ਈ.ਐਸ.ਆਈ.ਸਕੀਮ ਤਹਿਤ ਰਜਿਸਟਰਡ ਲਾਭਪਾਤਰੀਆਂ ਨੂੰ ਪਹਿਲੇ ਦਰਜੇ ਦੀਆਂ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਵਾਉਣ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ

ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਪਲਾਈਜ਼ ਸਟੇਟ ਇਨਸ਼ੋਰੈਂਸ (ਈ.ਐਸ.ਆਈ) ਹਸਪਤਾਲ ਜਲੰਧਰ ਨੂੰ ਹਦਾਇਤ ਕੀਤੀ ਕਿ ਈ.ਐਸ.ਆਈ.ਸਕੀਮ ਤਹਿਤ ਰਜਿਸਟਰਡ ਲਾਭਪਾਤਰੀਆਂ ਨੂੰ ਪਹਿਲੇ ਦਰਜੇ ਦੀਆਂ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਪ੍ਰਬੰਧਕਾਂ ਨਾਲ ਜਾਇਜ਼ਾ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਕੀਮ ਤਹਿਤ ਜ਼ਿਆਦਾਤਰ ਕਰਮਚਾਰੀ ਸਿਹਤ ਸਹੂਲਤਾਂ ਲਈ ਈ.ਐਸ.ਆਈ.ਹਸਪਤਾਲ ਅਤੇ ਡਿਸਪੈਂਸਰੀਆਂ ਉਤੇ ਨਿਰਭਰ ਕਰਦੇ ਹਨ। ਉਨ੍ਹਾਂ ਈ.ਐਸ.ਆਈ.ਹਸਪਤਾਲ ਦੀ ਮੈਡੀਕਲ ਸੁਪਰਡੰਟ ਡਾ. ਵੰਦਨਾ ਸਾਗਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਵਿਖੇ ਸਾਰੀਆਂ ਜ਼ਰੂਰੀ ਮੈਡੀਕਲ ਸੇਵਾਵਾਂ ਉਪਲੱਬਧ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਈ.ਐਸ.ਆਈ.ਹਸਪਤਾਲ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋੜ ਪੈਣ ’ਤੇ ਲੋੜਵੰਦ ਵਿਅਕਤੀ ਨੂੰ ਐਂਬੂਲੈਂਸ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਵਲ ਹਸਪਤਾਲ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨਾਲ ਤਾਲਮੇਲ ਰੱਖਿਆ ਜਾਵੇ।ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਯਮਿਤ ਤੌਰ ’ਤੇ ਮੈਡੀਕਲ ਸਹੂਲਤਾਂ ਮੁਹੱਈਆ ਅਤੇ ਹੋਰ ਮੁੱਦਿਆਂ ਦੇ ਹੱਲ ਲਈ ਨਿਯਮਿਤ ਤੌਰ ‘ਤੇ ਸਮੀਖਿਆ ਕੀਤੀ ਜਾਵੇਗੀ।
