ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਕੌਂਸਲ ਨੂਰਮਹਿਲ ਦੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਜਲੰਧਰ : (Sunil Kumar)ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਕੌਂਸਲ ਨੂਰਮਹਿਲ ਦੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਐਸ.ਟੀ.ਪੀ. ਦੀ ਰਾਈਜ਼ਿੰਗ ਮੇਨ ਅਤੇ ਸੀਵਰੇਜ ਮਿਸਿੰਗ ਲਾਈਨਾਂ ਸਬੰਧੀ ਚੱਲ ਰਹੀ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਨਗਰ ਕੌਂਸਲ ਨੂਰਮਹਿਲ ਅਤੇ ਗ੍ਰੇਟਰ ਲੁਧਿਆਣਾ ਡਿਵੈਪਲਮੈਂਟ ਅਥਾਰਟੀ (ਗਲਾਡਾ) ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਗਲਾਡਾ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਹਿੱਤ ਦੇ ਮੱਦੇਨਜ਼ਰ ਰਾਈਜ਼ਿੰਗ ਮੇਨ ਦੇ ਕੰਮ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸੀਵਰੇਜ ਮਿਸਿੰਗ ਲਾਈਨਾਂ ਦੇ ਕੰਮ ਸਬੰਧੀ ਲਿਖਤੀ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ।
ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਈ ਅਤੇ ਇਸ ਪ੍ਰਾਜੈਕਟ ਨੂੰ ਜਲਦ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ’ਤੇ ਜ਼ੋਰ ਦਿੱਤਾ।
