ਮਾਨ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਧਾਨ ਸਭਾ ਦਾ ਸੈਸ਼ਨ ਸੱਦ ਕੇ ਪੰਜਾਬ ਦੇ ਲੋਕਾਂ ਦਾ ਕਰੋੜਾਂ ਰੁਪਈਆ ਬਰਬਾਦ ਕੀਤਾ : ਬਰਿੰਦਰ ਸਿੰਘ ਪ੍ਰਮਾਰ

ਹੁਸ਼ਿਆਰਪੁਰ 26 ਨਵੰਬਰ ( ਤਰਸੇਮ ਦੀਵਾਨਾ ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਰਿੰਦਰ ਸਿੰਘ ਪਰਮਾਰ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਚ ਵਿਧਾਨ ਸਭਾ ਦਾ ਸੈਸ਼ਨ ਸੱਦ ਕੇ ਜਨਤਾ ਦੇ ਕਰੋੜਾਂ ਰੁਪਏ ਬਰਬਾਦ ਕਰਨ ਦੀ ਸਖ਼ਤ ਨਿਖੇਧੀ ਕੀਤੀ ! ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ‘ਤੇ ਕਰੋੜਾਂ ਰੁਪਏ ਖਰਚ ਕੇ ਇਸ ਪਵਿੱਤਰ ਦਿਹਾੜੇ ‘ਤੇ ਘਟੀਆ ਰਾਜਨੀਤੀ ਕਰਨ ਨੂੰ ਤਰਜੀਹ ਦਿੱਤੀ ਜਿਸਦਾ ਨਤੀਜਾ ਜੀਰੋ ਰਿਹਾ। ਉਹਨਾਂ ਕਿਹਾ ਕਿ ਇਹ ਸਭ ਕੁਝ ਇਕ ਟੈਂਟ ਮਾਲਕ ਨੂੰ ਬਿਜ਼ਨਸ ਦੇਣ ਵਾਸਤੇ ਕੀਤਾ ਗਿਆ। ਉਹਨਾਂ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਰਵੱਈਏ ਤੋ ਹੈਰਾਨ ਹਾ ਕਿ ਇਸਨੇ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਈਆਂ ਨੂੰ ਖੂਹ ਵਿੱਚ ਪਾ ਦਿੱਤਾ ! ਉਹਨਾਂ ਕਿਹਾ ਕਿ ਬਾਦਲ ਸਰਕਾਰ ਨੇ ਬੀਤੇ ਸਮੇਂ ਵਿਚ ਅਜਿਹੇ ਇਤਿਹਾਸਕ ਮੌਕਿਆਂ ਦਾ ਲਾਭ ਸੂਬੇ ਵਿਚ ਵੱਡੇ ਪ੍ਰਾਜੈਕਟ ਲਿਆਉਣ ਵਾਸਤੇ ਕੀਤਾ ਸੀ। ਉਹਨਾਂ ਕਿਹਾ ਕਿ 1999 ਵਿਚ 300ਵੇਂ ਖਾਲਸਾ ਸਾਜਣਾ ਦਿਵਸ ਮੌਕੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ 300 ਕਰੋੜ ਰੁਪਏ ਦੇ ਨਿਵੇਸ਼ ਨਾਲ ਵਿਰਾਸਤ ਏ ਖਾਲਸਾ ਦੀ ਸਥਾਪਨਾ ਕੀਤੀ ਸੀ । ਇਸੇ ਤਰੀਕੇ 22000 ਕਰੋੜ ਰੁਪਏ ਦੇ ਨਿਵੇਸ਼ ਨਾਲ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਬਠਿੰਡਾ ਵਿਚ ਸਥਾਪਿਤ ਕੀਤੀ ਗਈ ਸੀ । ਇਸੇ ਤਰੀਕੇ ਫਤਿਹਗੜ੍ਹ ਸਾਹਿਬ ਵਿਚ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਸੀ ।
ਉਹਨਾਂ ਕਿਹਾ ਕਿ ਦੂਜੇ ਪਾਸੇ ਆਪ ਸਰਕਾਰ ਨੇ ਇਸ ਮੌਕੇ ਜਨਤਾ ਦਾ ਪੈਸਾ ਬਰਬਾਦ ਕੀਤਾ ਅਤੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਾਸਤੇ ਘਟੀਆ ਰਾਜਨੀਤੀ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਦੀ ਇਹ ਡਰਾਮੇਬਾਜ਼ੀ ਕਦੇ ਨਹੀਂ ਭੁੱਲਣਗੇ ਅਤੇ ਲੋਕਾਂ ਦਾ ਪੈਸਾ ਲੁੱਟਣ ਵਾਲੀ ਆਮ ਆਦਮੀ ਪਾਰਟੀ ਨੂੰ ਕਰਾਰਾ ਸਬਕ ਸਿਖਾਉਣਗੇ।
