਿੱਚ 19 ਸਾਲਾ ਹਾਕੀ ਖਿਡਾਰੀ ਦੀ ਮੌਤ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ : ਬੀਰਪਾਲ, ਨੈਕੂ, ਹੈਪੀ, ਬੰਟੀ

ਹੁਸ਼ਿਆਰਪੁਰ, 28 ਨਵੰਬਰ (ਤਰਸੇਮ ਦੀਵਾਨਾ)

ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੋਰਸ ਦੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ, ਦੋਆਬਾ ਪ੍ਰਧਾਨ ਨੈਕੂ ਅਜਨੋਹਾ, ਜ਼ਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਅਤੇ ਹਲਕਾ ਸ਼ਾਮਚੁਰਾਸੀ ਦੇ ਪ੍ਰਧਾਨ ਬੰਟੀ ਹਰਿਆਣਾ ਨੇ ਜੀਰਾ ਵਿੱਚ 19 ਸਾਲਾ ਹਾਕੀ ਖਿਡਾਰੀ ਦੀ ਕਥਿਤ ਪੁਲਿਸ ਤਸ਼ੱਦਦ ਕਾਰਨ ਹੋਈ ਮੌਤ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਤੋਂ ਸਬੰਧਤ ਐਸ.ਐਚ.ਓ. ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਆਗੂਆਂ ਨੇ ਕਿਹਾ ਕਿ ਫੋਰਸ ਅਪਰਾਧੀਆਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ ਦਾ ਵਿਰੋਧ ਨਹੀਂ ਕਰਦੀ, ਸਗੋਂ ਸਮਾਜ ਵਿਰੋਧੀ ਅਨਸਰਾਂ ਅਤੇ ਗੰਭੀਰ ਅਪਰਾਧ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣਾ ਸਮੇਂ ਦੀ ਲੋੜ ਹੈ। ਪਰ ਜੇਕਰ ਕੁਝ ਪੁਲਿਸ ਅਧਿਕਾਰੀ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਬੇਕਸੂਰ ਨੌਜਵਾਨਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਲੈ ਕੇ ਉਨ੍ਹਾਂ ’ਤੇ ਅਣਮਨੁੱਖੀ ਤਸ਼ੱਦਦ ਕਰਦੇ ਹਨ ਤਾਂ ਅਜਿਹੀਆਂ ਘਟਨਾਵਾਂ ਬੇਹੱਦ ਨਿੰਦਣਯੋਗ ਹਨ।

ਉਨ੍ਹਾਂ ਦੋਸ਼ ਲਾਇਆ ਕਿ ਜੀਰਾ ਵਿੱਚ 12ਵੀਂ ਜਮਾਤ ਦੇ 19 ਸਾਲਾ ਹੋਣਹਾਰ ਹਾਕੀ ਖਿਡਾਰੀ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਬਿਨਾਂ ਕਿਸੇ ਠੋਸ ਸਬੂਤ ਦੇ ਹਿਰਾਸਤ ਵਿੱਚ ਲਿਆ ਗਿਆ ਅਤੇ ਪਰਿਵਾਰ ਦੇ ਦੋਸ਼ਾਂ ਅਨੁਸਾਰ ਥਾਣੇ ਵਿੱਚ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਆਗੂਆਂ ਨੇ ਕਿਹਾ ਕਿ ਕਿਸੇ ਵੀ ਦੋਸ਼ ਦੀ ਜਾਂਚ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੋਣੀ ਚਾਹੀਦੀ ਹੈ, ਨਾ ਕਿ ਹਿਰਾਸਤ ਵਿੱਚ ਤਸ਼ੱਦਦ ਕਰਕੇ।

ਉਨ੍ਹਾਂ ਕਿਹਾ ਕਿ ਇਲਾਜ ਦੌਰਾਨ ਨੌਜਵਾਨ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਹ ਮਾਮਲਾ ਸਿਰਫ਼ ਇੱਕ ਨੌਜਵਾਨ ਦੀ ਮੌਤ ਦਾ ਨਹੀਂ, ਸਗੋਂ ਪੁਲਿਸ ਹਿਰਾਸਤ ਵਿੱਚ ਮਨੁੱਖੀ ਅਧਿਕਾਰਾਂ ਅਤੇ ਕਾਨੂੰਨ ਦੀ ਪਾਲਣਾ ਨਾਲ ਜੁੜਿਆ ਗੰਭੀਰ ਮਾਮਲਾ ਹੈ।

ਬੀਰਪਾਲ ਠਰੋਲੀ ਅਤੇ ਹੈਪੀ ਫਤਿਹਗੜ੍ਹ ਨੇ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਵੇ। ਸਬੰਧਤ ਪੁਲਿਸ ਅਧਿਕਾਰੀਆਂ ਦੀ ਭੂਮਿਕਾ, ਹਿਰਾਸਤ ਦੌਰਾਨ ਹੋਏ ਕਥਿਤ ਤਸ਼ੱਦਦ ਅਤੇ ਨੌਜਵਾਨ ਦੀ ਮੌਤ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਜੇਕਰ ਦੋਸ਼ ਸਾਬਤ ਹੁੰਦੇ ਹਨ ਤਾਂ ਜ਼ਿੰਮੇਵਾਰ ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਆਗੂਆਂ ਨੇ ਕਿਹਾ ਕਿ ਕੁਝ ਅਧਿਕਾਰੀਆਂ ਦੀਆਂ ਕਥਿਤ ਗੈਰ-ਕਾਨੂੰਨੀ ਅਤੇ ਅਣਮਨੁੱਖੀ ਹਰਕਤਾਂ ਕਾਰਨ ਪੂਰੇ ਪੁਲਿਸ ਵਿਭਾਗ ਦਾ

ਅਕਸ ਖ਼ਰਾਬ ਹੁੰਦਾ ਹੈ। ਵਰਦੀ ਦਾ ਕੰਮ ਲੋਕਾਂ ਦੀ ਸੁਰੱਖਿਆ ਕਰਨਾ ਹੈ, ਨਾ ਕਿ ਤਾਕਤ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਦੀ ਜ਼ਿੰਦਗੀ ਨਾਲ ਖੇਡਣਾ। ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਪੀੜਤ ਪਰਿਵਾਰ ਦੇ ਨਾਲ ਖੜ੍ਹ ਕੇ ਇਨਸਾਫ਼ ਯਕੀਨੀ ਬਣਾਉਣਾ ਚਾਹੀਦਾ ਹੈ।

ਅੰਤ ਵਿੱਚ ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਜਿਹੀਆਂ ਘਟਨਾਵਾਂ ’ਤੇ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਲੋਕਾਂ ਦਾ ਕਾਨੂੰਨ ਅਤੇ ਪੁਲਿਸ ਪ੍ਰਸ਼ਾਸਨ ਤੋਂ ਭਰੋਸਾ ਉੱਠ ਸਕਦਾ ਹੈ। ਉਨ੍ਹਾਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਤੁਰੰਤ ਕਾਨੂੰਨੀ ਕਦਮ ਚੁੱਕਣ ਦੀ ਮੰਗ ਕੀਤੀ। ਇਸ ਮੌਕੇ ਬੇਗਮਪੁਰਾ ਟਾਈਗਰ ਫੋਰਸ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *