ਚੰਡੀਗੜ੍ਹ ਪੰਜਾਬ ਦਾ ਅਟੁੱਟ ਅੰਗ ਹੈ , ਇਸਦੇ ਹੱਕਾ ਦੀ ਹਰ ਕੀਮਤ ਕਰਾਂਗੇ ਰੱਖਿਆ : ਤਲਵਾੜ

ਹੁਸ਼ਿਆਰਪੁਰ 23 ਨਵੰਬਰ ( ਤਰਸੇਮ ਦੀਵਾਨਾ ) – ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਪੰਜਾਬ ਤੋਂ ਪੂਰੀ ਤਰ੍ਹਾਂ ਵੱਖ ਕਰਕੇ ਇਸਨੂੰ ਇੱਕ ਆਮ ਕੇਂਦਰ ਸ਼ਾਸਤ ਪ੍ਰਦੇਸ਼ ਦੇ ਰੂਪ ਵਿੱਚ ਬਦਲਣ ਦੀ ਕੋਸ਼ਿਸ਼ ਸੰਵਿਧਾਨਿਕ ਨਿਯਮਾਂ ਅਤੇ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ ਹੈ। ਇਹਨਾਂ ਗੱਲਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਆਪਣੇ ਵੱਲੋ ਜਾਰੀ ਕੀਤੇ ਇੱਕ ਪ੍ਰੈਸ ਨੋਟ ਰਾਹੀ ਕੀਤਾ। ਉਹਨਾਂ ਕਿਹਾ ਕਿ ਪਾਰਲੀਮੈਂਟ ਦੇ ਆਉਣ ਵਾਲੇ ਸਰਦ ਰੁੱਤ ਇਜਲਾਸ ਵਿੱਚ ਲਿਆਂਦੇ ਜਾ ਰਹੇ 131ਵੇਂ ਸੰਵਿਧਾਨ ਸੋਧ ਬਿੱਲ ਰਾਹੀਂ ਚੰਡੀਗੜ੍ਹ ’ਤੇ ਪੰਜਾਬ ਦੇ ਜਾਇਜ਼ ਹੱਕ ਨੂੰ ਖਤਮ ਕਰਨ ਦੀ ਇਹ ਸਾਜ਼ਿਸ਼ ਕੀਤੀ ਜਾ ਰਹੀ ਹੈ ਹੈ ਜਿਸ ਨੂੰ ਬਿਲਕੁਲ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
ਤਲਵਾੜ ਨੇ ਕਿਹਾ ਕਿ ਸਮੇਂ ਸਮੇਂ ਤੇ ਕੇਂਦਰ ਸਰਕਾਰਾਂ ਵੱਲੋਂ ਗੈਰ-ਸੰਵਿਧਾਨਿਕ ਤਰੀਕਿਆਂ ਨਾਲ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰਹੀਆਂ ਹਨ। ਭਾਵੇਂ ਕਈ ਵਾਰ ਚੰਡੀਗੜ੍ਹ ਦੇ ਪੰਜਾਬ ਨਾਲ ਸੰਬੰਧਤ ਹੋਣ ਦੇ ਵਾਅਦੇ ਤਾਂ ਕੀਤੇ ਗਏ, ਪਰ ਹਰ ਵਾਰ ਇਹ ਵਾਅਦੇ ਤੋੜ ਕੇ ਨਵੀਆਂ ਅੜਚਣਾਂ ਖੜੀਆਂ ਕੀਤੀਆਂ ਗਈਆਂ। ਹੁਣ ਭਾਜਪਾ ਸਰਕਾਰ ਵੱਲੋਂ ਲਿਆਂਦਾ ਜਾ ਰਿਹਾ ਬਿੱਲ ਪੰਜਾਬ ਦੇ ਹੱਕਾਂ ਦੇ ਕਤਲ ਦੇ ਨਾਲ ਨਾਲ ਰਾਜਾਂ ਦੇ ਅਧਿਕਾਰਾਂ ਨੂੰ ਖ਼ਤਮ ਕਰਨ ਵੱਲ ਇਕ ਹੋਰ ਵੱਡਾ ਕਦਮ ਹੈ। ਤਲਵਾੜ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਇਸਨੂੰ ਪੰਜਾਬ ਤੋਂ ਖੋਹਣ ਦੀ ਕਿਸੇ ਵੀ ਸਾਜ਼ਿਸ਼ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ। ਇਹ ਬਿੱਲ ਕੇਵਲ ਤਕਨੀਕੀ ਜਾਂ ਪ੍ਰਸ਼ਾਸਕੀ ਤਬਦੀਲੀ ਨਹੀਂ, ਸਗੋਂ ਪੰਜਾਬ ਦੇ ਅਧਿਕਾਰਾਂ ’ਤੇ ਸਿੱਧਾ ਡਾਕਾ ਹੈ। ਤਲਵਾੜ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਇਹ ਕੋਸ਼ਿਸ਼ਾਂ ਨਾ ਕੇਵਲ ਪੰਜਾਬ, ਸਗੋਂ ਪੂਰੇ ਦੇਸ਼ ਦੀ ਏਕਤਾ ਅਤੇ ਭਰੋਸੇ ਨੂੰ ਨੁਕਸਾਨ ਪਹੁੰਚਾਉਣਗੀਆਂ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਇੱਕ ਅਟੁੱਟ ਅੰਗ ਹੈ ਅਤੇ ਇਸਦੇ ਹੱਕ ਦੀ ਰੱਖਿਆ ਲਈ ਹਰ ਪੱਧਰ ਉੱਤੇ ਆਵਾਜ ਬੁਲੰਦ ਕੀਤੀ ਜਾਵੇਗੀ।
