ਡਿਪਟੀ ਕਮਿਸ਼ਨਰ ਕਪੂਰਥਲਾ ਨੇ ਫਗਵਾੜਾ ਦੀ ਅਨਾਜ ਮੰਡੀ ‘ਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਕਪੂਰਥਲਾ ਨੇ ਫਗਵਾੜਾ ਦੀ ਅਨਾਜ ਮੰਡੀ ‘ਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਫਗਵਾੜਾ 5 ਅਕਤੂਬਰ (ਬਿਊਰੋ) ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ ਅੱਜ ਫਗਵਾੜਾ ਦੀ ਹੁਸ਼ਿਆਰਪੁਰ ਰੋਡ ’ਤੇ ਸਥਿਤ ਮੁੱਖ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਬੜੇ ਸੁਚੱਜੇ ਢੰਗ ਨਾਲ ਕੀਤੇ ਹਨ। ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਬਾਰਦਾਨੇ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਅਨੁਮਾਨ ਮੁਤਾਬਿਕ ਜਿੰਨੀ ਫਸਲ ਮੰਡੀਆਂ ਵਿੱਚ ਪੁੱਜਣ ਦੀ ਉਮੀਦ ਹੈ, ਉਸ ਤੋਂ ਵੱਧ ਬਾਰਦਾਨੇ ਦਾ ਪ੍ਰਬੰਧ ਕੀਤਾ ਗਿਆ ਹੈ। ਫਿਰ ਵੀ ਜੇਕਰ ਝਾੜ ਵੱਧ ਹੋਇਆ ਤਾਂ ਹੋਰ ਬਾਰਦਾਨੇ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਮੰਡੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਅਤੇ ਆੜ੍ਹਤੀਆਂ ਨੂੰ ਵੀ ਕਿਹਾ ਕਿ ਜੇਕਰ ਕਿਸੇ ਨੂੰ ਫੜ੍ਹ ਨਾਲ ਸਬੰਧਤ ਜਾਂ ਹੋਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਮਾਰਕੀਟ ਕਮੇਟੀ ਚੇਅਰਮੈਨ ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਸਮੱਸਿਆ ਦਾ ਸਹੀ ਹੱਲ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਉਨ੍ਹਾਂ ਦਾ ਮੰਡੀ ਵਿੱਚ ਪੁੱਜਣ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ਦਾ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਤਵਿੰਦਰ ਰਾਮ ਵੱਲੋਂ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ। ਚੇਅਰਮੈਨ ਤਵਿੰਦਰ ਰਾਮ ਨੇ ਦੱਸਿਆ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇਗਾ, ਜਿਸ ਸਬੰਧੀ ਖਰੀਦ ਏਜੰਸੀਆਂ ਨੂੰ ਝੋਨੇ ਦੀ ਲਿਫਟਿੰਗ ਪਾਰਦਰਸ਼ੀ ਅਤੇ ਨਿਰਪੱਖ ਪ੍ਰਣਾਲੀ ਰਾਹੀਂ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਬਲਾਕ ਪ੍ਰਧਾਨ ਮਨਮੋਹਨ ਸਿੰਘ, ਪ੍ਰਦੀਪ ਸਿੰਘ, ਹਰਪ੍ਰੀਤ ਸਿੰਘ, ਵਿਜੇ ਕੁਮਾਰ, ਪਵਨ ਕੁਮਾਰ ਤੋਂ ਇਲਾਵਾ ਮੰਡੀ ਦੇ ਸਮੂਹ ਆੜ੍ਹਤੀ, ਏਜੰਸੀਆਂ ਦੇ ਨੁਮਾਇੰਦੇ ਅਤੇ ਮੰਡੀ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

Leave a Reply

Your email address will not be published. Required fields are marked *